Elderly man commits suicide: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਥੇ ਇੱਕ 79 ਸਾਲਾਂ ਬਜ਼ੁਰਗ ਵੱਲੋਂ ਖੁਦਕੁਸ਼ੀ ਕਰ ਲਈ ਗਈ । ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ ਅਤੇ ਮਾਮਲਾ ਦਰਜ ਕਰਕੇ ਜਾਂਚ ‘ਚ ਜੁੱਟ ਗਈ ਹੈ। ਦੱਸ ਦੇਈਏ ਕਿ ਮ੍ਰਿਤਕ ਬਜ਼ੁਰਗ ਇਕ ਫੈਕਟਰੀ ‘ਚ ਸਕਿਓਰਿਟੀ ਗਾਰਡ ਵਜੋਂ ਤਾਇਨਾਤ ਹੈ। ਮ੍ਰਿਤਕ ਦੀ ਪਛਾਣ ਰਾਮ ਬਹਾਦਰ ਦੇ ਨਾਂ ਨਾਲ ਹੋਈ ਹੈ। ਦੂਜੇ ਪਾਸੇ ਮ੍ਰਿਤਕ ਬਜ਼ੁਰਗ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਕਾਫੀ ਹੰਗਾਮਾ ਕੀਤਾ ਜਾ ਰਿਹਾ ਹੈ ਅਤੇ ਫੈਕਟਰੀ ਮਾਲਕ ‘ਤੇ ਗੰਭੀਰ ਦੋਸ਼ ਲਾਏ ਜਾ ਰਹੇ ਹਨ। ਫਿਲਹਾਲ ਪਰਿਵਾਰਿਕ ਮੈਂਬਰਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਉਹਨਾਂ ਦੇ ਪਿਤਾ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।
ਮ੍ਰਿਤਕ ਰਾਮ ਬਹਾਦਰ ਦੀ ਧੀ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਬੀਤੇ ਕਈ ਸਾਲਾਂ ਤੋਂ ਇੱਥੇ ਕੰਮ ਕਰ ਰਹੇ ਸਨ ਪਰ ਲਗਾਤਾਰ ਫੈਕਟਰੀ ਦੇ ਮਾਲਕ ਉਹਨਾਂ ਨੂੰ ਫੈਕਟਰੀ ਤੋਂ ਕੱਢਣ ਦੀਆਂ ਧਮਕੀਆਂ ਦੇ ਰਹੇ ਸਨ। ਇਸ ਦੇ ਚੱਲਦਿਆਂ ਹੀ ਉਨ੍ਹਾਂ ਦੇ ਪਿਤਾ ਨੇ ਇੰਨਾ ਵੱਡਾ ਕਦਮ ਚੁੱਕਿਆ ਹੈ ਅਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।
ਇਸ ਮਾਮਲੇ ਸਬੰਧੀ ਥਾਣਾ ਡਵੀਜ਼ਨ ਨੰਬਰ 8 ਦੇ ਐੱਸ.ਐੱਚ.ਓ ਜਰਨੈਲ ਸਿੰਘ ਨੇ ਦੱਸਿਆ ਕਿ ਬਜ਼ੁਰਗ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ ਗਈ ਹੈ ਅਤੇ ਪਰਿਵਾਰ ਨੇ ਜੋ ਇਲਜ਼ਾਮ ਲਾਏ ਨੇ ਫਿਲਹਾਲ ਉਸ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਪਰ ਉਹ ਇਸ ਮਾਮਲੇ ਦੀ ਤਫਤੀਸ਼ ਕਰਨਗੇ ਅਤੇ ਪਰਿਵਾਰ ਦੇ ਇਲਜ਼ਾਮਾਂ ਦੇ ਅਧਾਰ ਤੇ ਕਾਰਵਾਈ ਵੀ ਕੀਤੀ ਜਾਵੇਗੀ।