Concerned over farmers : ਚੰਡੀਗੜ੍ਹ : ਖੇਤੀ ਕਾਨੂੰਨਾਂ ਖਿਲਾਫ ਪੰਜਾਬ ਦੇ 29 ਕਿਸਾਨ ਸੰਗਠਨ ਰੇਲ ਰੋਕੋ ਅੰਦੋਲਨ ਨੂੰ ਖਤਮ ਕਰਨ ਨੂੰ ਨਹੀਂ ਮੰਨ ਰਹੇ। ਕਿਸਾਨ ਸੰਗਠਨਾਂ ਨੇ ਵੀਰਵਾਰ ਨੂੰ ਚੰਡੀਗੜ੍ਹ ‘ਚ ਹੋਈ ਬੈਠਕ ‘ਚ ਰੇਲ ਰੋਕੋ ਅੰਦੋਲਨ ਨੂੰ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਇਸ ਨਾਲ ਪੰਜਾਬ ਸਰਕਾਰ ਤੇ ਲੋਕਾਂ ਦੀਆਂ ਮੁਸ਼ਕਲਾਂ ਵਧਣਗੀਆਂ। ਸੂਬੇ ‘ਚ ਇਸ ਕਾਰਨ ਬਿਜਲੀ ਸੰਕਟ ਪੈਦਾ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ‘ਤੇ ਚਿੰਤਾ ਪ੍ਰਗਟਾਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ‘ਚ ਇਸ ਸਮੇਂ ਕੋਲੇ ਦੀ ਕਮੀ ਬਹੁਤ ਵੱਡੀ ਸਮੱਸਿਆ ਬਣ ਗਈ ਹੈ। ਇਸ ਕਾਰਨ ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਦੋ ਤੇ ਤਰਨਤਾਰਨ ਦੇ ਜੀਵੀਕੇ ਪਲਾਂਟ ਦਾ ਇੱਕ ਯੂਨਿਟ ਬੰਦ ਹੋ ਚੁੱਕਾ ਹੈ। ਪੰਜਾਬ ਇਸ ਸਮੇਂ ਬਿਜਲੀ ਦੀ ਕਮੀ ਨਾਲ ਜੂਝ ਰਿਹਾ ਹੈ।
Ask Captain ਪ੍ਰੋਗਰਾਮ ਦੌਰਾਨ ਇੱਕ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਸਰਕਾਰ ਦੇ ਤਿੰਨ ਮੰਤਰੀ ਰੇਲ ਰੋਕੋ ਅੰਦੋਲਨ ‘ਚ ਢਿੱਲ ਦੇਣ ਲਈ ਕਿਸਾਨ ਸੰਗਠਨਾਂ ਨਾਲ ਗੱਲਬਾਤ ਕਰ ਰਹੇ ਹਨ। ਬਠਿੰਡਾ ਦੇ ਰਹਿਣ ਵਾਲੇ ਇੱਕ ਵਿਅਕਤੀ ਦੇ ਸਵਾਲ ਦੇ ਜਵਾਬ ‘ਚ ਕੈਪਟਨ ਨੇ ਕਿਹਾ ਕਿ ਪੰਜਾਬ ਯੂਰੀਆ ਅਤੇ ਕੋਲੇ ਦੀ ਕਮੀ ਦਾ ਸਾਹਮਣਾ ਕਰ ਰਿਹਾ ਹੈ। ਗੋਦਾਮਾਂ ਤੋਂ ਅਨਾਜ ਚੁੱਕਣ ਦੀ ਤੁਰੰਤ ਲੋੜ ਹੈ। ਉਨ੍ਹਾਂ ਕਿਹਾ ਕਿ ਮੈਨੂੰ ਇੱਕ ਸੁਝਾਅ ਮਿਲਿਆ ਕਿ ਨੈਸ਼ਨਲ ਗਰਿੱਡ ਨਾਲ ਬਿਜਲੀ ਖਰੀਦ ਲੈਣੀ ਚਾਹੀਦੀ ਹੈ ਪਰ ਇਸ ਲਈ ਪੈਸਾ ਨਹੀਂ ਹੈ। ਸੂਬਾ ਸਰਕਾਰ ਕਿਸਾਨਾਂ ਨੂੰ ਮੁਫਤ ਬਿਜਲੀ ਮੁਹੱਈਆ ਕਰਵਾ ਰਹੀ ਹੈ ਤੇ ਡੀਜ਼ਲ ਦੀ ਕਮੀ ਦਾ ਵੀ ਸਾਹਮਣਾ ਕਰ ਰਹੀ ਹੈ। ਸਾਨੂੰ ਇਨ੍ਹਾਂ ਸਮੱਸਿਆਵਾਂ ‘ਤੇ ਗੰਭੀਰਤਾ ਨਾਲ ਸੋਚਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚੀਜ਼ਾਂ ਦੀ ਢੁਆਈ ਲਈ ਕਿਸਾਨਾਂ ਨੂੰ ਰੇਲ ਰੋਕੋ ਅੰਦੋਲਨ ‘ਚ ਢਿੱਲ ਦੇਣੀ ਚਾਹੀਦੀ ਹੈ।
ਫਿਰੋਜ਼ਪੁਰ ਦੇ ਰਹਿਣ ਵਾਲੇ ਇੱਕ ਵਿਅਕਤੀ ਦੇ ਸਵਾਲ ਦੇ ਜਵਾਬ ‘ਚ ਮੁੱਖ ਮੰਤਰੀ ਨੇ ਕਿਹਾ ਮੈਂ ਆਪਣੀ ਸਰਕਾਰ ‘ਚ ਕਿਸਾਨਾਂ ਤੇ ਉਨ੍ਹਾਂ ਦੇ ਭਵਿੱਖ ਨੂੰ ਬਚਾਉਣ ਲਈ ਸਾਰਾ ਕੁਝ ਕਰਾਂਗਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਤੋਂ ਇਲਾਵਾ ਸੂਬਾ ਸਰਕਾਰ ਕਾਲੇ ਖੇਤੀ ਸੁਧਾਰ ਕਾਨੂੰਨਾਂ ਨੂੰ ਟੱਕਰ ਦੇਣ ਲਈ ਰਸਤਾ ਲੱਭਣ ਲਈ ਵਕੀਲਾਂ ਨਾਲ ਸਲਾਹ-ਮਸ਼ਵਰਾ ਕਰ ਰਹੀ ਹੈ।