BJP state general secretary resigns : ਪੰਜਾਬ ਵਿੱਚ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਲਈ ਆਪਣੇ ਚੱਲ ਰਹੇ ਸੰਘਰਸ਼ ਵਿਚ ਜਿਥੇ ਇੱਕ ਪਾਸੇ ਸਿਆਸੀ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਭਾਜਪਾ ਆਗੂਆਂ ‘ਤੇ ਹਮਲੇ ਵਰਗੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ, ਉਥੇ ਅੱਜ ਭਾਜਪਾ ਦੇ ਸੂਬਾ ਜਨਰਲ ਸਕੱਤਰ ਮਾਲਵਿੰਦਰ ਸਿੰਘ ਕੰਗ ਨੇ ਕਿਸਾਨਾਂ ਦਾ ਸਮਰਥਨ ਕਰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਭੇਜੇ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਉਹ ਬਹੁਤ ਸਮੇਂ ਤੋਂ ਕਿਸਾਨਾਂ ਦੇ ਪੱਖ ਵਿੱਚ ਪਾਰਟੀ ਪਲੇਟਫਾਰਮ ’ਤੇ ਆਵਾਜ਼ ਉਠਾਉਂਦੇ ਰਹੇ ਹਨ ਪਰ ਇਸ ਦਾ ਕੋਈ ਫਾਇਦਾ ਨਹੀਂ ਹੋਇਆ, ਜਿਸ ਦੇ ਚੱਲਦਿਆਂ ਉਨ੍ਹਾਂ ਨੇ ਆਪਣੇ ਸੂਬਾਈ ਜਨਰਲ ਸਕੱਤਰ ਦੇ ਅਹੁਦੇ, ਪਾਰਟੀ ਦੇ ਕੋਰ ਗਰੁੱਪ ਦੇ ਮੈਂਬਰ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।
ਮਾਲਵਿੰਦਰ ਸਿੰਘ ਕੰਗ ਨੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਭੇਜੀ ਇੱਕ ਚਿੱਠੀ ਵਿੱਚ ਲਿਖਿਆ ਹੈ ਕਿ ਪੰਜਾਬ ਦੇ ਕਿਸਾਨ ਪਿਛਲੇ ਕਈ ਹਫਤਿਆਂ ਤੋਂ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਕਾਨੂੰਨਾਂ ਦੇ ਵਿਰੋਧ ਵਿੱਚ ਲੋਕਤਾਂਤ੍ਰਿਕ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਤੇ ਪਾਰਟੀ ਦੇ ਕੋਰ ਸਮੂਹ ਦੇ ਮੈਂਬਰ ਉਨ੍ਹਾਂ ਕਈ ਵਾਰ ਕਿਸਾਨਾਂ, ਆੜ੍ਹਤੀਆਂ, ਛੋਟੇ ਵਪਾਰੀਆਂ ਅਤੇ ਮਜ਼ਦੂਰ ਜਥੇਬੰਦੀਆਂ ਦੇ ਪੱਖ ਵਿੱਚ ਪਾਰਟੀ ਪਲੇਟਫਾਰਮ ’ਤੇ ਆਵਾਜ਼ ਉਠਾਈ। ਮੈਂ ਭਾਜਪਾ ਦੇ ਸੂਬਾਈ ਤੇ ਕੇਂਦਰੀ ਲੀਡਰਸ਼ਿਪ ਨੂੰ ਕਈ ਵਾਰ ਬੇਨਤੀ ਕੀਤੀ ਕਿ ਉਹ ਪ੍ਰਦਰਸ਼ਨ ਕਰ ਰਹੇ ਲੋਕਾਂ ਦੀ ਆਵਾਜ਼ ਨੂੰ ਸੁਣਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨ ਪਰ ਇਸ ਦਿਸ਼ਾ ਵਿੱਚ ਕੋਈ ਵੀ ਹਾਂਪੱਖੀ ਕਦਮ ਨਹੀਂ ਚੁੱਕਿਆ ਗਿਆ। ਇਸ ਲਈ ਕਿਸਾਨ ਜਥੇਬੰਦੀਆਂ ਦਾ ਸਮਰਥਨ ਕਰਦੇ ਹੋਏ ਮੈਂ ਆਪਣੇ ਸੂਬਾਈ ਜਨਰਲ ਸਕੱਤਰ ਦੇ ਅਹੁਦੇ, ਪਾਰਟੀ ਦੇ ਕੋਰ ਗਰੁੱਪ ਦੇ ਮੈਂਬਰ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੰਦਾ ਹਾਂ।