Kisan Union Ugrahan : ਬਰਨਾਲਾ : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਕਾਲੇ ਖੇਤੀ ਕਾਨੂੰਨਾਂ ਵਿਰੁੱਧ 19 ਅਕਤੂਬਰ ਨੂੰ ਵਿਧਾਨ ਸਭਾ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਪਿੰਡ ਭੋਤਨਾ ਵਿਖੇ ਸੂਬਾ ਪੱਧਰੀ ਵਧਵੀਂ ਸਿੱਖਿਆ ਮੀਟਿੰਗ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਕੀਤੀ ਗਈ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ। ਇਸ ਮੀਟਿੰਗ ਵਿੱਚ ਕਿਸਾਨ ਯੂਨੀਅਨ ਦੀ ਇਸ ਮੀਟਿੰਗ ਵਿੱਚ 13 ਜਿਲ੍ਹਾ ਕਮੇਟੀਆਂ ਦੇ ਅਹੁਦੇਦਾਰ ਸ਼ਾਮਲ ਹੋਏ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਇੱਥੇ ਜਾਰੀ ਕੀਤੇ ਪ੍ਰੈਸ ਨੋਟ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੀਟਿੰਗ ਵਿੱਚ ਇਹ ਸਪੱਸ਼ਟ ਕੀਤਾ ਗਿਆ ਕਿ ਆਪੋ ਆਪਣੀ ਸਮਝ ਤੇ ਸਮਰੱਥਾ ਮੁਤਾਬਕ ਇਸ ਮੁੱਦੇ ‘ਤੇ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਵਿਰੁੱਧ ਕਿਸੇ ਵੀ ਕਿਸਮ ਦਾ ਪ੍ਰਚਾਰ ਨਾ ਕੀਤਾ ਜਾਵੇ। ਸਾਡੇ ਸਮੇਤ ਹਰ ਜਥੇਬੰਦੀ ਨੂੰ ਹੱਕ ਹੈ ਕਿ ਉਹ ਦੂਜੀਆਂ ਜਥੇਬੰਦੀਆਂ ਨਾਲ ਸਾਂਝੇ ਤੌਰ ‘ਤੇ ਜਾਂ ਤਾਲਮੇਲਵਾਂ ਜਾਂ ਆਜ਼ਾਦ ਸੰਘਰਸ਼ ਕਰ ਸਕਦੀ ਹੈ। ਪਰ ਇੱਕ ਦੂਜੇ ਵਿਰੁੱਧ ਭੰਡੀ ਪ੍ਰਚਾਰ ਸਰਕਾਰ ਦੇ ਪੱਖ ‘ਚ ਭੁਗਤਦਾ ਹੈ।
ਉਨ੍ਹਾਂ ਕਿਹਾ ਕਿ ਥਾਂ-ਥਾਂ ਮਤੇ ਪਾਸ ਕਰਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਜਾਵੇਗੀ ਕਿ 19 ਅਕਤੂਬਰ ਨੂੰ ਅਸੈਂਬਲੀ ਇਜਲਾਸ ਵਿੱਚ ਤਿੰਨੇ ਕੇਂਦਰੀ ਕਾਲੇ ਖੇਤੀ ਕਾਨੂੰਨਾਂ ਤੇ ਬਿਜਲੀ ਸੋਧ ਬਿੱਲ ਵਾਪਸ ਲੈਣ ਦੇ ਮਤੇ ਤੋਂ ਇਲਾਵਾ ਪੰਜਾਬ ਸਰਕਾਰ ਦੁਆਰਾ ਨਿਜੀ ਕਾਰਪੋਰੇਸ਼ਨਾਂ ਤੇ ਵੱਡੇ ਵਪਾਰੀਆਂ ਨੂੰ ਐਮ ਐਸ ਪੀ ਦੀ ਜਾਮਨੀ ਤੋਂ ਬਗੈਰ ਹੀ ਫਸਲੀ ਖਰੀਦ ਦੀਆਂ ਖੁੱਲ੍ਹਾਂ ਦੇਣ ਵਾਲੇ 2017 ਅਤੇ ਉਸਤੋਂ ਪਹਿਲਾਂ ਦੇ ਮੰਡੀਕਰਨ ਕਾਨੂੰਨ / ਬਿੱਲ ਵਾਪਸ ਲੈਣ ਦਾ ਮਤਾ ਵੀ ਪਾਸ ਕੀਤਾ ਜਾਵੇ। ਇਸ ਵਾਸਤੇ 19 ਅਕਤੂਬਰ ਨੂੰ ਪੰਜਾਬ ਵਿਧਾਨ ਸਭਾਂ ਚੰਡੀਗੜ੍ਹ ਸਾਹਮਣੇ ਧਰਨਾ ਵੀ ਦਿੱਤਾ ਜਾਵੇਗਾ। ਅਜਿਹਾ ਨਾ ਕੀਤੇ ਜਾਣ ਦੀ ਸੂਰਤ ਵਿੱਚ ਪੰਜਾਬ ਸਰਕਾਰ ਨੂੰ ਵੀ ਮੌਜੂਦਾ ਘੋਲ਼ ਦਾ ਨਿਸ਼ਾਨਾ ਬਣਾਇਆ ਜਾਵੇਗਾ। ਦੱਸਣਯੋਗ ਹੈ ਕਿ ਬੀਤੇ ਦਿਨ ਮਾਲਵੇ ਦੇ 7 ਜ਼ਿਲ੍ਹਿਆਂ ‘ਚ 9 ਸਿਰਕੱਢ ਭਾਜਪਾ ਆਗੂਆਂ ਦੇ ਘਰਾਂ ਦੇ ਘਿਰਾਓ ਵੀ ਕੀਤੇ ਗਏ ਸਨ ਅਤੇ 10 ਟੌਲ ਪਲਾਜ਼ਿਆਂ, 4 ਸ਼ਾਪਿੰਗ ਮਾਲਜ਼, 1ਅਡਾਨੀ ਗੋਦਾਮ, 23 ਰਿਲਾਇੰਸ ਪੰਪਾਂ, 10 ਐੱਸਾਰ ਪੰਪਾਂ ਤੇ ਵਣਾਂਵਾਲੀ ਥਰਮਲ ਪਲਾਂਟ ‘ਤੇ ਧਰਨੇ ਵੀ ਜਾਰੀ ਹਨ। ਟੌਲ ਪਲਾਜ਼ਿਆਂ ‘ਤੇ ਧਰਨਿਆਂ ਦੌਰਾਨ ਸਾਰੇ ਵ੍ਹੀਕਲ ਬਿਨਾਂ ਟੌਲ ਟੈਕਸ ਤੋਂ ਹੀ ਲੰਘਾਏ ਜਾ ਰਹੇ ਹਨ ਅਤੇ ਰਿਲਾਇੰਸ ਤੇ ਐੱਸਾਰ ਦੇ ਪੰਪਾਂ ਤੋਂ ਕੋਈ ਵੀ ਤੇਲ ਨਹੀਂ ਪੁਆਇਆ ਜਾ ਰਿਹਾ।
ਥਾਂ ਥਾਂ ਭਾਰੀ ਗਿਣਤੀ ‘ਚ ਨੌਜਵਾਨਾਂ, ਔਰਤਾਂ ਅਤੇ ਕੁੱਝ ਥਾਂਈਂ ਸਕੂਲੀ ਬੱਚਿਆਂ ਸਮੇਤ ਇਸ ਵੇਲੇ ਕੁੱਲ ਮਿਲਾ ਕੇ 60 ਹਜ਼ਾਰ ਤੋਂ ਵੱਧ ਗਿਣਤੀ ‘ਚ ਪੁੱਜੇ ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਜਥੇਬੰਦੀ ਦੇ ਮੁੱਖ ਬੁਲਾਰਿਆਂ ਵਿੱਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ,ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਮੀਤ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ, ਸੂਬਾ ਆਗੂ ਹਰਿੰਦਰ ਕੌਰ ਬਿੰਦੂ, ਸ਼ਿੰਗਾਰਾ ਸਿੰਘ ਮਾਨ ਤੇ ਰਾਜਵਿੰਦਰ ਸਿੰਘ ਰਾਮਨਗਰ ਸਮੇਤ ਵੱਖ ਵੱਖ ਜਿਲ੍ਹਾ ਆਗੂ ਅਤੇ ਨਵੇਂ ਨੌਜਵਾਨ ਮੁੰਡੇ ਕੁੜੀਆਂ ਵੀ ਸ਼ਾਮਲ ਹਨ। ਬੁਲਾਰਿਆਂ ਨੇ ਕੈਪਟਨ ਸਰਕਾਰ ਨੂੰ ਖਬਰਦਾਰ ਕੀਤਾ ਕਿ ਕਿਸਾਨਾਂ ਦੇ ਇਸ ਰੋਹ ਦਾ ਸਿਆਸੀ ਲਾਹਾ ਖੱਟਣ ਦੇ ਲਾਲਚ ਵਿੱਚ ਖੁਦ ਇਸ ਰੋਹ ਦਾ ਸ਼ਿਕਾਰ ਨਾ ਬਣ ਜਾਵੇ। ਉਨ੍ਹਾਂ ਨੇ ਐਲਾਨ ਕੀਤਾ ਕਿ ਮੌਜੂਦਾ ਅਣਮਿਥੇ ਸਮੇਂ ਦਾ ਸੰਘਰਸ਼ ਸਭਨਾਂ ਸੰਘਰਸ਼ਸ਼ੀਲ ਜਥੇਬੰਦੀਆਂ ਨਾਲ ਤਾਲਮੇਲਵੀਂ ਸਾਂਝ ਬਰਕਰਾਰ ਰੱਖਦਿਆਂ ਹੋਰ ਵਿਸ਼ਾਲ ਅਤੇ ਤੇਜ਼ ਕੀਤਾ ਜਾਵੇਗਾ ।