CM orders SIT to probe : ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੌਰਿਆ ਚੱਕਰ ਐਵਾਰਡੀ ਕਾਮਰੇਡ ਬਲਵਿੰਦਰ ਸਿੰਘ ‘ਤੇ ਹੋਏ ਜਾਨਲੇਵਾ ਹਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਲਈ ਡੀਆਈਜੀ ਫਿਰੋਜ਼ਪੁਰ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕਰਨ ਦੇ ਹੁਕਮ ਦਿੱਤੇ। ਐਸਆਈਟੀ ਨੇ ਪਹਿਲਾਂ ਹੀ ਇਸ ਮਾਮਲੇ ਦੀ ਜਾਂਚ ਲਈ ਅਤੇ ਮੁਲਜ਼ਮ ਨੂੰ ਫੜਨ ਲਈ ਚਾਰ ਸਪੈਸ਼ਲ ਟੀਮਾਂ ਦਾ ਗਠਨ ਕੀਤਾ ਹੋਇਆ ਹੈ।
ਬਲਵਿੰਦਰ ਦੀ ਮੌਤ ‘ਤੇ ਦੁੱਖ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਹਦਾਇਤ ਦਿੱਤੀ ਹੈ ਕਿ ਦੋਸ਼ੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਜਲਦ ਤੋਂ ਜਲਦ ਕਾਬੂ ਕਰਨ ਲਈ ਤੁਰੰਤ ਜਾਂਚ ਨੂੰ ਯਕੀਨੀ ਬਣਾਇਆ ਜਾਵੇ। ਇਸ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ, ਕੈਪਟਨ ਅਮਰਿੰਦਰ ਨੇ ਕਿਹਾ ਕਿ ਐਸਆਈਟੀ ਵੱਲੋਂ ਇਸ ਮਾਮਲੇ ਦੀ ਕੀਤੀ ਜਾ ਰਹੀ ਜਾਂਚ ਸਾਰੀਆਂ ਸੰਭਾਵਨਾਵਾਂ ਨੂੰ ਧਿਆਨ ਵਿੱਚ ਰੱਖੇਗੀ। ਉਨ੍ਹਾਂ ਕਿਹਾ ਕਿ ਜਿਹੜਾ ਵੀ ਕਤਲ ਦਾ ਦੋਸ਼ੀ ਪਾਇਆ ਗਿਆ ਉਸ ਨਾਲ ਸਖਤੀ ਨਾਲ ਪੇਸ਼ ਆਇਆ ਜਾਵੇਗਾ। ਐਸਆਈਟੀ ਦੇ ਵੇਰਵੇ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਫਿਰੋਜ਼ਪੁਰ ਰੇਂਜ ਦੇ ਡੀਆਈਜੀ ਹਰਦਿਆਲ ਮਾਨ ਤੋਂ ਇਲਾਵਾ ਐਸਆਈਟੀ ਵਿੱਚ ਤਰਨਤਾਰਨ ਦੇ ਐਸਐਸਪੀ ਧਰੁਮਨ ਨਿੰਬਲੇ ਅਤੇ ਭਿੱਖੀਵਿੰਡ ਦੇ ਡੀਐਸਪੀ ਰਾਜਬੀਰ ਸਿੰਘ ਸ਼ਾਮਲ ਹਨ।
ਡੀਜੀਪੀ ਨੇ ਦੱਸਿਆ ਕਿ ਬਲਵਿੰਦਰ ਨੂੰ ਅੱਜ ਸਵੇਰੇ ਸੱਤ ਵਜੇ ਦੇ ਕਰੀਬ ਉਸ ਦੇ ਭਿੱਖੀਵਿੰਡ ਦੇ ਘਰ ‘ਚ ਦੋ ਅਣਪਛਾਤੇ ਹਮਲਾਵਰਾਂ ਨੇ ਕਤਲ ਕਰ ਦਿੱਤਾ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਲਾਕੇ ਦੀ ਇਕ ਸੀਸੀਟੀਵੀ ਫੁਟੇਜ ਤੋਂ ਪਤਾ ਚੱਲਦਾ ਹੈ ਕਿ ਦੋ ਅਣਪਛਾਤੇ ਹਮਲਾਵਰ ਸਵੇਰੇ ਮ੍ਰਿਤਕ ਦੇ ਘਰ ਪਹੁੰਚੇ ਅਤੇ ਉਨ੍ਹਾਂ ਵਿਚੋਂ ਇਕ ਨੇ ਵਿਹੜੇ ਵਿਚ ਦਾਖਲ ਹੋ ਕੇ ਬਲਵਿੰਦਰ ਸਿੰਘ ‘ਤੇ ਫਾਇਰਿੰਗ ਕਰ ਦਿੱਤੀ। ਡੀਜੀਪੀ ਨੇ ਦੱਸਿਆ ਕਿ ਵਾਹਨ ਅਤੇ ਇਸ ਦੇ ਰਜਿਸਟ੍ਰੇਸ਼ਨ ਨੰਬਰ ਦੇ ਵੇਰਵਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸੰਬੰਧੀ ਆਈਪੀਸੀ ਅਤੇ ਅਸਲਾ ਐਕਟ ਦੀ ਧਾਰਾ ਹੇਠ ਅਣਪਛਾਤੇ ਵਿਅਕਤੀਆਂ ’ਤੇ ਮਾਮਲਾ ਖਿਲਾਫ ਦਰਜ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਕਾਮਰੇਡ ਬਲਵਿੰਦਰ ਸਿੰਘ ਨੇ ਅੱਤਵਾਦ ਦੇ ਦੌਰ ਵਿੱਚ ਅੱਤਵਾਦੀਆਂ ਦਾ ਪੂਰੀ ਬਹਾਦੁਰੀ ਨਾਲ ਮੁਕਾਬਲਾ ਕੀਤਾ ਸੀ। ਉਨ੍ਹਾਂ ਦੇ ਜੀਵਨ ‘ਤੇ ਕਈ ਟੈਲੀ ਫਿਲਮਾਂ ਵੀ ਬਣੀਆਂ ਸਨ। ਕਾਮਰੇਡ ਬਲਵਿੰਦਰ ਬਹਾਦੁਰੀ ਪੁਰਸਕਾਰ ਜੇਤੂ ਸਨ। ਪਰਿਵਾਰ ਨੂੰ ਸ਼ੱਕ ਹੈ ਕਿ ਇਹ ਹਮਲਾ ਅੱਤਵਾਦੀ ਹੋ ਸਕਦਾ ਹੈ।