Congress will stage a series of dharnas : ਚੰਡੀਗੜ : ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਕਾਨੂੰਨਾਂ ਦਾ ਕਿਸਾਨਾਂ ਦੇ ਨਾਲ-ਨਾਲ ਸਿਆਸੀ ਪਾਰਟੀਆਂ ਵੱਲੋਂ ਵੀ ਵਿਰੋਧ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਵੱਲੋਂ ਬੀਤੇ ਦਿਨ ਜੰਤਰ-ਮੰਤਰ ‘ਤੇ ਧਰਨਾ ਦਿੱਤੇ ਜਾਣ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਪਾਰਟੀ ਨੇ ਦੀਵਾਲੀ ਤੋਂ ਬਾਅਦ ਕਿਸਾਨਾਂ ਨੂੰ ਇਨ੍ਹਾਂ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਵਿੱਚ ਜੰਤਰ ਮੰਤਰ ‘ਤੇ ਲੜੀਵਾਰ ਧਰਨੇ ਦੇਣ ਦਾ ਫੈਸਲਾ ਕੀਤਾ ਹੈ, ਜਿਸ ਵਿੱਚ ਪੰਜਾਬ ਦੇ ਵਿਧਾਇਕ ਵਾਰੋ ਵਾਰੀ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਧਰਨੇ ‘ਤੇ ਬੈਠਿਆ ਕਰਣਗੇ। ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨ ਮਾਰੂ ਕਾਨੂੰਨ ਬਣਾ ਕੇ ਲਾਗੂ ਕਰਨ ਦੀ ਕੀਤੀ ਜਾ ਰਹੀ ਜਿੱਦ ਨਾਲ ਪੰਜਾਬ ਪੂਰੀ ਤਰਾਂ ਆਰਥਿਕ ਤੌਰ ‘ਤੇ ਬਰਬਾਦ ਹੋ ਜਾਵੇਗਾ। ਪੰਜਾਬ ਖੇਤੀ ਅਧਾਰਤ ਸੂਬਾ ਹੈ ਅਤੇ ਕਿਸਾਨੀ ਦੇ ਬਰਬਾਦ ਹੋ ਜਾਣ ਤੋਂ ਬਾਅਦ ਪੰਜਾਬ ਬਚ ਨਹੀਂ ਸਕੇਗਾ। ਕੇਂਦਰ ਦੇ ਇਨ੍ਹਾਂ ਕਾਲੇ ਕਾਨੂੰਨਾਂ ਦਾ ਅਸਰ ਸਮਾਜ ਦੇ ਸਾਰੇ ਵਰਗਾਂ ‘ਤੇ ਪਵੇਗਾ।
ਜਾਖੜ ਨੇ ਕਿਹਾ ਕਿ ਕਿ ਕੇਂਦਰ ਸਰਕਾਰ ਵੱਲੋਂ ਅਪਨਾਇਆ ਗਿਆ ਅੜੀਅਲ ਰੁੱਖ ਦੇਸ਼ ਦੇ ਸੰਘੀ ਢਾਂਚੇ ਲਈ ਵੱਡਾ ਖਤਰਾ ਹੈ। ਕੇਂਦਰ ਸਰਕਾਰ ਨਾ ਤਾਂ ਪੰਜਾਬ ਦੀ ਚੁਣੀ ਹੋਈ ਸਰਕਾਰ ਦੀ ਗੱਲ ਸੁਣ ਰਹੀ ਹੈ ਅਤੇ ਨਾ ਹੀ ਪੰਜਾਬ ਦੇ ਕਰੋੜਾਂ ਲੋਕਾਂ ਦੇ ਰੋਹ ਨੂੰ ਸਮਝ ਰਹੀ ਹੈ। ਜਿਸ ਤਰਾਂ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਕੇਂਦਰ ਸਰਕਾਰ ਪੰਜਾਬ ਦੀ ਖੇਤੀ ਨੂੰ ਤਬਾਹ ਕਰਨ ਤੇ ਤੁਲੀ ਹੋਈ ਹੈ ਇਸ ਦੇ ਦੂਰਗਾਮੀ ਤੇ ਮਾੜੇ ਨਤੀਜੇ ਨਿਕਲਣਗੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਖੇਤੀ ਸੋਧ ਬਿੱਲ ਪਾਸ ਕੀਤੇ ਗਏ ਸਨ। ਇਨ੍ਹਾਂ ਕਾਨੂੰਨਾਂ ਦੇ ਵਿਰੋਧ ਵਿੱਚ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਕੱਲ੍ਹ ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨਾ ਦਿੱਤਾ ਸੀ।
ਉਥੇ ਹੀ ਅੱਜ ਇਨ੍ਹਾਂ ਕਾਨੂੰਨਾਂ ਦੇ ਵਿਰੋਧ ਵਿੱਚ ਭਾਰਤ ਬੰਦ ਕੀਤਾ ਗਿਆ, ਜਿਸ ਨੂੰ ਪੰਜਾਬ ਵਿੱਚ ਵੀ ਭਰਵਾਂ ਹੁੰਗਾਰਾ ਮਿਲਿਆ ਤੇ ਕਿਸਾਨਾਂ ਨੇ ਸੂਬੇ ਵਿੱਚ ਥਾਂ-ਥਾਂ ‘ਤੇ ਰੋਸ ਮੁਜ਼ਾਹਰੇ ਕੀਤੇ। ਕਿਸਾਨਾਂ ਵੱਲੋਂ ਲੰਮੇ ਸਮੇਂ ਤੋਂ ਰੇਲ ਗੱਡੀਆਂ ਵੀ ਰੋਕੀਆਂ ਗਈਆਂ ਹਨ ਪਰ ਕੇਂਦਰ ਸਰਕਾਰ ਵੱਲੋਂ ਆਪਣੇ ਰਵੱਈਏ ਵਿੱਚ ਜ਼ਰਾ ਵੀ ਢਿੱਲ ਨਹੀਂ ਵਰਤੀ ਗਈ, ਜਿਸ ਕਾਰਨ ਪੂਰੇ ਪੰਜਾਬ ਦੇ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।