Jathedar Harpreet Singh : ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਬੰਦੀ ਛੋੜ ਦਿਵਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਮੀਂਹ ਪੈਣ ਦੇ ਬਾਵਜੂਦ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਮੱਥਾ ਟੇਕਿਆ। ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਦਿੱਤਾ। ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੋਮਣੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਵੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਬੰਦੀ ਛੋੜ ਦਿਵਸ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੰਦੇਸ਼ ‘ਚ ਸਿੱਖ ਇਤਿਹਾਸ ਬਾਰੇ ਵਿਚਾਰ ਚਰਚਾ ਕੀਤੀ ਤੇ ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਸ਼ਹਾਦਤਾਂ ਦਿੱਤੀਆਂ। ਛੇਵੇਂ ਪਾਤਸ਼ਾਹ ਨੇ ਮੀਰੀ-ਪੀਰੀ ਦੀ ਪ੍ਰੰਪਰਾ ਅਨੁਸਾਰ ਭਗਤੀ ਦੇ ਨਾਲ-ਨਾਲ ਸ਼ਕਤੀ ਨੂੰ ਵੀ ਵਿਸ਼ੇਸ਼ ਅਹਿਮੀਅਤ ਦਿੱਤੀ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੌਜੂਦਾ ਸਮੇਂ ਕੌਮ ਨੂੰ ਦਰਪੇਸ਼ ਚੁਣੌਤੀਆਂ ਦਾ ਗੁਰਮਤਿ ਦੀ ਰੌਸ਼ਨੀ ਵਿਚ ਮੁਕਾਬਲਾ ਕਰਨ ਲਈ ਕਿਹਾ। ਉਨ੍ਹਾਂ ਆਖਿਆ ਕਿ ਹਰ ਸਿੱਖ ਅਤੇ ਖਾਸਕਰ ਨੌਜਵਾਨ ਪੀੜ੍ਹੀ ਨੂੰ ਆਪਣੇ ਜ਼ਿੰਮੇਵਾਰੀ ਦੇ ਅਹਿਸਾਸ ਪ੍ਰਤੀ ਚੇਤੰਨ ਹੋਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਕਮੇਟੀ ਦੇ 100 ਸਾਲਾ ਸਥਾਪਨਾ ਦਿਹਾੜੇ ਦੀ ਵੀ ਸਿੱਖ ਜਗਤ ਨੂੰ ਵਧਾਈ ਦਿੱਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਪਣੇ ਸੰਬੋਧਨ ਦੌਰਾਨ ਸ਼ਹੀਦ ਭਾਈ ਮਨੀ ਸਿੰਘ ਨੂੰ ਵੀ ਯਾਦ ਕੀਤਾ ਅਤੇ ਉਨ੍ਹਾਂ ਦੇ ਜੀਵਨ ਤੋਂ ਸੰਗਤਾਂ ਅਤੇ ਖ਼ਾਸਕਰ ਸਿੱਖ ਨੌਜਵਾਨ ਨੂੰ ਪ੍ਰੇਰਣਾ ਲੈਣ ਦੀ ਅਪੀਲ ਕੀਤੀ।
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਤਿਹਾਸ ‘ਚ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕਾਨਾ ਹੱਕ ਦੇਣ ਦੀ ਗੱਲ ਕਰਦਿਆਂ ਕਿਹਾ ਕਿ ਅੱਜ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨਾਂ ਅਤੇ ਉਪਜ ‘ਤੇ ਸਰਮਾਏਦਾਰੀ ਧਿਰ ਨੂੰ ਮਜ਼ਬੂਤ ਕਰਨ ਲਈ ਵਰਤਮਾਨ ਹੁਕਮਰਾਨ ਯਤਨਸ਼ੀਲ ਹਨ। ਉਨ੍ਹਾਂ ਖ਼ਾਲਸਾ ਪੰਥ ਨੂੰ ਕਿਸਾਨ ਅੰਦੋਲਨ ਦੇ ਹੱਕ ਵਿਚ ਢਾਲ ਬਣ ਕੇ ਅੱਗੇ ਆਉਣ ਲਈ ਕਿਹਾ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੋਵਿੰਡ 19 ਦੌਰਾਨ ਸਿੱਖ ਕੌਮ ਵੱਲੋਂ ਨਿਭਾਈਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅੱਜ ਕਿਸਾਨ, ਬਜ਼ੁਰਗ, ਬੱਚੇ, ਬੀਬੀਆਂ ਭੈਣਾਂ ਅਤੇ ਨੌਜਵਾਨ ਆਪਣੇ ਵਿਰਾਸਤੀ ਹੱਕਾਂ ਦੀ ਲੜਾਈ ਲਈ ਮੈਦਾਨ ਵਿਚ ਸੰਘਰਸ਼ ਕਰ ਰਹੇ ਹਨ।