Higher and medical : ਬਠਿੰਡਾ : ਪੰਜਾਬ ‘ਚ ਕੋਰੋਨਾ ਦੇ ਕੇਸਾਂ ਦੀ ਗਿਣਤੀ ‘ਚ ਹੁਣ ਕਮੀ ਆ ਰਹੀ ਹੈ ਜਿਸ ਕਾਰਨ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਵੱਖ-ਵੱਖ ਗਾਈਡਲਾਈਨਜ਼ ਜਾਰੀ ਕੀਤੀਆਂ ਜਾਂਦੀਆਂ ਰਹੀਆਂ ਹਨ। ਇਸੇ ਅਧੀਨ ਬਠਿੰਡਾ ਵਿਖੇ ਜਿਲ੍ਹਾ ਮੈਜਿਸਟ੍ਰੇਟ ਸ਼੍ਰੀ ਬੀ.ਸ੍ਰੀਨਿਵਾਸਨ ਨੇ 16 ਨਵੰਬਰ ਤੋਂ ਜ਼ਿਲ੍ਹੇ ’ਚ ਸਾਰੇ ਉਚੇਰੀ ਸਿੱਖਿਆ, ਮੈਡੀਕਲ ਸਿੱਖਿਆ ਅਤੇ ਰਿਸਰਚ ਅਤੇ ਟੈਕਨੀਕਲ ਸੰਸਥਾਵਾਂ ਅਤੇ ਸਾਰੀ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਖੋਲਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਮੈਡੀਕਲ ਸਿੱਖਿਆ ਅਤੇ ਰਿਸਰਚ ਡਿਪਾਰਟਮੈਂਟ ਖੋਜ ਵਿਭਾਗ ਨਾਲ ਸਬੰਧਤ ਯੂਨੀਵਰਸਿਟੀਆਂ ਅਤੇ ਕਾਲਜਾਂ ’ਚ ਪੜ੍ਹ ਰਹੇ ਆਖਰੀ ਸਾਲ ਦੇ ਵਿਦਿਆਰਥੀਆਂ ਲਈ ਲਾਗੂ ਹੋਣਗੇ। ਇਹ ਫੈਸਲਾ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਧਿਆਨ ‘ਚ ਰੱਖਦੇ ਹੋਏ ਲਿਆ ਗਿਆ ਹੈ।
ਜਿਲ੍ਹਾ ਮੈਜਿਸਟ੍ਰੇਟ ਨੇ ਇਹ ਵੀ ਸਪੱਸ਼ਟ ਕੀਤਾ ਕਿ ਭਾਵੇਂ ਇਨ੍ਹਾਂ ਮੈਡੀਕਲ ਸਿੱਖਿਆ ਤੇ ਰਿਸਰਚ ਵਿਭਾਗ ਤੇ ਸਿੱਖਿਆ ਸੰਸਥਾਵਾਂ ਨੂੰ ਖੋਲ੍ਹ ਦਿੱਤਾ ਗਿਆ ਹੈ ਪਰ ਭਾਰਤ ਸਰਕਾਰ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਾ ਲਾਜ਼ਮੀ ਹੋਵੇਗਾ ਤੇ ਜੇ ਕੋਈ ਇਨ੍ਹਾਂ ਆਦੇਸ਼ਾਂ ਦੀ ਪਾਲਣਾ ਨਹੀਂ ਕਰਦਾ ਤਾਂ ਉਸ ਖਿਲਾਫ ਆਫਤ ਪ੍ਰਬੰਧਨ ਐਕਟ 2005 ਤਹਿਤ ਕਾਰਵਾਈ ਵੀ ਕੀਤੀ ਜਾਵੇਗੀ। ਇਹ ਆਦੇਸ਼ ਕੰਨਟੇਨਮੈਂਟ ਜ਼ੋਨ ਤੋਂ ਬਾਹਰਲੇ ਖੇਤਰ ਵਿੱਚ ਹੀ ਲਾਗੂ ਰਹਿਣਗੇ।
ਸੂਬੇ ‘ਚ ਲਗਭਗ 7 ਮਹੀਨਿਆਂ ਤੋਂ ਸਾਰੀਆਂ ਸਿੱਖਿਅਕ ਸੰਸਥਾਵਾਂ ਬੰਦ ਪਈਆਂ ਹਨ। ਭਾਵੇਂ ਸਰਕਾਰ ਵੱਲੋਂ ਬੱਚਿਆਂ ਦੀ ਆਨਲਾਈਨ ਪੜ੍ਹਾਈ ਦੀ ਵਿਵਸਥਾ ਤਾਂ ਕੀਤੀ ਗਈ ਹੈ ਪਰ ਫਿਰ ਵੀ ਉਚੇਰੀ ਤੇ ਮੈਡੀਕਲ ਸਿੱਖਿਆ ਵਾਲੇ ਵਿਦਿਆਰਥੀਆਂ ਨੂੰ ਪੜ੍ਹਾਈ ‘ਚ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਹੁਣ ਵਿਦਿਆਰਥੀਆਂ ਦੇ ਪੇਪਰ ਵੀ ਨੇੜੇ ਆ ਰਹੇ ਹਨ ਜਿਸ ਕਾਰਨ ਜਿਲ੍ਹਾ ਮੈਜਿਸਟ੍ਰੇਟ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ ਤਾਂ ਜੋ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋ ਸਕੇ। ਕੁਝ ਮੈਡੀਕਲ ਦੇ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਨੂੰ ਸਮਝਣ ‘ਚ ਕਾਫੀ ਪ੍ਰੇਸ਼ਾਨੀ ਆ ਰਹੀ ਸੀ ਪਰ ਹੁਣ ਜਦੋਂ ਕਿ ਜਿਲ੍ਹਾ ਪ੍ਰਸ਼ਾਸਨ ਵੱਲੋਂ ਰਿਸਰਚ ਤੇ ਟੈਕਨੀਕਲ ਸੰਸਥਾਵਾਂ ਨੂੰ ਖੋਲ੍ਹਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਤਾਂ ਹੁਣ ਉਨ੍ਹਾਂ ਦੀ ਸਮੱਸਿਆ ਹੱਲ ਹੋ ਜਾਵੇਗੀ।