Bikram Majithia reported Corona : ਪੰਜਾਬ ਦੇ ਕਈ ਮੰਤਰੀਆਂ ਤੇ ਸਿਆਸਤਦਾਨਾਂ ਦੇ ਕੋਰੋਨਾ ਦੀ ਲਪੇਟ ਵਿੱਚ ਆਉਣ ਤੋਂ ਬਾਅਦ ਹੁਣ ਇੱਕ ਹੋਰ ਨੂੰ ਸਿਆਸੀ ਆਗੂ ਦੇ ਇਸ ਦਾ ਸ਼ਿਕਾਰ ਹੋਣ ਦੀ ਖਬਰ ਸਾਹਮਣੇ ਆਈ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਮਜੀਠੀਆ ਨੇ ਇੱਕ ਟਵੀਟ ਰਾਹੀਂ ਕੀਤੀ, ਜਿਸ ਵਿੱਚ ਉਨ੍ਹਾਂ ਨੇ ਆਪਣੇ ਕੋਰੋਨਾ ਪਾਜ਼ੀਟਿਵ ਹੋਣ ਦੀ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਪਿਛਲੇ ਦਿਨੀਂ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਨੂੰ ਖੁਦ ਨੂੰ ਕੁਆਰੰਟਾਈਨ ਕਰਨ ਅਤੇ ਟੈਸਟ ਕਰਵਾਉਣ ਦੀ ਬੇਨਤੀ ਕੀਤੀ ਹੈ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਵੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ। ਉਰਹ ਵੀ ਪਿਛਲੇ ਕੁਝ ਦਿਨਾਂ ਤੋਂ ਸਿਹਤ ਪੱਖੋਂ ਆਪਣੇ ਆਪ ਨੂੰ ਠੀਕ ਮਹਿਸੂਸ ਨਹੀਂ ਕਰ ਰਹੇ ਸਨ, ਜਿਸ ਪਿੱਛੋਂ ਉਨ੍ਹਾਂ ਦੀ ਲੈਬ ਜਾਂਚ ਕੀਤੀ ਗਈ ਅਤੇ ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਆਕਸੀਜ਼ਨ ਪੱਧਰ ਘੱਟ ਹੋਣ ’ਤੇ ਲੁਧਿਆਣਾ ਦੇ ਦਯਾਨੰਦ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਸੀ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਜਾਰੀ ਅੰਕੜਿਆਂ ਮੁਤਾਬਕ ਹੁਣ ਤੱਕ ਕੋਰੋਨਾ ਦੇ ਲਗਭਗ 21333 ਸੈਂਪਲ ਲਏ ਗਏ ਤੇ ਹੁਣ ਪੰਜਾਬ ‘ਚ ਕੋਰੋਨਾ ਪਾਜੀਟਿਵ ਮਰੀਜ਼ਾਂ ਦੀ ਗਿਣਤੀ 139184 ਤੱਕ ਜਾ ਚੁੱਕੀ ਹੈ ਜਿਨ੍ਹਾਂ ਵਿੱਚੋਂ 129549 ਨੂੰ ਹਸਪਤਾਲ ਤੋਂ ਛੁੱਟੀ ਮਿਲ ਚੁੱਕੀ ਹੈ। ਫਿਲਹਾਲ 5246 ਕੋਰੋਨਾ ਦੇ ਐਕਟਿਵ ਕੇਸ ਹਨ ਜਿਨ੍ਹਾਂ ‘ਚੋਂ 156 ਆਕਸੀਜਨ ਸਪੋਰਟ ‘ਤੇ ਹਨ ਤੇ 15 ਵੈਂਟੀਲੇਟਰ ‘ਤੇ ਹਨ। ਸੂਬੇ ‘ਚ ਹੁਣ ਤੱਕ 2801305 ਵਿਅਕਤੀਆਂ ਦੇ ਸੈਂਪਲ ਲੈ ਕੇ ਭੇਜੇ ਜਾ ਚੁੱਕੇ ਹਨ ਤੇ 4389 ਲੋਕ ਕੋਰੋਨਾ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਪੰਜਾਬ ਵਿੱਚ ਭਾਵੇਂ ਕੋਰੋਨਾ ਦੇ ਮਾਮਲੇ ਕੁਝ ਘਟੇ ਹਨ ਪਰ ਫਿਰ ਵੀ ਇਸ ਦੇ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ। ਹਾਲਾਂਕਿ ਕੋਰੋਨਾ ਦੀ ਦੂਜੀ ਲਹਿਰ ਦਾ 30 ਨਵੰਬਰ ਤੱਕ ਖਦਸ਼ਾ ਪ੍ਰਗਟਾਇਆ ਗਿਆ ਹੈ, ਜਿਸ ਕਾਰਨ ਇਸ ਤੋਂ ਬਚਾਅ ਲਈ ਸੁਰੱਖਿਆ ਪ੍ਰੋਟੋਕਾਲਾਂ ਦੀ ਪਾਲਣਾ ਦੀਆਂ ਹਿਦਾਇਤਾਂ ਦਿੱਤੀਆਂ ਜਾ ਰਹੀਆਂ ਹਨ।