Hindu organizations block bus stand : ਅੰਮ੍ਰਿਤਸਰ ਦੇ ਮਾਨਾਵਾਲਾ ’ਚ ਦੁਸਹਿਰੇ ਵਾਲੇ ਦਿਨ ਭਗਵਾਨ ਸ਼੍ਰੀ ਰਾਮ ਚੰਦਰ ਜੀ ਦਾ ਕੁਝ ਸ਼ਰਾਰਤੀ ਅਨਸਰਾਂ ਵਲੋਂ ਪੁਤਲਾ ਫੂਕਣ ਦਾ ਮਾਮਲਾ ਦਿਨ- ਦਿਨ ਹੋਰ ਵੀ ਗਰਮਾ ਰਿਹਾ ਹੈ। ਇਸ ਦੇ ਰੋਸ ਰੋਸ ਵਜੋਂ ਦੀਨਾਨਗਰ ’ਚ ਵੱਖ-ਵੱਖ ਹਿੰਦੂ ਸੰਗਠਨਾਂ ਨੇ ਬੱਸ ਸਟੈਂਡ ’ਤੇ ਜਾਮ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ।
ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਿੰਦੂ ਸੰਗਠਨਾਂ ਦੇ ਆਗੂਆਂ ਨੇ ਕਿਹਾ ਕਿ ਅੰਮ੍ਰਿਤਸਰ ਦੇ ਮਾਨਾਵਾਲਾ ’ਚ ਸ਼ਰਾਰਤੀ ਅਨਸਰਾਂ ਵਲੋਂ ਜੋ ਸ਼੍ਰੀ ਰਾਮ ਚੰਦਰ ਜੀ ਦਾ ਪੁਤਲਾ ਫੂਕਿਆ ਗਿਆ ਸੀ ਉਸਦੇ ਰੋਸ ਵਜੋਂ ਅੱਜ ਦੀਨਾਨਗਰ ਦੇ ਬੱਸ ਸਟੈਂਡ ’ਤੇ ਰੋਸ ਮੁਜ਼ਾਹਰਾ ਕੀਤਾ ਗਿਆ ਹੈ ਅਤੇ ਪ੍ਰਸਾਸ਼ਨ ਨੂੰ ਮੰਗ ਕੀਤੀ ਗਈ ਹੈ ਕਿ ਅਜਿਹੀ ਘਟਨਾ ਕਰਨ ਵਾਲੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕੀਤਾ ਜਾਵੇ ਅਤੇ ਉਨ੍ਹਾਂ ਤੇ 302 ਦਾ ਪਰਚਾ ਦਰਜ ਕੀਤਾ ਜਾਵੇ। ਦੱਸਣਯੋਗ ਹੈ ਕਿ ਪੰਜਾਬ ਵਿੱਚ ਅੱਜ ਪਟਿਆਲਾ ਵਿੱਚ ਵੀ ਇਸੇ ਰੋਸ ਵਜੋਂ ਹਿੰਦੂ ਧਾਰਮਿਕ ਜਥੇਬੰਦੀਆਂ ਨੇ ਵੀ ਬੱਸ ਸਟੈਂਡ ‘ਤੇ ਧਰਨਾ ਦਿੱਤਾ। ਉੱਥੇ ਹੀ ਸ੍ਰੀ ਹਨੂੰਮਾਨ ਚਾਲੀਸਾ ਦਾ ਪਾਠ ਵੀ ਕੀਤਾ ਗਿਆ। ਇਸ ਮੌਕੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਕਿ ਸਰਕਾਰ ਸ਼੍ਰੀ ਰਾਮ ਚੰਦਰ ਜੀ ਦਾ ਪੁਤਲਾ ਫੂਕਣ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰੇ। ਨਹੀਂ ਤਾਂ ਉਨ੍ਹਾਂ ਵੱਲੋਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ। ਜ਼ਿਕਰਯੋਗ ਹੈ ਕਿ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਗਈ ਇਸ ਹਰਕਤ ਕਾਰਨ ਹਿੰਦੂ ਧਾਰਮਿਕ ਜਥੇਬੰਦੀਆਂ ਰੋਸ ਪਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਛੇਤੀ ਤੋਂ ਛੇਤੀ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਇਥੇ ਜ਼ਿਕਰਯੋਗ ਹੈ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ਦੇ ਆਧਾਰ ‘ਤੇ ਪੁਲਿਸ ਨੇ ਸ਼੍ਰੀ ਰਾਮ ਦਾ ਪੁਤਲਾ ਫੂਕਣ ਦੇ ਦੋਸ਼ ਹੇਠ ਅਣਪਛਾਤੇ ਲੋਕਾਂ ਖਿਲਾਫ ਪਰਚਾ ਦਰਜ ਕੀਤਾ ਸੀ ਤੇ ਇਸ ਮਾਮਲੇ ਵਿੱਚ ਹੁਣ ਚਾਰ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਸੀ। ਦੋਸ਼ੀਆਂ ਨੇ ਵਾਇਰਲ ਵੀਡੀਓ ਵਿੱਚ ਇਤਰਾਜ਼ਯੋਗ ਸ਼ਬਦਾਵਲੀ ਦੀ ਵੀ ਵਰਤੋਂ ਕੀਤੀ ਸੀ। ਹਾਲਾਂਕਿ ਪੁਲਿਸ ਵੱਲੋਂ ਬਾਕੀ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।