Jakhar invites Ashwani Sharma : ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਯੂਨੀਵਰਸਿਟੀ ਵਿਦਿਆਰਥੀਆਂ ਸਾਹਮਣੇ ਖੇਤੀ ਕਾਨੂੰਨਾਂ ਤੇ ਖੁੱਲੀ ਬਹਿਸ ਦਾ ਸੱਦਾ ਦਿੱਤਾ ਹੈ, ਜਿਸ ਨੂੰ ਖੇਤੀ ਅਰਥ ਸ਼ਾਸਤਰ ਦੇ ਕੋਈ ਪ੍ਰੋਫਸਰ ਵੱਲੋਂ ਸੰਚਾਲਿਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਬਹਿਸ ਪੰਜਾਬ ਖੇਤੀਬਾੜੀ ਯੁਨੀਵਰਿਸਟੀ ਲੁਧਿਆਣਾ, ਗੁਰੂ ਨਾਨਕ ਦੇਵ ਯੁਨੀਵਰਸਿਟੀ ਸ੍ਰੀ ਅੰਮ੍ਰਿਤਸਰ ਸਾਹਿਬ ਜਾਂ ਪੰਜਾਬੀ ਯੁਨੀਵਰਸਿਟੀ ਪਟਿਆਲਾ ਵਿਚ ਕਿਤੇ ਵੀ ਕਰਵਾਈ ਜਾ ਸਕਦੀ ਹੈ।
ਇਸ ਬਹਿਸ ਦੌਰਾਨ ਉਹ ਅਤੇ ਭਾਜਪਾ ਪ੍ਰਧਾਨ ਆਪਣੇ-ਆਪਣੇ ਵਿਚਾਰ ਇੰਨਾ ਖੇਤੀ ਕਾਨੂੰਨਾਂ ਬਾਬਤ ਯੂਨੀਵਰਸਿਟੀ ਵਿਦਿਆਰਥੀਆਂ ਅਤੇ ਪ੍ਰੋਫੈਸਰਾਂ ਸਾਹਮਣੇ ਰੱਖਣ ਅਤੇ ਨਵੀਂ ਪੀੜੀ ਦੇ ਨੌਜਵਾਨ ਖੁਦ ਫੈਸਲਾ ਕਰਨ ਕਿ ਕੌਣ ਸਹੀ ਹੈ ਅਤੇ ਕੌਣ ਗਲਤ ਹੈ। ਜਾਖੜ ਨੇ ਕਿਹਾ ਕਿ ਇੰਨਾਂ ਕਾਲੇ ਕਾਨੂੰਨਾਂ ਕਾਰਨ ਸਿਰਫ ਪੰਜਾਬ ਨਹੀਂ ਬਲਕਿ ਪੂਰੇ ਦੇਸ਼ ਦੀ ਅਰਥਵਿਵਸਥਾ ਅਤੇ ਕਿਸਾਨੀ ਦਾ ਭਵਿੱਖ ਜੁੜਿਆ ਹੋਇਆ ਹੈ ਇਸ ਲਈ ਸਭ ਨੂੰ ਇਕਜੁੱਟ ਹੋ ਕੇ ਇੰਨਾਂ ਖਿਲਾਫ ਲੜਾਈ ਲੜਨੀ ਚਾਹੀਦੀ ਹੈ। ਉਨਾਂ ਕਿਹਾ ਕਿ ਇੰਨਾਂ ਕਾਨੂੰਨਾਂ ਦਾ ਮਾਰੂ ਅਸਰ ਸਿਰਫ ਪੰਜਾਬ ਨਹੀਂ ਸਗੋਂ ਹਰਿਆਣਾ ਸਮੇਤ ਦੇਸ਼ ਦੇ ਸਾਰੇ ਸੂਬਿਆਂ ਦੇ ਕਿਸਾਨਾਂ ਤੇ ਪਵੇਗਾ।
ਤੁਹਾਨੂੰ ਦੱਸ ਦੇਈਏ ਕਿ ਜਦੋਂ ਤੋਂ ਇਹ ਤਿੰਨੋਂ ਕਾਨੂੰਨ ਸੰਸਦ ਦੁਆਰਾ ਪਾਸ ਕੀਤੇ ਗਏ ਹਨ, ਇਸ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਨਵੇਂ ਖੇਤੀਬਾੜੀ ਕਾਨੂੰਨਾਂ ਨੇ ਮੰਡੀ ਦੇ ਬਾਹਰ ਫਸਲਾਂ ਦੀ ਵਿਕਰੀ ਦੀ ਖੁੱਲੀ ਛੋਟ, ਨਿੱਜੀ ਖੇਤੀ ਨੂੰ ਉਤਸ਼ਾਹਤ ਕਰਨ ਵਰਗੇ ਪ੍ਰਸਤਾਵ ਪੇਸ਼ ਕੀਤੇ ਹਨ। ਇਸ ਦੇ ਨਾਲ ਹੀ ਕਈ ਖੇਤੀਬਾੜੀ ਸੰਸਥਾਵਾਂ ਅਤੇ ਰਾਜਨੀਤਿਕ ਪਾਰਟੀਆਂ ਇਨ੍ਹਾਂ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਕਰਾਰ ਦੇ ਰਹੀਆਂ ਹਨ। ਇਸ ਦੇ ਨਾਲ ਹੀ ਕਿਸਾਨਾਂ ਵਿੱਚ ਇਹ ਡਰ ਵੀ ਪੈਦਾ ਹੋਇਆ ਹੈ ਕਿ ਇਹ ਕਾਨੂੰਨ ਐਮਐਸਪੀ ਪ੍ਰਣਾਲੀ ਨੂੰ ਖਤਮ ਕਰ ਦੇਵੇਗਾ। ਦੂਜੇ ਪਾਸੇ, ਸਰਕਾਰ ਦਾ ਕਹਿਣਾ ਹੈ ਕਿ ਇਹ ਗਲਤ ਹੈ, ਐਮਐਸਪੀ ਸਿਸਟਮ ਜਾਰੀ ਰਹੇਗਾ। ਇਸ ਨੂੰ ਲੈ ਕੇ ਬੀਤੇ ਦਿਨ ਕੇਂਦਰ ਸਰਕਾਰ ਦੇ ਸੱਦੇ ’ਤੇ ਕਿਸਾਨਾਂ ਨੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ, ਜਿਸ ਵਿੱਚ ਸਿਰਫ ਉਨ੍ਹਾਂ ਨੂੰ ਕਾਨੂੰਨਾਂ ਬਾਰੇ ਸਮਝਾਇਆ ਗਿਆ ਅਤੇ ਉਨ੍ਹਾਂ ਦਾ ਕੋਈ ਪੱਖ ਨਹੀਂ ਸੁਣਿਆ ਗਿਆ, ਜਿਸ ਤੋਂ ਰੋਸ ਵਿੱਚ ਆਏ ਕਿਸਾਨ ਮੀਟਿੰਗ ਦੇ ਵਿੱਚੋਂ ਹੀ ਉਠ ਕੇ ਬਾਹਰ ਆ ਗਏ ਅਤੇ ਇਸ ਦਾ ਵਿਰੋਧ ਕੀਤਾ। ਉਥੇ ਪੰਜਾਬ ਵਿੱਚ ਕਿਸਾਨਾਂ ਵੱਲੋਂ ਭਾਜਪਾ ਨੇਤਾਵਾਂ ਤੇ ਮੰਤਰੀਆਂ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਹੈ ਕਿ ਜੇਕਰ ਕੋਈ ਵੀ ਭਾਜਪਾ ਨੇਤਾ ਜਾਂ ਮੰਤਰੀ ਪੰਜਾਬ ਆਉਂਦਾ ਹੈ ਤਾਂ ਉਸ ਦਾ ਘੇਰਾਅ ਕੀਤਾ ਜਾਏਗਾ।