Captain to lay : ਪਟਿਆਲਾ ਵਿਖੇ 60 ਕਰੋੜ ਦੀ ਲਾਗਤ ਨਾਲ ਨਵਾਂ ਆਧੁਨਿਕ ਬੱਸ ਸਟੈਂਡ ਉਸਾਰਿਆ ਜਾ ਰਿਹਾ ਹੈ ਅਤੇ ਇਸ ਦਾ ਨੀਂਹ ਪੱਥਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰੱਖਿਆ ਜਾਵੇਗਾ। ਇਹ ਜਾਣਕਾਰੀ ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ ਨੇ ਦਿੱਤੀ। ਇਹ ਗੱਲ ਉਨ੍ਹਾਂ ਨੇ ਚੰਡੀਗੜ੍ਹ ਵਿਖੇ ਹੋਈ PRTC ਦੇ ਬੋਰਡ ਆਫ ਡਾਇਰੈਕਟਰਜ਼ ਦੀ 238ਵੀਂ ਮੀਟਿੰਗ ਦੌਰਾਨ ਦੱਸੀ। ਮੀਟਿੰਗ ਦੀ ਕਾਰਵਾਈ ਬਾਰੇ ਪਟਿਆਲਾ ਵਿਖੇ ਜਾਣਕਾਰੀ ਦਿੰਦਿਆਂ ਚੇਅਰਮੈਨ ਸ਼ਰਮਾ ਨੇ ਦੱਸਿਆ ਕਿ ਪੀ.ਆਰ.ਟੀ.ਸੀ ਦੇ ਨਵੇਂ ਆਧੁਨਿਕ ਬੱਸ ਸਟੈਂਡ ਦੀ ਉਸਾਰੀ ਲਈ ਜਲਦ ਹੀ ਟੈਂਡਰ ਪ੍ਰਕਿਰਿਆ ਨੂੰ ਅੰਤਰਿਮ ਰੂਪ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।
ਕੇ. ਕੇ. ਸ਼ਰਮਾ ਨੇ ਦੱਸਿਆ ਕਿ ਪੀ.ਆਰ.ਟੀ.ਸੀ. ਵੱਲੋਂ ਆਪਣੀਆਂ ਸਾਰੀਆਂ ਸਾਧਾਰਨ ਬੱਸਾਂ ਦਿੱਲੀ, ਜੈਪੁਰ, ਅਜਮੇਰ, ਮਨਾਲੀ, ਸ਼ਿਮਲਾ, ਹਰਿਦੁਆਰ ਆਦਿ ਰੂਟਾਂ ‘ਤੇ ਚੱਲਾ ਦਿੱਤੀਆਂ ਗਈਆਂ ਹਨ । ਉਨ੍ਹਾਂ ਦੱਸਿਆ ਕਿ ਬੋਰਡ ਨੇ ਆਸ ਕੀਤੀ ਕਿ ਆਉਣ ਵਾਲੇ ਸਮੇਂ ਵਿੱਚ ਇਸ ਨਾਲ ਪੀ.ਆਰ.ਟੀ.ਸੀ ਦੀ ਵਿੱਤੀ ਹਾਲਤ ਵਿੱਚ ਸੁਧਾਰ ਹੋਵੇਗਾ। ਇਸ ਮੀਟਿੰਗ ਦੌਰਾਨ ਕੋਵਿਡ-19 ਦੌਰਾਨ ਆਪਣੀ ਡਿਊਟੀ ਤਨਦੇਹੀ ਨਾਲ ਕਰਨ ਵਾਲੇ ਪੀ.ਆਰ.ਟੀ.ਸੀ. ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ ਗਈ। ਇਸ ਦੇ ਨਾਲ ਹੀ ਪਿਛਲੇ ਇੱਕ ਸਾਲ ਦਾ ਵਿੱਤੀ ਲੇਖਾ-ਜੋਖਾ ਅਤੇ ਆਉਣ ਵਾਲੇ ਸਮੇਂ ਲਈ ਬਜਟ ਆਦਿ ਏਜੰਡਿਆਂ ਨੂੰ ਵਿਚਾਰਿਆ ਗਿਆ। ਮੀਟਿੰਗ ਦੌਰਾਨ ਬੋਰਡ ਆਫ਼ ਡਾਇਰੈਕਟਰਜ਼ ਦੇ ਮੈਂਬਰ ਅਤੇ ਅਧਿਕਾਰੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਅਦਾਰੇ ਵਿੱਚ ਨਿਗਰਾਨ ਅਮਲੇ ਦੀ ਕਮੀ ਨੂੰ ਵੇਖਦਿਆਂ ਸਬਧੰਤ ਰੂਲਾਂ/ਨਿਯਮਾਂ ਵਿੱਚ ਸੋਧ ਕਰਨ ਉਪਰੰਤ ਅਤੇ ਸਰਕਾਰ ਦੀ ਪ੍ਰਵਾਨਗੀ ਲੈਣ ਉਪਰੰਤ ਭਰਤੀ ਵਾਸਤੇ ਅਖਬਾਰ ਵਿਚ ਇਸ਼ਤਿਹਾਰ ਦੇਣ ਦੀ ਇਜਾਜ਼ਤ ਵੀ ਮਿਲ ਗਈ ਹੈ।