Questions raised by Harish Rawat : ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਸ਼ਨੀਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਕਥਿਤ ਗੈਰ-ਕਾਨੂੰਨੀ ਵਿਦੇਸ਼ੀ ਫੰਡਾਂ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਨੂੰ ਸੰਮਨ ਜਾਰੀ ਕਰਨ ਦੇ ਸਮੇਂ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਅਜਿਹੀਆਂ ਹਰਕਤਾਂ ਮੁੱਖ ਮੰਤਰੀ ਦੀ ਕੇਂਦਰ ਦੇ ਖੇਤੀ ਕਾਨੂੰਨਾਂ ਸੰਬੰਧੀ ਆਵਾਜ਼ ਨੂੰ ਦਬਾ ਨਹੀਂ ਸਕਣਗੀਆਂ।
ਰਾਵਤ, ਜੋ ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਦੇ ਜਨਰਲ ਸਕੱਤਰ ਹਨ ਅਤੇ ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਨ, ਨੇ ਟਵੀਟ ਕੀਤਾ: “ਕੈਪਟਨ ਅਮਰਿੰਦਰ ਸਿੰਘ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਦੀ ਅਵਾਜ਼ ਹਨ। ਬੱਸ ਈਡੀ ਸੰਮਨ ਦਾ ਸਮਾਂ ਦੇਖੋ। ” ਉਨ੍ਹਾਂ ਇਸ ਹਫ਼ਤੇ ਦੇ ਸ਼ੁਰੂ ਵਿਚ ਖੇਤੀ ਕਾਨੂੰਨਾਂ ਦਾ ਮੁਕਾਬਲਾ ਕਰਨ ਲਈ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਬਿੱਲ ਪਾਸ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਦੇ ਕਦਮ ਦਾ ਜ਼ਿਕਰ ਕਰ ਰਹੇ ਸਨ। ਰਾਵਤ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ, “ਜੇ ਤੁਸੀਂ ਆਵਾਜ਼ ਬੁਲੰਦ ਕਰਦੇ ਹੋ ਤਾਂ ਈਡੀ, ਇਨਕਮ ਟੈਕਸ ਵਿਭਾਗ ਅਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੁਹਾਡੇ ਮਗਰ ਆਉਣਗੇ। ਕੀ ਇਸ ਨਾਲ ਇਹ ਸੰਦੇਸ਼ ਨਹੀਂ ਮਿਲਦਾ?”
ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇਂਦਰ ਸਿੰਘ ਨੂੰ ਲਗਭਗ ਚਾਰ ਸਾਲ ਬਾਅਦ, ਈਡੀ ਨੇ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਨੋਟਿਸ ਜਾਰੀ ਕੀਤਾ ਹੈ। ਉਸਨੂੰ 27 ਅਕਤੂਬਰ ਨੂੰ ਜਲੰਧਰ ਦੇ ਦਫਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਹ ਕੇਸ ਸਾਲ 2016 ਦਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਰਣਇੰਦਰ ਸਿੰਘ ਨੂੰ 21 ਜੁਲਾਈ 2016 ਵਿਚ ਬੁਲਾਇਆ ਗਿਆ ਸੀ। ਤੁਹਾਨੂੰ ਦੱਸ ਦੇਈਏ ਕਿ ਈਡੀ ਦਾ ਨੋਟਿਸ ਮੁੱਖ ਮੰਤਰੀ ਦੇ ਪੁੱਤਰ ਨੂੰ ਉਸ ਸਮੇਂ ‘ਤੇ ਆਇਆ ਹੈ, ਜਦੋਂ ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿੱਚ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨ ਵਿਰੁੱਧ ਮਤੇ ਪਾਸ ਕੀਤੇ ਸਨ। ਉਦੋਂ ਤੋਂ ਹੀ ਕੇਂਦਰ ਅਤੇ ਰਾਜ ਸਰਕਾਰ ਵਿਚ ਫੁੱਟ ਪੈ ਗਈ ਹੈ।