Farmers’ organizations warn: ਅੱਜ ਚੰਡੀਗੜ੍ਹ ਵਿਖੇ ਵਿਧਾਨ ਸਭਾ ਸੈਸ਼ਨ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਸੀ ਪਰ ਇਸ ਦੌਰਾਨ ਖੇਤੀ ਕਾਨੂੰਨਾਂ ਸਬੰਧੀ ਕੋਈ ਵੀ ਠੋਸ ਫੈਸਲਾ ਨਹੀਂ ਲਿਆ ਗਿਆ ਤੇ ਵਿਧਾਨ ਸਭਾ ਸੈਸ਼ਨ ਨੂੰ ਜਲਦ ਹੀ ਕੱਲ ਤੱਕ ਮੁਲਤਵੀ ਕਰ ਦਿੱਤਾ ਗਿਆ ਜਿਸ ਕਰਕੇ ਹੁਣ ਕਿਸਾਨ ਜਥੇਬੰਦੀਆਂ ਵੱਲੋਂ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਬਿੱਲ ਉਨ੍ਹਾਂ ਦੇ ਹੱਕ ਵਿੱਚ ਨਾ ਹੋਇਆ ਤਾਂ ਰੇਲ ਰੋਕੋ ਅੰਦੋਲਨ ਜਾਰੀ ਰਹੇਗਾ ਤੇ 21 ਅਕਤੂਬਰ ਨੂੰ ਉਹ ਕੋਈ ਵੱਡਾ ਐਲਾਨ ਕਰਨਗੇ। ਤਿੰਨ ਕੈਬਨਿਟ ਮੰਤਰੀਆਂ ਤ੍ਰਿਪਤ ਰਜਿੰਦਰ ਬਾਜਵਾ,ਸੁਖਜਿੰਦਰ ਰੰਧਾਵਾ ਅਤੇ ਸੁਖ ਸਰਕਾਰੀਆਂ ਨੇ ਕਿਸਾਨ ਜਥੇਬੰਦੀਆਂ ਦੇ ਨਾਲ ਮੀਟਿੰਗ ਕੀਤੀ ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਕਿਹਾ ਵਿਧਾਨਸਭਾ ‘ਚ ਹੁਣ ਕੱਲ੍ਹ ਪੰਜਾਬ ਸਰਕਾਰ ਵੱਲੋਂ ਬਿੱਲ ਪੇਸ਼ ਕੀਤਾ ਜਾਵੇਗਾ ਇਸ ਲਈ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵੀ ਹੁਣ 20 ਦੀ ਜਗ੍ਹਾ 21 ਅਕਤੂਬਰ ਨੂੰ ਕੀਤੀ ਜਾਵੇਗੀ ਜਿਸ ‘ਚ ਕਿਸਾਨਾਂ ਆਪਣੀ ਰਣਨੀਤੀ ਸਬੰਧੀ ਫੈਸਲਾ ਲੈਣਗੇ।
ਕਿਸਾਨ ਜਥੇਬੰਦੀਆਂ ਨੇ ਸਰਕਾਰ ਨੂੰ ਸਾਫ ਕਹਿ ਦਿੱਤਾ ਹੈ ਕਿ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਨੂੰ ਰੋਕਣ ਦਾ ਸਿਰਫ ਇੱਕੋ ਹੀ ਤਰੀਕਾ ਹੈ ਕਿ ਇਨ੍ਹਾਂ ਬਿੱਲਾਂ ਨੂੰ ਰੱਦ ਕਰ ਦਿੱਤਾ ਜਾਵੇ ਨਹੀਂ ਤਾਂ ਸਰਕਾਰ ਵੱਡੇ ਸੰਘਰਸ਼ ਲਈ ਤਿਆਰ ਰਹੇ। ਕਿਸਾਨਾਂ ਵੱਲੋਂ ਪਹਿਲਾਂ ਹੀ ਰੇਲ ਰੋਕੋ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵਾਰ-ਵਾਰ ਕਿਸਾਨਾਂ ਨੂੰ ਅਪੀਲ ਕਰ ਰਹੀ ਹੈ ਕਿ ਉਹ ਰੇਲ ਮਾਰਗ ਤੋਂ ਆਪਣਾ ਪ੍ਰਦਰਸ਼ਨ ਚੁੱਕ ਲੈਣ। ਇਸੇ ਤਰ੍ਹਾਂ ਕਿਸਾਨ ਜਥੇਬੰਦੀਆਂ ਨੇ ਟੋਲ ਪਲਾਜ਼ਾ ‘ਤੇ ਵੀ ਧਰਨੇ ਦਿੱਤੇ ਹੋਏ ਹਨ ਜਿਸ ਕਾਰਨ ਪੰਜਾਬ ਸਰਕਾਰ ਨੂੰ ਕਾਫੀ ਘਾਟਾ ਪੈ ਰਿਹਾ ਹੈ ਕਿਉਂਕਿ ਬਿਨਾਂ ਟੋਲ ਟੈਕਸ ਤੋਂ ਗੱਡੀਆਂ ਪੰਜਾਬ ‘ਚ ਆ ਰਹੀਆਂ ਹਨ ਤੇ ਇਥੋਂ ਬਾਹਰ ਜਾ ਰਹੀਆਂ ਹਨ। ਕਿਸਾਨਾਂ ਦਾ ਦਾਅਵਾ ਹੈ ਕਿ ਇਹ ਖੇਤੀ ਕਾਨੂੰਨ ਉਨ੍ਹਾਂ ਦੇ ਹੱਕ ‘ਚ ਨਹੀਂ ਹਨ ਤੇ ਇਹ ਕਾਨੂੰਨ ਜਿਨ੍ਹਾਂ ਕਿਸਾਨਾਂ ਨੂੰ ਸਭ ਤੋਂ ਵੱਧ ਪ੍ਰਭਾਵਿਤ ਕੀਤੇ ਜਾਣੇ ਸਨ, ਉਨ੍ਹਾਂ ਕੋਲੋਂ ਵੀ ਇਸ ਸਬੰਧੀ ਕੋਈ ਰਾਏ ਲੈਣਾ ਮੁਨਾਸਿਬ ਨਹੀਂ ਸਮਝਿਆ ਗਿਆ।