smart schools Ludhiana children: ਲੁਧਿਆਣਾ (ਤਰਸੇਮ ਭਾਰਦਵਾਜ)-ਸਰਕਾਰੀ ਸਕੂਲਾਂ ਦੇ ਪੱਧਰ ਨੂੰ ਉੱਚਾ ਚੁੱਕਣ ਅਤੇ ਬੱਚਿਆਂ ਨੂੰ ਚੰਗੀ ਸਿੱਖਿਆ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਹਿਲ ਕਦਮੀ ਕੀਤੀ ਗਈ ਹੈ। ਦਰਅਸਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੁਝ ਸਕੂਲਾਂ ਨੂੰ ਸਮਾਰਟ ਸਕੂਲ ਐਲਾਨ ਕੀਤਾ ਗਿਆ ਹੈ, ਜਿਸ ਦੇ ਤਹਿਤ ਲੁਧਿਆਣਾ ਦੇ ਬੱਚਤ ਭਵਨ ‘ਚ ਵੀ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇੱਥੇ ਮੁੱਖ ਮੰਤਰੀ ਵੱਲੋਂ ਵਰਚੂਅਲ ਮੀਟਿੰਗ ਦੌਰਾਨ ਸਮਾਰਟ ਸ੍ਰੇਣੀ ‘ਚ ਸ਼ਾਮਿਲ ਸਕੂਲਾਂ ਦਾ ਉਦਘਾਟਨ ਕੀਤਾ ਗਿਆ ਅਤੇ ਇਸ ਦੇ ਨਾਲ ਹੀ ਸਿੱਖਿਆ ਨੂੰ ਡਿਜ਼ੀਟਲ ਬਣਾਉਣ ਲਈ ਟੈਬਲੇਟ ਵੀ ਵੰਡੇ ਗਏ। ਦੱਸ ਦੇਈਏ ਕਿ ਇਸ ਦੌਰਾਨ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਚੇਅਰਮੈਨ ਅਮਰਜੀਤ ਸਿੰਘ ਟਿੱਕਾ, ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਦੀਪ ਕੁਮਾਰ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖਸੀਅਤਾਂ ਪਹੁੰਚੀਆਂ।
ਇਸ ਮੌਕੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਕਿ ਅੱਜ ਇਸ ਵਰਚੂਅਲ ਪ੍ਰੋਗਰਾਮ ਦੌਰਾਨ ਲੁਧਿਆਣਾ ਦੇ 107 ਸਮਾਰਟ ਸਕੂਲਾਂ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਇਲਾਵਾ 38 ਸਕੂਲਾਂ ਨੂੰ 267 ਟੈਬਲੇਟ ਦਿੱਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਕੁੱਲ 993 ਪ੍ਰਾਇਮਰੀ ਸਕੂਲ ‘ਚੋਂ 964 ਸਕੂਲ ਅਤੇ ਉਪਰਲੇ-ਪ੍ਰਾਇਮਰੀ ਸ਼੍ਰੇਣੀ ਦੇ ਕੁੱਲ 533 ਸਕੂਲਾਂ ‘ਚੋਂ 521 ਪਹਿਲੇ ਪੜਾਅ ‘ਚ ਸਮਾਰਟ ਸਕੂਲ ‘ਚ ਤਬਦੀਲ ਹੋ ਗਏ ਹਨ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਲ 2020-21 ਲਈ ਮਿਸ਼ਨ ਸ਼ਤ ਪ੍ਰਤੀਸ਼ਤ (ਮਿਸ਼ਨ 100) ਦੀ ਸ਼ੁਰੂਆਤ ਕੀਤੀ ਗਈ ਤਾਂ ਜੋ ਸਕੂਲਾਂ ਨੂੰ ਕੋਵਿਡ ਸੰਕਟ ਦੇ ਬਾਵਜੂਦ 100 ਫੀਸਦੀ ਨਤੀਜੇ ਹਾਸਲ ਕਰਨ ਦੇ ਸਮਰੱਥ ਬਣਾਇਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ 372 ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ 2625 ਟੈਬਲੇਟਸ ਵੰਡੇ ਅਤੇ 1467 ਸਕੂਲਾਂ ਦਾ ਵਰਚੂਅਲ ਢੰਗ ਨਾਲ ਉਦਘਾਟਨ ਕੀਤਾ।