Big decision taken by farmers : ਪੰਜਾਬ ਵਿੱਚ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਸੂਬੇ ਵਿੱਚ ਰੇਲ ਗੱਡੀਆਂ ਵੀ ਬੰਦ ਹਨ, ਜਿਸ ਨੂੰ ਲੈ ਕੇ ਜਿਥੇ ਪੰਜਾਬ ਸਰਕਾਰ ਚਿੰਤਾ ਵਿੱਚ ਹੈ, ਉਥੇ ਹੀ ਆਮ ਲੋਕਾਂ ਨੂੰ ਵੀ ਬਹੁਤ ਹੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ 13 ਨਵੰਬਰ ਨੂੰ ਕਿਸਾਨਾਂ ਦੀ ਕੇਂਦਰ ਨਾਲ ਮੀਟਿੰਗ ਨੂੰ ਲੈ ਕੇ ਇੱਕ ਉਮੀਦ ਜਾਗੀ ਸੀ ਸ਼ਾਇਦ ਇਸ ਮੁੱਦੇ ਦਾ ਕੋਈ ਹੱਲ ਨਿਕਲੇਗਾ ਅਤੇ ਸੂਬੇ ਵਿੱਚ ਰੇਲ ਗੱਡੀਆਂ ਬਹਾਲ ਹੋਣਗੀਆਂ। ਪਰ ਅਜਿਹਾ ਕੁਝ ਜਾਪਦਾ ਨਜ਼ਰ ਨਹੀਂ ਆ ਰਿਹਾ ਹੈ ਕਿਉਂਕਿ ਜਥੇਬੰਦੀਆਂ ਵਿੱਚੋਂ ਕਿਸਾਨ ਸੰਘਰਸ਼ ਕਮੇਟੀ ਨੇ ਕੇਂਦਰ ਨਾਲ 13 ਨਵੰਬਰ ਦੀ ਮੀਟਿੰਗ ਨਾ ਕਰਨ ਦਾ ਮਨ ਬਣਾ ਲਿਆ ਹੈ, ਜਿਸ ਨਾਲ ਹੁਣ ਸੂਬੇ ਤੇ ਸਰਕਾਰ ਦੀ ਇਹ ਵੀ ਉਮੀਦ ਟੁੱਟ ਗਈ ਹੈ। ਕਿਸਾਨ ਸੰਘਰਸ਼ ਕਮੇਟੀ ਨੇ ਬੀਤੀ ਦੇਰ ਰਾਤ ਹੋਈ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਕਿ ਉਹ ਭਾਰਤ ਸਰਕਾਰ ਨਾਲ ਮੀਟਿੰਗ ਨਹੀਂ ਕਰਨਗੀਆਂ। ਹੁਣ ਦੇਖਣਾ ਇਹ ਹੋਵੇਗਾ ਕਿ ਅੱਜ ਬਾਕੀ ਦੀਆਂ ਕਿਸਾਨ ਜਥੇਬੰਦੀਆਂ ਅੱਜ ਦੀ ਮੀਟਿੰਗ ਵਿੱਚ ਕੀ ਫੈਸਲਾ ਲੈਂਦੀਆਂ ਹਨ।
ਇਸ ਬਾਰੇ ਦੱਸਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਸਰਵਣ ਸਿੰਘ ਨੇ ਦੱਸਿਆ ਕਿ ਦੇਰ ਰਾਤ ਕੋਰ ਕਮੇਟੀ ਦੀ ਬੈਠਕ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਉਹ 13 ਨਵੰਬਰ ਨੂੰ ਭਾਰਤ ਸਰਕਾਰ ਦੇ ਮੰਤਰੀ ਨਾਲ ਹੋ ਰਹੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਦੇਸ਼ ਭਰ ਵਿੱਚ 250 ਕਿਸਾਨ ਜਥੇਬੰਦੀਆਂ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿੱਚ ਸੰਘਰਸ਼ ਕਰ ਰਹੀਆਂ ਹਨਸ ਜਿਨ੍ਹਾਂ ਨੂੰ ਇਸ ਮੀਟਿੰਗ ਵਿਚ ਬੁਲਾਇਆ ਜਾਣਾ ਚਾਹੀਦਾ ਹੈ, ਪਰ ਸਰਕਾਰ ਨੇ ਅਜਿਹਾ ਨਹੀਂ ਕੀਤਾ। ਇਸ ਤੋਂ ਇਲਾਵਾ ਜਿਥੇ ਕਿਸਾਨ ਰੇਲਵੇ ਟਰੈਕਾਂ ਨੂੰ ਖਾਲੀ ਛੱਡ ਚੁੱਕੇ ਹਨ ਪਰ ਸਰਕਾਰ ਜਾਣ ਬੁੱਝ ਕੇ ਮਾਲ ਗੱਡੀਆਂ ਨਹੀਂ ਨਹੀਂ ਚਲਾ ਰਹੀ, ਸਰਕਾਰ ਪੰਜਾਬ ਦੇ ਵਪਾਰੀਆਂ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੀ ਹੈ। ਇਹ ਸਭ ਕੁਝ ਦੇਖਦੇ ਹੋਏ ਫਿਲਹਾਲ ਉਨ੍ਹਾਂ ਨੇ ਫੈਸਲਾ ਕੀਤਾ ਹੈ ਕਿ ਉਹ ਸਰਕਾਰ ਦੀ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ।
ਤੁਹਾਨੂੰ ਦੱਸ ਦੇਈਏ ਕਿ ਕੇਂਦਰ ਸਰਕਾਰ ਨੇ 13 ਨਵੰਬਰ ਨੂੰ ਸੂਬੇ ਦੀਆਂ 30 ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਸੱਦਾ ਭੇਜਿਆ ਸੀ ਜਿਥੇ ਕੇਂਦਰੀ ਮੰਤਰੀ ਰਾਜਨਾਥ ਸਿੰਘ ਦੇ ਗ੍ਰਹਿ ਵਿਖੇ ਰਾਜਨਾਥ ਸਿੰਘ, ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਰੇਲ ਮੰਤਰੀ ਪੀਊਸ਼ ਗੋਇਲ ਨਾਲ ਉਨ੍ਹਾਂ ਦੀ ਮੀਟਿੰਗ ਹੋਣੀ ਹੈ। ਇਸ ਤੋਂ ਪਹਿਲਾਂ ਅੱਜ 12 ਅਕਤੂਬਰ ਨੂੰ ਕਿਸਾਨ ਜਥੇਬੰਦੀਆਂ ਨੇ ਇਸ ਵਿੱਚ ਉਠਾਏ ਜਾਣ ਵਾਲੇ ਮੁੱਦਿਆਂ ਸੰਬੰਧੀ ਆਪਣੀ ਮੀਟਿੰਗ ਬੁਲਾਈ ਹੈ, ਜਦਕਿ ਇਨ੍ਹਾਂ ਵਿੱਚੋਂ ਕਿਸਾਨ ਸੰਘਰਸ਼ ਕਮੇਟੀ ਨੇ ਇਸ ਮੀਟਿੰਗ ਲਈ ਕੋਰੀ ਨਾਂਹ ਕਰ ਦਿੱਤੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ 14 ਅਕਤੂਬਰ ਨੂੰ ਵੀ ਕੇਂਦਰ ਨੇ ਕਿਸਾਨਾਂ ਨੂੰ ਮੀਟਿੰਗ ਲਈ ਬੁਲਾਇਆ ਸੀ ਪਰ ਇਸ ਵਿੱਚ ਕੋਈ ਮੰਤਰੀ ਨਾ ਹੋਣ ਕਾਰਨ ਇਹ ਮੀਟਿੰਗ ਬੇਸਿੱਟਾ ਰਹੀ ਸੀ। ਉਥੇ ਹੀ ਕਿਸਾਨ ਜਥੇਬੰਦੀਆਂ ਨੇ ਇਸ ਸੰਘਰਸ਼ ਦੇ ਚੱਲਦਿਆਂ 26 ਤੇ 27 ਨਵੰਬਰ ਨੂੰ ਦਿੱਲੀ ਚਲੋ ਦਾ ਸੱਦਾ ਦਿੱਤਾ ਹੋਇਆ ਹੈ।