Crop diversification and food processing : ਚੰਡੀਗੜ੍ਹ : ਪੰਜਾਬ ਦੇ ਕਿਸਾਨਾਂ ਲਈ ਫਸਲੀ ਵਿਭਿੰਨਤਾ ਅਤੇ ਫੂਡ ਪ੍ਰੋਸੈਸਿੰਗ ਲਾਹੇਵੰਦ ਸਿੱਧ ਹੋਣਗੇ। ਇਹ ਪ੍ਰਗਟਾਵਾ ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੇ ਅੱਜ ਇੱਥੇ ਕਰਦਿਆਂ ਕਿਹਾ ਕਿ ਸੂਬੇ ਦੇ ਕਿਸਾਨ ਫਸਲੀ ਵਿਭਿੰਨਤਾ ਅਤੇ ਫੂਡ ਪ੍ਰੋਸੈਸਿੰਗ ਰਾਹੀਂ ਆਪਣੀ ਤਕਦੀਰ ਬਦਲ ਸਕਦੇ ਹਨ। ਅੱਜ ਇੱਥੇ ਕਾਰਪੋਰੇਸ਼ਨ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ 246 ਵੀਂ ਬੈਠਕ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ, ਜਿਨ੍ਹਾਂ ਨਾਲ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਮਨਜੀਤ ਸਿੰਘ ਬਰਾੜ ਵੀ ਮੌਜੂਦ ਸਨ, ਨੇ ਕਿਹਾ ਕਿ ਫੂਡ ਪ੍ਰੋਸੈਸਿੰਗ ਦੇ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਹਨ ਅਤੇ ਜੇ ਸੂਬੇ ਦੇ ਕਿਸਾਨ ਫਸਲੀ ਵਿਭਿੰਨਤਾ ਅਤੇ ਫੂਡ ਪ੍ਰੋਸੈਸਿੰਗ ਨੂੰ ਅਪਣਾਉਂਦੇ ਹਨ ਤਾਂ ਉਨ੍ਹਾਂ ਨੂੰ ਕਾਫ਼ੀ ਫਾਇਦਾ ਹੋ ਸਕਦਾ ਹੈ।
![Crop diversification and food processing](https://dailypost.in/wp-content/uploads/2020/10/PAIC-news.jpg)
ਉਨ੍ਹਾਂ ਕਿਹਾ ਕਿ ਖਪਤਕਾਰਾਂ ਵੱਲੋਂ ਸਿੱਧੇ ਖੇਤਾਂ ’ਚੋਂ ਖੇਤੀਬਾੜੀ ਉਤਪਾਦਾਂ ਦੀ ਖਰੀਦ ਦੇ ਵੱਧ ਰਹੇ ਰੁਝਾਨ ਨੂੰ ਦੇਖਦਿਆਂ ਕਿਸਾਨ ਭਾਰੀ ਮੁਨਾਫਾ ਕਮਾ ਸਕਦੇ ਹਨ। ਸ੍ਰੀ ਮਾਨ ਨੇ ਕਿਹਾ ਕਿ ਕਾਰਪੋਰੇਸ਼ਨ ਫ਼ਸਲ ਵਿਭਿੰਨਤਾ ਅਤੇ ਖੇਤੀਬਾੜੀ ਅਧਾਰਤ ਉਦਯੋਗ ਨੂੰ ਹੁਲਾਰਾ ਦੇ ਕੇ ਕਿਸਾਨੀ ਦੀ ਤਕਦੀਰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ, ਗਤੀਸ਼ੀਲ ਅਤੇ ਯੋਗ ਅਗਵਾਈ ਹੇਠ ਸੂਬਾ ਸਰਕਾਰ ਕਿਸਾਨਾਂ ਨੂੰ ਮੌਜੂਦਾ ਖੇਤੀ ਸੰਕਟ ਚੋਂ ਕੱਢਣ ਲਈ ਵਚਨਬੱਧ ਹੈ।
![Crop diversification and food processing](https://dailypost.in/wp-content/uploads/2020/10/PAIC-news-1.jpg)
ਉਨ੍ਹਾਂ ਕਿਹਾ ਕਿ ਕਾਰਪੋਰੇਸ਼ਨ ਜੋ ਕਿ ਰਾਜ ਵਿਚ ਫੂਡ ਪ੍ਰੋਸੈਸਿੰਗ ਉਦਯੋਗ ਦੀ ਇਕ ਨੋਡਲ ਏਜੰਸੀ ਹੈ, ਇਹ ਯਕੀਨੀ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਕਿ ਖੇਤੀ ਅਧਾਰਤ ਉਦਯੋਗ ਨੂੰ ਹੁਲਾਰਾ ਦਿੱਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਇਸਦਾ ਲਾਭ ਮਿਲੇ। ਮਾਨ ਨੇ ਕਿਹਾ ਕਿ ਜਦੋਂ ਕੇਂਦਰ ਸਰਕਾਰ ਦੇ ਖੇਤੀਬਾੜੀ ਵਿਰੋਧੀ ਕਾਨੂੰਨ ਕਿਸਾਨਾਂ ਦਾ ਲੱਕ ਤੋੜਨ `ਤੇ ਤੁਲੇ ਹੋਏ ਹਨ, ਤਾਂ ਕਾਰਪੋਰੇਸ਼ਨ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਹੱਲਾਸ਼ੇਰੀ ਦੇ ਕੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਠੋਸ ਯਤਨ ਕਰੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਮਨਜੀਤ ਸਿੰਘ ਬਰਾੜ, ਬੋਰਡ ਦੇ ਡਾਇਰੈਕਟਰ ਕਿਰਨਜੀਤ ਸਿੰਘ ਮਿੱਠਾ ਅਤੇ ਰਣਜੀਤ ਸਿੰਘ ਮੌਜੂਦ ਸਨ।