International hockey player : ਬਟਾਲਾ : ਚੋਣ ਕਮਿਸ਼ਨ ਵੱਲੋਂ ਅੰਤਰਰਾਸ਼ਟਰੀ ਹਾਕੀ ਖਿਡਾਰੀ ਹਰਮਨਪ੍ਰੀਤ ਸਿੰਘ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਚੋਣ ਕਮਿਸ਼ਨ ਨੇ ਉਨ੍ਹਾਂ ਨੂੰ ਜਿਲ੍ਹਾ ਗੁਰਦਾਸਪੁਰ ਦਾ ਬ੍ਰਾਂਡ ਅੰਬੈਸਡਰ ਚੁਣਿਆ ਹੈ। ਵੋਟਰਾਂ ‘ਚ ਵੋਟ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਹਰਮਨਪ੍ਰੀਤ ਸਿੰਘ ਨੂੰ ਗੁਰਦਾਸਪੁਰ ਦਾ ਜਿਲ੍ਹਾ ਆਈਕਾਨ ਵਜੋਂ ਨਿਯੁਕਤ ਕੀਤਾ ਗਿਆ ਹੈ।
ਹਰਮਨਪ੍ਰੀਤ ਸਿੰਘ ਬਟਾਲਾ ਦੇ ਨੇੜਲੇ ਪਿੰਡ ਕਿਲ੍ਹਾ ਲਾਲ ਸਿੰਘ ਦੇ ਰਹਿਣ ਵਾਲੇ ਹਨ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵੋਟਰ ਸੂਚੀ 16 ਨਵੰਬਰ ਤੋਂ ਬਣਨੀ ਸ਼ੁਰੂ ਹੋ ਗਈ ਹੈ ਤੇ ਇੱਕ ਮਹੀਨੇ ਦੇ ਅੰਦਰ ਅੰਦਰ ਆਮ ਲੋਕਾਂ ਤੋਂ ਇਤਰਾਜ਼ ਤੇ ਦਾਅਵੇ ਪ੍ਰਾਪਤ ਕੀਤੇ ਜਾਣਗੇ। ਇਸ ਸਬੰਧੀ ਹਰਮਨਪ੍ਰੀਤ ਸਿੰਘ ਵੱਲੋਂ 21 ਤੇ 22 ਨਵੰਬਰ ਅਤੇ ਇਸ ਤੋਂ ਬਾਅਦ 5 ਤੇ 6 ਦਸੰਬਰ ਨੂੰ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਜਿਸ ਅਧੀਨ ਉਹ ਵੱਖ-ਵੱਖ ਪੋਲਿੰਗ ਬੂਥਾਂ ‘ਤੇ ਆਮ ਲੋਕਾਂ ਵੱਲੋਂ ਦਿੱਤੇ ਗਏ ਦਾਅਵੇ ਤੇ ਇਤਰਾਜ਼ ਹਾਸਲ ਕਰਨਗੇ। ਫਿਰ ਇਨ੍ਹਾਂ ਦਾਅਵਿਆਂ ਤੇ ਇਤਰਾਜ਼ਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਤੇ ਆਖਿਰ 5 ਜਨਵਰੀ 2021 ਨੂੰ ਵੋਟਰ ਸੂਚੀ ਦੀ ਆਖਰੀ ਪ੍ਰਕਾਸ਼ਨਾ ਜਾਰੀ ਕਰ ਦਿੱਤੀ ਜਾਵੇਗੀ।
ਹਰਮਨਪ੍ਰੀਤ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਉਨ੍ਹਾਂ ਨੂੰ ਵੋਟਰ ਸੂਚੀਆਂ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹਾ ਚੋਣ ਅਫਸਰ ਵਲੋਂ ਨਿਯੁਕਤ ਕੀਤਾ ਗਿਆ ਹੈ, ਜਿਸ ਲਈ ਮੈਂ ਚੋਣ ਕਮਿਸ਼ਨ ਦਾ ਧੰਨਵਾਦੀ ਹਾਂ | ਉਨ੍ਹਾਂ ਨੇ ਕਿਹਾ ਕਿ ਜਲਦ ਹੀ ਉਹ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਚਲਾਉਣਗੇ ਤੇ ਨਾਲ ਹੀ ਉਨ੍ਹਾਂ ਕਿਹਾ ਕਿ ਮੈਂ ਚੋਣ ਕਮਿਸ਼ਨ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ ਅਤੇ ਕੋਸ਼ਿਸ਼ ਕਰਾਂਗਾ ਕਿ ਕੋਈ ਸ਼ਿਕਾਇਤ ਦਾ ਮੌਕਾ ਨਾ ਮਿਲੇ।