100 Years of SGPC : ਅੰਮ੍ਰਿਤਸਰ : ਸਿੱਖ ਕੌਮ ਦੀ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਨੂੰ ਅੱਜ 100 ਸਾਲ ਪੂਰੇ ਹੋ ਗਏ ਹਨ, ਜਿਸ ਸੰਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 100 ਸਾਲਾ ਸਥਾਪਨਾ ਦਿਵਸ ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਆਰੰਭ ਕੀਤਾ ਗਿਆ ਹੈ, ਜਿਸ ਦੇ ਭੋਗ 17 ਨਵੰਬਰ ਨੂੰ ਪਾਏ ਜਾਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਸਿੱਖ ਪੰਥ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਸਮੇਂ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਜੀ, ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਾਣੀਕੇ , ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜਨਰਲ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਅਨੇਕਾਂ ਅਕਾਲੀ ਆਗੂ ਅਤੇ ਮੈਂਬਰ ਸ਼੍ਰੋਮਣੀ ਕਮੇਟੀ ਮੌਜੂਦ ਸਨ। ਦੱਸਣਯੋਗ ਹੈ ਕਿ ਸਥਾਪਨਾ ਸ਼ਤਾਬਦੀ ਦਾ ਮੁੱਖ ਸਮਾਗਮ 17 ਨਵੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਜਾ ਰਿਹਾ ਹੈ। ਇਸ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਬੀਤੇ ਦਿਨੀਂ ਇਤਿਹਾਸਕ ਚਿੱਤਰ ਪ੍ਰਦਰਸ਼ਨੀ ਨਾਲ ਕੀਤੀ ਗਈ ਸੀ। ਇਸ ਵਿੱਚ ਪੰਜਾਬ ਭਰ ਦੇ ਚਿੱਤਰਕਾਰਾਂ ਵੱਲੋਂ 32 ਚਿੱਤਰ ਤਿਆਰ ਕੀਤੇ ਗਏ ਸਨ। ਇਨ੍ਹਾਂ ਚਿੱਤਰਾਂ ਰਾਹੀਂ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਤੋਂ ਪਹਿਲਾਂ ਕੀਤੇ ਗਏ ਸੰਘਰਸ਼ ਦੇ ਨਾਲ-ਨਾਲ ਸਾਕਿਆਂ ਤੇ ਮੋਰਚਿਆਂ ਦੇ ਇਤਿਹਾਸ ਨੂੰ ਵੀ ਦਰਸਾਇਆ ਗਿਆ ਹੈ।
ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ 15 ਨਵੰਬਰ 1920 ਨੂੰ ਹੋਈ ਸੀ ਤੇ 1925 ‘ਚ ਇਹ ਪੱਕੇ ਤੌਰ ‘ਤੇ ਸਥਾਪਿਤ ਹੋਈ ਸੀ। ਇਸ ਦੀ ਸਰਕਾਰ ਤੋਂ ਮਾਨਤਾ ਪ੍ਰਾਪਤ ਪਹਿਲੀ ਚੋਣ 1926 ਵਿਚ ਹੋਈ, ਜਿਸ ‘ਚ ਭਾਰਤੀ ਚੋਣ ਦੇ ਇਤਿਹਾਸ ‘ਚ ਪਹਿਲੀ ਵਾਰ ਔਰਤਾਂ ਨੂੰ ਵੋਟ ਪਾਉਣ ਦਾ ਅਧਿਕਾਰ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਕਈ ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਹਸਪਤਾਲ ਚੱਲ ਰਹੇ ਹਨ ਅਤੇ ਇਸ ਸੰਸਥਾ ਵੱਲੋਂ ਲੋਕਾਂ ਦੀ ਸਹਾਇਤਾ ਲਈ ਵੀ ਵੱਧ-ਚੜ੍ਹ ਕੇ ਕੀਤੇ ਜਾਂਦੇ ਹਨ।