Special campaign on Tobacoo Day : ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕੱਲ੍ਹ 1 ਨਵੰਬਰ ਨੂੰ ਪੰਜਾਬ ਸਟੇਟ ਨੋ ਤੰਬਾਕੂ ਡੇਅ ਮਨਾਇਆ ਜਾਵੇਗਾ, ਜਿਸ ਵਿੱਚ ਨੌਜਵਾਨਾਂ ਤੇ ਬੱਚਿਆਂ ਨੂੰ ਤੰਬਾਕੂ ਦੀ ਵਰਤੋਂ ਤੋਂ ਰੋਕਣ ਲਈ ਅਤੇ ਕੰਮ ਵਾਲੀਆਂ ਥਾਵਾਂ ਨੂੰ ਤੰਬਾਕੂ ਮੁਕਤ ਬਣਾਉਣ ਲਈ ਇੱਕ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਮੁਹਿੰਮ ਦਾ ਉਦੇਸ਼ ਸਾਰੇ ਦਫਤਰਾਂ ਨੂੰ ਤੰਬਾਕੂ ਮੁਕਤ ਬਣਾਉਣਾ ਅਤੇ ਤੰਬਾਕੂ ਦੀ ਵਰਤੋਂ ਨਾ ਕਰਨ ਵਾਲਿਆਂ ਨੂੰ ਕੰਮ ਵਾਲੀਆਂ ਥਾਵਾਂ `ਤੇ ਤੰਬਾਕੂ ਦੇ ਧੂੰਏਂ ਤੋਂ ਬਚਾਉਣਾ ਹੈ।
ਦੱਸਣਯੋਗ ਹੈ ਕਿ 1 ਨਵੰਬਰ ਨੂੰ ਪੰਜਾਬ ਸਟੇਟ ਨੋ ਤੰਬਾਕੂ ਡੇਅ ਮਨਾਉਣ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ। ਮੁਹਿੰਮ ਦਾ ਵਿਸ਼ਾ “ਤੰਬਾਕੂ ਮੁਕਤ ਕਾਰਜ-ਸਥਾਨ” ਹੈ। ਸਮੂਹ ਸਰਕਾਰੀ ਦਫਤਰਾਂ ਨੂੰ ਤੰਬਾਕੂ ਮੁਕਤ ਘੋਸ਼ਿਤ ਕਰਨ ਅਤੇ ਤੰਬਾਕੂ ਵਿਰੋਧੀ ਕਾਨੂੰਨਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ 1 ਨਵੰਬਰ ਤੋਂ 7 ਨਵੰਬਰ 2020 ਤੱਕ ਇੱਕ ਵਿਸ਼ੇਸ਼ ਹਫ਼ਤਾ ਭਰ ਚੱਲਣ ਵਾਲੀ ਮੁਹਿੰਮ ਚਲਾਈ ਜਾਏਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ‘ਤੇ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਨੂੰ ਤੰਬਾਕੂ ਮੁਕਤ ਐਲਾਨਿਆ ਜਾਵੇਗਾ। ਪੰਜਾਬ ਈ-ਸਿਗਰੇਟ, ਹੁੱਕਾ ਬਾਰਾਂ `ਤੇ ਸਮੇਂ ਸਿਰ ਪਾਬੰਦੀ ਲਗਾ ਕੇ ਅਤੇ ਕਾਲਜਾਂ / ਯੂਨੀਵਰਸਿਟੀਆਂ ਦੇ ਹੋਸਟਲਾਂ ਨੂੰ ਤੰਬਾਕੂ ਮੁਕਤ ਘੋਸ਼ਿਤ ਕਰਕੇ ਨੌਜਵਾਨਾਂ ਵੱਲ ਧਿਆਨ ਕੇਂਦਰਤ ਕਰਨ ਵਾਲਾ ਇਕ ਮੋਹਰੀ ਸੂਬਾ ਵੀ ਹੈ। ਇਸ ਮੁਹਿੰਮ ਤਹਿਤ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਸਿਹਤ ਵਿਭਾਗ ਦੇ ਮੰਤਰੀ ਬਲਬੀਰ ਸਿੱਧੂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ, ਪੰਜਾਬ ਨੇ ਤੰਬਾਕੂ ਕੰਟਰੋਲ ਨੂੰ ਇੱਕ ਫਲੈਗਸ਼ਿਪ ਪ੍ਰੋਗਰਾਮ ਵਜੋਂ ਲਿਆ ਹੈ। ਸਾਰੇ ਜ਼ਿਲ੍ਹਿਆਂ ਵਿਚ ਤੰਬਾਕੂ ਛੁਡਾਊ ਕੇਂਦਰ ਸਥਾਪਤ ਕੀਤੇ ਗਏ ਹਨ। ਇਨ੍ਹਾਂ ਕੇਂਦਰਾਂ ਵਿੱਚ ਮੁਫਤ ਕਾਉਂਸਲਿੰਗ ਸੇਵਾਵਾਂ ਅਤੇ ਤੰਬਾਕੂ ਛੱਡਣ ਵਾਲੀਆਂ ਦਵਾਈਆਂ ਜਿਵੇਂ ਬੁਪਰੋਪਾਈਨ ਗੋਲੀ, ਨਿਕੋਟੀਨ ਗਮ ਅਤੇ ਪੈਚਸ ਮੁਹੱਈਆ ਕਰਵਾਏ ਜਾ ਰਹੇ ਹਨ।
ਦੱਸਣਯੋਗ ਹੈ ਕਿ ਤੰਬਾਕੂ ਦੀ ਵਰਤੋਂ ਨੂੰ ਵਿਸ਼ਵ ਪੱਧਰ ਤੇ ਜਨਤਕ ਸਿਹਤ ਲਈ ਇੱਕ ਵੱਡਾ ਖਤਰਾ ਦੱਸਦਿਆਂ ਉਨ੍ਹਾਂ ਕਿਹਾ ਕਿ ਤੰਬਾਕੂਨੋਸ਼ੀ ਕਰਨ ਵਾਲੇ ਸਭ ਤੋਂ ਪਹਿਲਾਂ ਮਾਰੂ ਬਿਮਾਰੀਆਂ ਅਤੇ ਜਲਦੀ ਮੌਤ ਦਾ ਸ਼ਿਕਾਰ ਹੁੰਦੇ ਹਨ ਅਤੇ ਦੂਜਾ ਤੰਬਾਕੂ ਦਾ ਸੇਵਨ ਕਰਨ ਵਾਲਿਆਂ ਵੱਲੋਂ ਜਨਤਕ ਥਾਵਾਂ
ਤੇ ਥੁੱਕਣ ਕਰਕੇ ਇਨਫੈਕਸ਼ਨ ਫੈਲਣ ਨਾਲ ਸਿਹਤ ਸਮੱਸਿਆਵਾਂ ਹੋਣ ਦਾ ਖ਼ਤਰਾ ਵੀ ਵਧ ਜਾਂਦਾ ਹੈ। ਉਨ੍ਹਾਂ ਪੰਜਾਬ ਦੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਜਨਤਕ ਥਾਵਾਂ `ਤੇ ਤੰਬਾਕੂ ਦੀ ਵਰਤੋਂ ਜਾਂ ਤੰਬਾਕੂ ਨਾ ਥੁੱਕਣ ਕਿਉਂਕਿ ਇਸ ਦੀ ਭਾਰਤੀ ਦੰਡਾਵਲੀ, 1860 ਦੀ ਧਾਰਾ 268, 269 ਅਤੇ 278 ਤਹਿਤ ਮਨਾਹੀ ਹੈ