ludhiana corona positive cases: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ‘ਚ ਫਿਰ ਤੋਂ ਕੋਰੋਨਾ ਨੇ ਰਫਤਾਰ ਫੜ ਲਈ ਹੈ। ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨ ਭਾਵ ਬੁੱਧਵਾਰ ਨੂੰ ਕੋਰੋਨਾ ਦੇ 63 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 46 ਲੁਧਿਆਣਾ ਨਾਲ ਸਬੰਧਿਤ ਹਨ ਜਦਕਿ 17 ਦੂਜੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ। ਇਸ ਦੇ ਨਾਲ ਹੀ ਜਿਹੜੇ 4 ਮਰੀਜ਼ਾਂ ਦੀ ਮੌਤ ਹੋਈ ਹੈ, ਉਨ੍ਹਾਂ ‘ਚੋਂ 3 ਲੁਧਿਆਣਾ ਨਾਲ ਸਬੰਧਿਤ ਹਨ। ਦੱਸ ਦੇਈਏ ਕਿ ਨਵੰਬਰ ਮਹੀਨੇ ਦੇ 4 ਦਿਨਾਂ ‘ਚ ਹੁਣ ਤੱਕ ਦਾ ਸਭ ਤੋਂ ਉੱਚਾ ਅੰਕੜਾ ਹੈ। ਇਸ ਤੋਂ ਪਹਿਲੇ 3 ਦਿਨਾਂ ‘ਚੋਂ 2 ਦਿਨਾਂ ਦੌਰਾਨ 1-1 ਮਰੀਜ਼ ਦੀ ਮੌਤ ਹੋਈ ਸੀ।
ਦੱਸਣਯੋਗ ਹੈ ਕਿ ਲੁਧਿਆਣਾ ‘ਚ ਹੁਣ ਤੱਕ 845 ਮਰੀਜ਼ ਦਮ ਤੋੜ ਚੁੱਕੇ ਹਨ। ਇਹ ਵੀ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਕਿ 19 ਤਾਰੀਕ ਤੋਂ ਸਰਗਰਮ ਮਾਮਲਿਆਂ ਦੀ ਗਿਣਤੀ ਘੱਟ ਰਹੀ ਸੀ, ਜਿਹੜੇ ਹੁਣ ਫਿਰ ਤੋਂ ਵੱਧਣ ਲੱਗੇ ਹਨ। ਸਰਗਰਮ ਮਾਮਲਿਆਂ ‘ਚੋਂ ਹੁਣ 330 ਮਰੀਜ਼ ਹੋਮ ਆਈਸੋਲੇਟ ਹਨ, ਜਦਕਿ ਲੈਵਲ-2 ਅਤੇ ਲੈਵਲ-3 ਦੇ ਮਰੀਜ਼ਾਂ ਦੀ ਗਿਣਤੀ 81 ਤੱਕ ਪਹੁੰਚ ਚੁੱਕੀ ਹੈ। ਮਾਮਲਿਆਂ ‘ਚ ਹਲਕਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਡਿਸਚਾਰਜ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ‘ਚ ਗਿਰਾਵਟ ਆਉਣੀ ਸ਼ੁਰੂ ਹੋ ਗਈ ਹੈ।
ਹੁਣ ਤੱਕ ਲੁਧਿਆਣਾ ‘ਚ 20520 ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਮਿਲ ਚੁੱਕੀ ਹੈ, ਜਿਨ੍ਹਾਂ ‘ਚੋਂ 19221 ਮਰੀਜ਼ ਸਿਹਤਯਾਬ ਹੋ ਚੁੱਕੇ ਹਨ ਜਦਕਿ 454 ਸਰਗਰਮ ਮਾਮਲੇ ਹਨ। ਇਸ ਤੋਂ ਇਲਾਵਾ ਦੂਜੇ ਜ਼ਿਲ੍ਹਿਆਂ ਅਤੇ ਸੂਬਿਆਂ ਤੋਂ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ 2810 ਤੱਕ ਪਹੁੰਚ ਚੁੱਕੀ ਹੈ, ਜਿਨ੍ਹਾਂ ‘ਚੋਂ 73 ਸਰਗਰਮ ਮਾਮਲੇ ਹਨ ਜਦਕਿ 329 ਮਰੀਜ਼ ਦਮ ਤੋੜ ਚੁੱਕੇ ਹਨ।