India sees 61871 new cases: ਦੇਸ਼ ਵਿੱਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਵਾਇਰਸ ਸੰਕ੍ਰਮਣ ਦੇ ਨਵੇਂ ਮਾਮਲਿਆਂ ਵਿੱਚ ਕਮੀ ਵਿੱਚ ਦੇਖਣ ਨੂੰ ਮਿਲ ਰਹੀ ਹੈ। ਇਸਦੇ ਨਾਲ ਹੀ ਦੇਸ਼ ਵਿੱਚ ਹੁਣ ਕੋਰੋਨਾ ਵਾਇਰਸ ਸੈਂਪਲ ਦੀ ਜਾਂਚ ਦੀ ਗਿਣਤੀ ਵਿੱਚ ਵੀ ਵਾਧਾ ਹੋ ਰਿਹਾ ਹੈ। ਇਸੇ ਵਿਚਾਲੇ ਭਾਰਤ ਵਿੱਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 74 ਲੱਖ ਦੇ ਪਾਰ ਹੋ ਗਈ ਹੈ । ਐਤਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 61 ਹਜਾਰ 871 ਨਵੇਂ ਮਾਮਲੇ ਸਾਹਮਣੇ ਆਏ ਹਨ । ਜਿਸ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 74 ਲੱਖ 94 ਹਜ਼ਾਰ 552 ਹੋ ਗਈ ਹੈ। ਉੱਥੇ ਹੀ ਇਸ ਦੌਰਾਨ 1033 ਮਰੀਜ਼ਾਂ ਦੀ ਮੌਤ ਹੋ ਗਈ । ਜਿਸ ਤੋਂ ਬਾਅਦ ਦੇਸ਼ ਵਿੱਚ ਮ੍ਰਿਤਕਾਂ ਦਾ ਅੰਕੜਾ 1 ਲੱਖ 14 ਹਜ਼ਾਰ 031 ‘ਤੇ ਪਹੁੰਚ ਗਿਆ ਹੈ । ਰਾਹਤ ਦੀ ਗੱਲ ਇਹ ਹੈ ਕਿ ਹੁਣ ਤੱਕ 65 ਲੱਖ 97 ਹਜ਼ਾਰ 210 ਮਰੀਜ਼ ਠੀਕ ਹੋ ਚੁੱਕੇ ਹਨ । ਉੱਥੇ ਹੀ, 7 ਲੱਖ 83 ਹਜ਼ਾਰ 311 ਮਰੀਜ਼ ਅਜੇ ਵੀ ਇਲਾਜ ਅਧੀਨ ਹਨ ।
ICMR ਅਨੁਸਾਰ 17 ਅਕਤੂਬਰ ਤੱਕ ਕੋਰੋਨਾ ਵਾਇਰਸ ਦੇ ਕੁੱਲ 9.24 ਕਰੋੜ ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ, ਜਿਸ ਵਿੱਚੋਂ ਕੱਲ੍ਹ ਯਾਨੀ ਕਿ ਸ਼ਨੀਵਾਰ ਨੂੰ 9.70 ਲੱਖ ਨਮੂਨਿਆਂ ਦੀ ਜਾਂਚ ਕੀਤੀ ਗਈ । ਦੇਸ਼ ਵਿੱਚ ਸਕਾਰਾਤਮਕਤਾ ਦਰ 7 ਪ੍ਰਤੀਸ਼ਤ ਹੈ। ਦੇਸ਼ ਵਿੱਚ ਮੌਤ ਦਰ ਅਤੇ ਕਿਰਿਆਸ਼ੀਲ ਕੇਸ ਦਰ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਮੌਤ ਦੀ ਦਰ ਘੱਟ ਕੇ 1.51% ‘ਤੇ ਆ ਗਈ। ਇਸ ਤੋਂ ਇਲਾਵਾ ਇਲਾਜ ਅਧੀਨ ਚੱਲ ਰਹੇ ਸਰਗਰਮ ਮਾਮਲਿਆਂ ਦੀ ਦਰ ਵੀ 11% ਤੱਕ ਆ ਗਈ ਹੈ। ਇਸਦੇ ਨਾਲ ਰਿਕਵਰੀ ਦੀ ਦਰ 88% ‘ਤੇ ਹੈ।
ਭਾਰਤ ਵਿੱਚ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਰਾਜ ਮਹਾਂਰਾਸ਼ਟਰ ਹੈ, ਜਿੱਥੇ ਸ਼ਨੀਵਾਰ ਨੂੰ ਕੋਰੋਨਾ ਦੇ 10,259 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ 14,238 ਲੋਕ ਠੀਕ ਹੋਏ ਹਨ ਅਤੇ 250 ਮਰੀਜ਼ਾਂ ਦੀ ਮੌਤ ਹੋ ਗਈ ਹੈ। ਹੁਣ ਤੱਕ 15 ਲੱਖ 86 ਹਜ਼ਾਰ 321 ਵਿਅਕਤੀ ਕੋਰੋਨਾ ਦੀ ਲਪੇਟ ਵਿੱਚ ਆ ਚੁੱਕੇ ਹਨ । ਇਨ੍ਹਾਂ ਵਿੱਚੋਂ 1 ਲੱਖ 85 ਹਜ਼ਾਰ 270 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ, ਜਦੋਂ ਕਿ 13 ਲੱਖ 58 ਹਜ਼ਾਰ 606 ਲੋਕ ਠੀਕ ਹੋ ਚੁੱਕੇ ਹਨ । ਇਥੇ ਹੁਣ ਤੱਕ 41 ਹਜ਼ਾਰ 965 ਮਰੀਜ਼ ਆਪਣੀ ਜਾਨ ਗੁਆ ਚੁੱਕੇ ਹਨ। ਉੱਥੇ ਹੀ ਦੂਜੇ ਪਾਸੇ ਸ਼ਨੀਵਾਰ ਨੂੰ ਦਿੱਲੀ ਵਿੱਚ ਕੋਰੋਨਾ ਵਾਇਰਸ ਦੇ 3259 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ 35 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸਦੇ ਨਾਲ, ਸੰਕਰਮਿਤ ਦੀ ਕੁੱਲ ਸੰਖਿਆ 3.27 ਲੱਖ ‘ਤੇ ਪਹੁੰਚ ਗਈ ਹੈ।