Akal Takht Jathedar condemned : ਪੰਜਾਬ ਦੇ ਜ਼ਿਲ੍ਹਾ ਮੋਹਾਲੀ ਦੇ ਪਿੰਡ ਦੇਵੀਪੁਰਾ ‘ਚ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ‘ਤੇ ਆਪਣਾ ਪ੍ਰਤੀਕਰਮ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਅੰਦਰ ਪਿਛਲੇ ਸਮੇਂ ਤੋਂ ਬੇਅਦਬੀ ਦੀਆਂ ਘਟਨਾਵਾਂ ਚ ਵਾਧਾ ਹੋਇਆ ਹੈ ਜੋ ਅਤਿ ਚਿੰਤਾਜਨਕ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕੌਮੀ ਵਿਦਵਾਨਾਂ ਨੂੰ ਜਿੱਥੇ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੁਝਾਅ ਭੇਜਣ ਕਿ ਬੇਅਦਬੀ ਦੀਆਂ ਘਟਨਾਵਾਂ ਨੂੰ ਕਿਵੇਂ ਰੋਕਿਆ ਜਾ ਸਕਦਾ ਹੈ। ਉੱਥੇ ਹੀ ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਕਤ ਘਟਨਾਵਾਂ ਰੋਕ ਕੇ ਬੇਅਦਬੀ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਵੇ ਨਹੀਂ ਤਾਂ ਖਾਲਸਾ ਪੰਥ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੇ ਸਮਰੱਥ ਹੈ।
ਉਨ੍ਹਾਂ ਕਿਹਾ ਕਿ ਇਹ ਬਹੁਤ ਸ਼ਰਮਨਾਕ ਗੱਲ ਹੈ ਕਿ ਬੀਤੇ ਦਿਨ ਵਾਪਰੀ ਬੇਅਦਬੀ ਦੀ ਇੱਕ ਘਟਨਾ ਵਿੱਚ ਇੱਕ ਸਿੱਖ ਪਰਿਵਾਰ ਦਾ ਲੜਕਾ ਸ਼ਾਮਿਲ ਪਾਇਆ ਗਿਆ ਜੋ ਸਿਰਫ ਇਸ ਲਈ ਬੇਅਦਬੀ ਕਰਦਾ ਹੈ ਕਿ ਉਹ ਮਸ਼ਹੂਰ ਹੋ ਸਕੇ ਜੋ ਅਤਿ ਨਿੰਦਣਯੋਗ ਹੈ। ਸਿੰਘ ਸਾਹਿਬ ਨੇ ਕਿਹਾ ਕਿ ਜੇ ਬੇਅਦਬੀ ਕਰਨ ਵਾਲਿਆਂ ਨੂੰ ਕਾਨੂੰਨ ਦਾ ਡਰ ਨਹੀਂ ਤਾਂ ਇਹ ਤਾਂ ਸੋਚਣਾ ਚਾਹੀਦਾ ਹੈ ਕਿ ਪ੍ਰਮਾਤਮਾ ਦੇ ਘਰ ਓਹਨਾ ਨੂੰ ਸਜ਼ਾ ਮਿਲੇਗੀ।
ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਸਜੀਪੀਸੀ ਪ੍ਰਧਾਨ ਨੇ ਦੋਸ਼ੀ ਖਿਲਾਫ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਇਸ ਔਰਤ ਪਾਸੋਂ ਡੂੰਘਾਈ ਨਾਲ ਪੁੱਛਗਿਛ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਅਵੇਸਲੇ ਢੰਗ ਨਾਲ ਕੰਮ ਕਰ ਰਹੀ ਹੈ, ਇਸੇ ਕਰਕੇ ਹੀ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਘਟਨਾਵਾਂ ਆਏ ਦਿਨ ਵਾਪਰ ਰਹੀਆਂ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਗੰਭੀਰ ਢੰਗ ਨਾਲ ਆਪਣੀ ਜ਼ਿੰਮੇਵਾਰੀ ਨਿਭਾਏ ਤਾਂ ਅਜਿਹੀਆਂ ਘਟਨਾਵਾਂ ਰੋਕੀਆਂ ਜਾ ਸਕਦੀਆਂ ਹਨ। ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਨੂੰ ਸੁਚੇਤ ਰੂਪ ਵਿਚ ਨਿਗਰਾਨੀ ਕਰਨੀ ਚਾਹੀਦੀ ਹੈ।