Shots fired after : ਪਟਿਆਲਾ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰੋਗਰਾਮ ਤੋਂ ਬਾਅਦ ਕਾਂਗਰਸ ਵਰਕਰਾਂ ‘ਚ ਹੱਥੋਂਪਾਈ ਹੋ ਗਈ ਤੇ ਮੌਕੇ ‘ਤੇ ਫਾਇਰਿੰਗ ਵੀ ਕੀਤੀ ਗਈ ਜਿਸ ‘ਚ ਦੋ ਵਿਅਕਤੀ ਜ਼ਖਮੀ ਹੋ ਗਏ। ਘਟਨਾ ਨਗਰ ਨਿਗਮ ਦਫਤਰ ਦੇ ਨੇੜੇ ਐੱਨ. ਆਈ. ਐੱਸ. ਚੌਕ ਕੋਲ ਵਾਪਰੀ। ਪੁਲਿਸ ਦੀ ਸਖਤ ਨਿਗਰਾਨੀ ਦੇ ਬਾਵਜੂਦ ਹਥਿਆਰਾਂ ਨਾਲ ਲੈਸ ਹੋ ਕੇ ਪੁੱਜੇ ਕਾਂਗਰਸੀਆਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਤੇ ਮੌਕੇ ਤੋਂ ਫਰਾਰ ਹੋ ਗਏ।
ਗੋਲੀ ਲੱਗਣ ਨਾਲ ਜ਼ਖਮੀ ਹੋਏ ਨੌਜਵਾਨਾਂ ਨੂੰ ਰਾਜਿੰਦਰਾ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਘਟਨਾ ‘ਚ ਜ਼ਖਮੀ ਦੋਵੇਂ ਨੌਜਵਾਨਾਂ ਦੀ ਉਮਰ 22 ਤੋਂ ਲੈ ਕੇ 24 ਦਰਮਿਆਨ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਸਖਤ ਸੁਰੱਖਿਆ ਹੋਣ ਦੇ ਬਾਵਜੂਦ ਗੋਲੀਆਂ ਚੱਲਣਾ ਪੁਲਿਸ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹਾ ਕਰਦੀਆਂ ਹਨ। ਜ਼ਖਮੀ ਹੋਏ ਨੌਜਵਾਨ ‘ਚੋਂ ਇੱਕ CIA ਸਟਾਫ ਪਟਿਆਲਾ ਤੇ ਦੂਜਾ ਰਿਸ਼ੀ ਕਾਲੋਨੀ ਦਾ ਰਹਿਣ ਵਾਲਾ ਹੈ। ਗਨੀਮਤ ਰਹੀ ਕਿ ਗੋਲੀਆਂ ਉਸ ਸਮੇਂ ਚੱਲੀਆਂ ਜਦੋਂ ਪ੍ਰੋਗਰਾਮ ਖਤਮ ਹੋ ਚੁੱਕਾ ਸੀ। ਪੁਲਿਸ ਸੂਚਨਾ ਮਿਲਦੇ ਹੀ ਮੌਕੇ ‘ਤੇ ਪੁੱਜੀ ਤੇ ਪੁਲਿਸ ਵੱਲੋਂ ਜ਼ਖਮੀਆਂ ਦੇ ਬਿਆਨ ਲਏ ਜਾ ਰਹੇ ਹਨ ਤੇ ਬਿਆਨਾਂ ਦੇ ਆਧਾਰ ‘ਤੇ ਹੀ ਕਾਰਵਾਈ ਕੀਤੀ ਜਾਵੇਗੀ।
ਇਥੇ ਇਹ ਵੀ ਦੱਸਣਯੋਗ ਹੈ ਕਿ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਵਿਖੇ ਮਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਦਾ ਉਦਘਾਟਨ ਕਰਨ ਮੌਕੇ ਪੁੱਜੇ ਸਨ। ਇਸ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਰਾਜਪੁਰਾ ਰੋਡ ‘ਤੇ ਪਟਿਆਲਾ ਦੇ ਅਤਿ-ਆਧੁਨਿਕ ਨਵੇਂ ਬੱਸ ਅੱਡੇ ਦੀ ਉਸਾਰੀ ਕਾਰਜ ਦਾ ਨੀਂਹ ਪੱਥਰ ਰੱਖਿਆ। ਇਸੇ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਤਿਹਾਸਕ ਕਿਲ੍ਹਾ ਮੁਬਾਰਕ ਦੇ ਆਲੇ-ਦੁਆਲੇ ਬਣਨ ਵਾਲੀ ਵਿਰਾਸਤੀ ਗਲੀ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਕਰਵਾਈ। ਅੱਜ ਦੁਸਹਿਰੇ ਮੌਕੇ ਕੈਪਟਨ ਵੱਲੋਂ 1100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਗਈ।