Sukhjinder Randhawa’s response : ਚੰਡੀਗੜ੍ਹ : ਖੇਤੀ ਕਾਨੂੰਨਾਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ 4 ਨਵੰਬਰ ਨੂੰ ਮੀਟਿੰਗ ਹੋਣੀ ਸੀ ਪਰ ਅੱਜ ਉਨ੍ਹਾਂ ਨੇ ਮੀਟਿੰਗ ਕਰਨ ਤੋਂ ਨਾਂਹ ਕਰ ਦਿੱਤੀ। ਇਸ ‘ਤੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜਿਸ ਤਰ੍ਹਾਂ ਤੋਂ ਰਾਸ਼ਟਰਪਤੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਤੇ ਮੰਤਰੀਆਂ ਸਮੇਤ ਵਿਧਾਇਕਾਂ ਨੂੰ ਸਮਾਂ ਨਹੀਂ ਦਿੱਤਾ ਗਿਆ ਤਾਂ ਉਨ੍ਹਾਂ ਨੂੰ ਅੱਗੇ ਵੀ ਉਮੀਦ ਨਹੀਂ ਹੈ ਕਿ ਸਮਾਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਈ ਦਿਨਾਂ ਤੋਂ ਸਾਡੇ ਸੰਸਦ ਮੈਂਬਰ ਕੇਂਦਰ ਦੇ ਮੰਤਰੀਆਂ ਨੂੰ ਮਿਲਣ ਦਾ ਸਮਾਂ ਮੰਗ ਰਹੇ ਹਨ ਪਰ ਉਹ ਸਮਾਂ ਨਹੀਂ ਦੇ ਰਹੇ ਪਰ ਦੇਸ਼ ਹਿੱਤ ਲਈ ਦੇਖਿਆ ਜਾਵੇ ਤਾਂ ਰਾਸ਼ਟਰਪਤੀ ਨੂੰ ਸਮਾਂ ਦੇਣਾ ਚਾਹੀਦਾ ਸੀ। ਰੰਧਾਵਾ ਨੇ ਕਿਹਾ ਕਿ ਜਦੋਂ ਤੋਂ ਭਾਜਪਾ ਸੱਤਾ ‘ਚ ਆਈ ਹੈ ਉਦੋਂ ਤੋਂ ਭਵਿੱਖ ਲਈ ਇੱਕ ਬੁਰੀ ਰੀਤ ਹੀ ਚੱਲਦੀ ਦਿਖਾਈ ਦੇ ਰਹੀ ਹੈ ਤੇ ਜਿਸ ਤਰ੍ਹਾਂ ਤੋਂ ਭਾਜਪਾ ਦੇ ਪ੍ਰਧਾਨ ਜੇ. ਪੀ. ਨੱਡਾ, ਅਸ਼ਵਨੀ ਸ਼ਰਮਾ ਜਾਂ ਫਿਰ ਸੋਮ ਪ੍ਰਕਾਸ਼ ਦੀ ਸ਼ਬਦਾਵਲੀ ਨੂੰ ਦੇਖਿਆ ਜਾਵੇ ਤਾਂ ਉਹ ਵੀ ਸਹੀ ਨਹੀਂ ਹੈ। ਇਥੋਂ ਤੱਕ ਕਿ ਸੋਮਪ੍ਰਕਾਸ਼ ਜਿਸ ਤਰ੍ਹਾਂ ਦੀ ਸ਼ਬਦਾਵਲੀ ਇਸਤੇਮਾਲ ਕਰ ਰਹੇ ਹਨ ਤਾਂ ਮੈਨੂੰ ਨਹੀਂ ਲੱਗਦਾ ਕਿ ਉਹ ਬੋਲ ਰਹੇ ਹਨ। ਇੰਝ ਜਾਪਦਾ ਹੈ ਕਿ ਕੋਈ ਹੋਰ ਬੋਲ ਰਿਹਾ ਹੈ।
ਅੱਜ ਕਿਸਾਨਾਂ ਨਾਲ ਹੋਈ ਬੈਠਕ ‘ਤੇ ਬੋਲਦੇ ਹੋਏ ਰੰਧਾਵਾ ਨੇ ਕਿਹਾ ਕਿ ਅੱਜ ਦੀ ਬੈਠਕ ਪਹਿਲਾਂ ਤੋਂ ਤੈਅ ਸੀ ਅਤੇ ਹੁਣ ਇੱਕ ਬੈਠਕ ਸੀ. ਐੱਮ. ਨਾਲ ਹੋਵੇਗੀ ਜਿਸ ਨੂੰ ਦੀਵਾਲੀ ਤੋਂ ਬਾਅਦ ਤੈਅ ਕੀਤਾ ਜਾਵੇਗਾ। ਪੰਜਾਬ ਨੂੰ ਲੈ ਕੇ ਰੰਧਾਵਾ ਨੇ ਕਿਹਾ ਕਿ ਮੋਦੀ ਸਾਹਿਬ ਉਨ੍ਹਾਂ ਨਾਲ ਕਈ ਅਨਿਆਂ ਕਰ ਰਹੇ ਹਨ। ਮੁੱਖ ਮੰਤਰੀ ਵੱਲੋਂ ਪੰਜਾਬ ‘ਚ ਰੇਲ ਆਵਾਜਾਈ ਬੰਦ ਹੋਣ ‘ਤੇ ਵੀ ਚਿੰਤਾ ਪ੍ਰਗਟਾਈ ਜਾ ਰਹੀ ਹੈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਇੰਝ ਹੀ ਰਿਹਾ ਤਾਂ ਪੰਜਾਬ ਨੂੰ ਵਿੱਤੀ ਸੰਕਟ ਨਾਲ ਜੂਝਣਾ ਪੈ ਸਕਦਾ ਹੈ। ਭਾਰਤ ਦੇ ਰਾਸ਼ਟਰਪਤੀ ਨੇ ਮੀਟਿੰਗ ਲਈ ਸਮਾਂ ਨਾ ਦਿੱਤੇ ਜਾਣ ਕਾਰਨ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਉਹ ਰਾਜ ਦੇ ਬਿਜਲੀ ਸੰਕਟ ਅਤੇ ਸਪਲਾਈ ਦੀ ਨਾਜ਼ੁਕ ਸਥਿਤੀ ਨੂੰ ਉਭਾਰਨ ਲਈ ਕੱਲ੍ਹ ਦਿੱਲੀ ਦੇ ਰਾਜਘਾਟ ਵਿਖੇ ਵਿਧਾਇਕਾਂ ਦੇ ਰਿਲੇਅ ਧਰਨੇ ਦੀ ਅਗਵਾਈ ਕਰਨਗੇ।