Farmers bill central ministers: ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿੱਚ ਵੱਖ-ਵੱਖ ਥਾਵਾਂ ਤੇ ਲਗਾਤਾਰ ਵਿਰੋਧ ਪ੍ਰਦਰਸ਼ਨ ਜਾਰੀ ਹਨ। ਕਿਸਾਨ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਰੇਲ ਅਤੇ ਰੋਡ ਜਾਮ ਮੁਹਿੰਮਾਂ ਨੂੰ ਚਲਾ ਰਹੇ ਹਨ। ਇਸੇ ਤਰਾਂ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿੱਚ ਵੀ ਕਿਸਾਨ ਜਥੇਬੰਦੀਆਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਕੇਂਦਰ ਸਰਕਾਰ ਨੇ ਹਾਲ ਹੀ ਵਿੱਚ ਕਿਸਾਨਾਂ ਨਾਲ ਸਬੰਧਿਤ ਤਿੰਨ ਬਿੱਲ ਲਿਆਂਦੇ ਸੀ। ਸੰਸਦ ਵਲੋਂ ਪਾਸ ਕੀਤੇ ਗਏ ਇਨ੍ਹਾਂ ਬਿੱਲਾਂ ਵਿਰੁੱਧ ਕਿਸਾਨ ਜੱਥੇਬੰਦੀਆਂ ਅੰਦੋਲਨ ਕਰ ਰਹੀਆਂ ਹਨ। ਪੰਜਾਬ ਵਿੱਚ 31 ਕਿਸਾਨ ਜੱਥੇਬੰਦੀਆਂ ਹਨ। ਜੱਥੇਬੰਦੀਆਂ ਸਰਕਾਰ ਨੂੰ ਇਸ ਕਾਨੂੰਨ ਨੂੰ ਵਾਪਿਸ ਲੈਣ ਦੀ ਮੰਗ ਕਰ ਰਹੀਆਂ ਹਨ।
ਅੱਜ ਕੇਂਦਰ ਸਰਕਾਰ ਦੇ ਦੋ ਮੰਤਰੀ ਇਸ ਵਿਸ਼ੇ ‘ਤੇ ਦਿੱਲੀ ਵਿੱਚ ਕਿਸਾਨ ਜੱਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰ ਰਹੇ ਹਨ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਰੇਲ ਮੰਤਰੀ ਪਿਯੂਸ਼ ਗੋਇਲ ਪੰਜਾਬ ਦੀਆਂ 29 ਕਿਸਾਨ ਜੱਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰ ਰਹੇ ਹਨ। ਕੇਂਦਰੀ ਮੰਤਰੀਆਂ ਅਤੇ ਕਿਸਾਨ ਜੱਥੇਬੰਦੀਆਂ ਦੀ ਇਹ ਮੀਟਿੰਗ ਵਿਗਿਆਨ ਭਵਨ ਵਿੱਚ ਚੱਲ ਰਹੀ ਹੈ। ਕਿਸਾਨ ਜੱਥੇਬੰਦੀਆਂ ਕੇਂਦਰ ਸਰਕਾਰ ਤੋਂ ਨਵੇਂ ਖੇਤੀ ਬਿੱਲਾਂ ਨੂੰ ਵਾਪਿਸ ਲੈਣ ਦੀ ਮੰਗ ਕਰ ਰਹੀਆਂ ਹਨ। ਇਸ ਬੈਠਕ ਵਿੱਚ ਮੁੱਖ ਤੌਰ ‘ਤੇ ਕਿਸਾਨ ਜੱਥੇਬੰਦੀਆਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਦਰਮਿਆਨ ਕਿਸਾਨੀ ਅੰਦੋਲਨ ਨਾਲ ਜੁੜੇ ਮੁੱਦੇ ਵਿਚਾਰੇ ਜਾ ਰਹੇ ਹਨ।
ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਟੀਮ ਵੀ ਹੈ। ਅਧਿਕਾਰੀਆਂ ਦੀ ਇੱਕ ਟੀਮ ਖੇਤੀਬਾੜੀ ਕਾਨੂੰਨ ਨਾਲ ਜੁੜੀ ਜਾਣਕਾਰੀ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਦੇਵੇਗੀ। ਮਹੱਤਵਪੂਰਣ ਗੱਲ ਇਹ ਹੈ ਕਿ ਕੇਂਦਰ ਸਰਕਾਰ ਖੇਤੀਬਾੜੀ ਕਾਨੂੰਨ ਬਾਰੇ ਕਿਸਾਨਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਉਂਦੀ ਰਹੀ ਹੈ। ਕੇਂਦਰੀ ਅਧਿਕਾਰੀ ਇਹ ਵੀ ਕਹਿੰਦੇ ਰਹੇ ਹਨ ਕਿ ਕਿਸਾਨਾਂ ਨੂੰ ਕਾਨੂੰਨ ਬਾਰੇ ਜਾਣਕਾਰੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਨੂੰ ਉਲਝਾਇਆ ਜਾ ਰਿਹਾ ਹੈ। ਅਧਿਕਾਰੀਆਂ ਅਨੁਸਾਰ, ਖੇਤੀਬਾੜੀ ਕਾਨੂੰਨ ਵਿੱਚ ਜੋ ਨਹੀਂ ਹੈ, ਉਸ ਬਾਰੇ ਕਿਸਾਨਾਂ ਨੂੰ ਡਰਾਇਆ ਜਾ ਰਿਹਾ ਹੈ। ਕੇਂਦਰ ਦੀ ਤਰਫੋਂ ਕਿਹਾ ਗਿਆ ਹੈ ਦੋਵੇਂ ਮੰਤਰੀ ਖੇਤੀਬਾੜੀ ਕਾਨੂੰਨ ਨਾਲ ਸਬੰਧਿਤ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਸੁਣਨਗੇ।