administration tough child beggarsgang: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਸੜਕਾਂ ‘ਤੇ ਭੀਖ ਮੰਗਦੇ ਬੱਚਿਆਂ ਨੂੰ ਲੈ ਕੇ ਵੀ ਪ੍ਰਸ਼ਾਸਨ ਕਾਫੀ ਗੰਭੀਰ ਨਜ਼ਰ ਆਉਣ ਲੱਗਾ ਹੈ। ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਨੂੰ ਸ਼ਹਿਰ ‘ਚ ਵੱਖ ਟ੍ਰੈਫਿਕ ਲਾਈਟਾਂ ‘ਤੇ ਛੋਟੇ ਬੱਚਿਆਂ ਤੋਂ ਭੀਖ ਮੰਗਣ ਵਾਲੇ ਐਕਟਿਵ ਗਿਰੋਹਾਂ ‘ਤੇ ਸ਼ਿਕੰਜਾ ਕੱਸਣ ਦੇ ਨਿਰਦੇਸ਼ ਦੱਸੇ ਗਏ ਹਨ ਤੇ ਇਨ੍ਹਾਂ ਬੱਚਿਆਂ ਨੂੰ ਨਰਕ-ਭਰੀ ਜਿੰਦਗੀ ‘ਚੋਂ ਬਾਹਰ ਕੱਢ ਕੇ ਪੁਨਰਵਾਸ ਕੀਤਾ ਜਾਵੇ। ਦੱਸ ਦੇਈਏ ਕਿ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਬੀਤੇ ਮਹੀਨੇ ਦੌਰਾਨ ਕੀਤੇ ਗਏ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ ਵੀ ਪਹੁੰਚੇ।
![](https://dailypost.in/wp-content/uploads/2020/10/dc1-5.jpg)
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਾਰੇ ਅੰਗਹੀਣ ਵਿਅਕਤੀਆਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਏ ਜਾਣ। ਉਨ੍ਹਾਂ ਸਿਵਲ ਸਰਜਨ ਨੂੰ ਵੀ ਹਦਾਇਤ ਕੀਤੀ ਕਿ ਬਿਨੈਕਾਰਾਂ ਵੱਲੋਂ ਯੂ.ਡੀ.ਆਈ.ਡੀ. ਲਈ ਅਪਲਾਈ ਕੀਤੀਆਂ ਅਰਜ਼ੀਆਂ ਨੂੰ ਪਹਿਲ ਦੇ ਆਧਾਰ ‘ਤੇ ਵੈਰੀਫਾਈ ਕੀਤੀਆਂ ਜਾਣ, ਤਾਂ ਜੋ ਲਾਭਪਾਤਰੀਆਂ ਨੂੰ ਸ਼ਨਾਖਤੀ ਕਾਰਡ ਮੁਹੱਈਆ ਕਰਵਾਏ ਜਾ ਸਕਣ। ਡਿਪਟੀ ਕਮਿਸ਼ਨਰ ਨੇ ਹੋਰ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਉਨ੍ਹਾਂ ਵੱਲੋਂ ਕੀਤੇ ਜਾਂਦੇ ਕਾਰਜਾਂ ‘ਚ ਢਿੱਲਮੱਠ ਦੀ ਨੀਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
![administration tough child beggarsgang](https://dailypost.in/wp-content/uploads/2020/10/dc3-2.jpg)
ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ ‘ਤੇ ਹਦਾਇਤ ਦਿੱਤੀ ਗਈ ਹੈ ਕਿ ਕੋਰੋਨਾ ਮਹਾਮਾਰੀ ਢਲਾਣ ਵੱਲ ਜਾ ਰਹੀ ਹੈ ਤੇ ਮਹਾਮਾਰੀ ਤੋਂ ਪ੍ਰਭਾਵਿਤ ਹੋਏ ਕਾਰਜਾਂ ਨੂੰ ਮੁੜ ਲੀਹਾਂ ‘ਤੇ ਲਿਆਉਣ ਲਈ ਕਮਰ ਕੱਸ ਲਓ। ਉਨ੍ਹਾਂ ਇਹ ਵੀ ਕਿਹਾ ਹੁਣ ਸਹੀ ਸਮਾਂ ਹੈ, ਜਿਸਦੀ ਸੁਚੱਜੀ ਵਰਤੋਂ ਕਰਕੇ ਰਹਿੰਦੇ ਕੰਮਾਂ ਨੂੰ ਨਿਪਟਾਇਆ ਜਾ ਸਕਦਾ ਹੈ। ਡੀ. ਸੀ ਵੱਲੋਂ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰੋਗਰਾਮ ਅਫਸਰ ਨੂੰ ਹਦਾਇਤ ਦਿੱਤੀ ਗਈ ਹੈ ਕਿ ਲੋਕ ਨਿਰਮਾਣ ਵਿਭਾਗ ਨਾਲ ਰਾਬਤਾ ਕਰਕੇ ਸਥਾਨਕ ਸਿਵਲ ਹਸਪਤਾਲ ਵਿਖੇ ਉਸਾਰੀ ਅਧੀਨ ‘ਸਖੀ ਵਨ ਸਟਾਪ ਸੈਂਟਰ’ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ, ਤਾਂ ਜੋ ਕਿਸੇ ਵੀ ਤਰ੍ਹਾਂ ਦੀਆਂ ਪੀੜ੍ਹਤ ਔਰਤਾਂ ਨੂੰ ਓਟ-ਆਸਰਾ ਮਿਲ ਸਕੇ।