Most important session of the Vidhan Sabha : ਪੰਜਾਬ ਵਿਧਾਨ ਸਭਾ ਵਿੱਚ ਅੱਜ ਦਾ ਦਿਨ ਇਤਿਹਾਸਕ ਹੋਣ ਜਾ ਰਿਹਾ ਹੈ। ਅੱਜ ਵਿਧਾਨ ਸਭਾ ਵਿੱਚ ਖੇਤੀਬਾੜੀ ਸੰਬੰਧੀ ਨਵਾਂ ਐਕਟ ਪੇਸ਼ ਕੀਤਾ ਜਾਵੇਗਾ, ਜਿਸ ਦੀ ਕਿਸਾਨਾਂ ਦੇ ਪੱਖ ਵਿੱਚ ਹੋਣ ਦੀ ਉਮੀਦ ਹੈ। ਅੱਜ ਦਾ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਈ ਵੀ ਬੇਹੱਦ ਖਾਸ ਹੈ। ਅੱਜ ਵਿਧਾਨ ਸਭਾ ਸੈਸ਼ਨ ਲਈ ਜਾਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਟਵੀਟ ਕਰਕੇ ਇਸ ਸੈਸ਼ਨ ਨੂੰ ਇਤਿਹਾਸ ਦਾ ਸਭ ਤੋਂ ਮਹੱਤਵਪੂਰਨ ਸੈਸ਼ਨ ਦੱਸਿਆ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪੂਰੀ ਕੋਸ਼ਿਸ਼ ਕਰਨਗੇ ਕਿ ਉਹ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਤੋਂ ਕਿਸਾਨਾਂ ਨੂੰ ਸੁਰੱਖਿਅਤ ਰਖ ਸਕਣ।
ਉਨ੍ਹਾਂ ਵਿਧਾਨ ਸਭਾ ਸੈਸ਼ਨ ਲਈ ਜਾਂਦੇ ਹੋਏ ਇਸ ਟਵੀਟ ਕਰਕੇ ਕਿਹਾ-’ਪੰਜਾਬ ਦੇ ਇਤਿਹਾਸ ਦੇ ਸਭ ਤੋਂ ਮਹੱਤਵਪੂਰਨ ਸੈਸ਼ਨਾਂ ਲਈ ਵਿਧਾਨ ਸਭਾ ਦੇ ਰਸਤੇ ’ਤੇ। ਅਸੀਂ ਕਿਸਾਨੀ ਯੂਨੀਅਨਾਂ, ਅਧਿਕਾਰੀਆਂ ਅਤੇ ਸਭ ਤੋਂ ਵੱਧ ਪੰਜਾਬੀਆਂ ਦਾ ਫੀਡਬੈਕ ਲਿਆ ਹੈ ਅਤੇ ਅੱਜ ਮੇਰੀ ਕੋਸ਼ਿਸ਼ ਰਹੇਗੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕੇਂਦਰ ਸਰਕਾਰ ਦੇ ਕਿਸਾਨ-ਵਿਰੋਧੀ ਕਾਨੂੰਨਾਂ ਤੋਂ ਕਿਸਾਨਾਂ ਨੂੰ ਸਹੀ ਤਰ੍ਹਾਂ ਸੁਰੱਖਿਅਤ ਰੱਖਿਆ ਜਾਵੇ।’ ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਲੈ ਕੇ 2 ਦਿਨਾਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ ,ਜਿਸ ਦਾ ਅੱਜ ਆਖ਼ਰੀ ਦਿਨ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਦੌਰਾਨ ਅੱਜ ਕੇਂਦਰ ਵੱਲੋਂ ਜਾਰੀ ਕਾਨੂੰਨਾਂ ਵਿਰੁੱਧ ਬਿੱਲ ਪੇਸ਼ ਕੀਤਾ ਜਾਵੇਗਾ, ਜੋਕਿ ਇਤਿਹਾਸ ਵਿੱਚ ਪਹਿਲੀ ਵਾਰ ਹੋਵੇਗਾ। ਇਸ ਦੌਰਾਨ ਸਦਨ ਤੇ ਅੰਦਰ ਤੇ ਬਾਹਰ ਦੋਵੇਂ ਥਾਵਾਂ ‘ਤੇ ਭਾਰੀ ਹੰਗਾਮਾ ਹੋਣ ਦੀ ਸੰਭਾਵਨਾ ਹੈ। ਕਿਸਾਨਾਂ ਦੀਆਂ ਨਜ਼ਰਾਂ ਇਸ ਸੈਸ਼ਨ ਵਿੱਚ ਪੇਸ਼ ਬਿੱਲ ‘ਤੇ ਟਿਕੀਆਂ ਹੋਈਆਂ ਹਨ।