public grievance redressal system: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਜਨਤਾ ਦੀਆਂ ਸ਼ਿਕਾਇਤਾਂ ਨੂੰ ਸਮੇਂ ਸਿਰ ਨਿਪਟਾਉਣ ਲਈ ਵਨ-ਸਟਾਪ ਵੈੱਬ ਪੋਰਟਲ ਵਜੋਂ ‘ਡਿਜੀਟਲ ਪਬਲਿਕ ਸ਼ਿਕਾਇਤ ਨਿਵਾਰਣ ਪ੍ਰਣਾਲੀ’ (ਪੀ.ਜੀ.ਆਰ.ਐਸ.) ਸ਼ੁਰੂ ਕੀਤੀ ਗਈ ਹੈ। ਦੱਸ ਦੇਈਏ ਕਿ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਬੱਚਤ ਭਵਨ ‘ਚ ਉੱਚ ਪੱਧਰੀ ਮੀਟਿੰਗ ਕੀਤੀ ਗਈ, ਜਿੱਥੇ ਉਨ੍ਹਾਂ ਵੱਲੋਂ ਡਿਜੀਟਲ ਪਬਲਿਕ ਸ਼ਿਕਾਇਤ ਨਿਵਾਰਣ ਪ੍ਰਣਾਲੀ ਦੇ ਹਰ ਨੁਕਤੇ ਬਾਰੇ ਚਰਚਾ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰ ‘ਚ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਾਉਣ ਦੇ ਉਦੇਸ਼ ਨਾਲ ਪੀ.ਜੀ.ਆਰ.ਐੱਸ. ਪ੍ਰਣਾਲੀ ਰਾਹੀਂ ਹੁਣ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੋਰ ਨਾਗਰਿਕਾਂ ਵਾਂਗ ਜ਼ਿਲ੍ਹਾ ਲੁਧਿਆਣਾ ਦੇ ਨਾਗਰਿਕ ਹੁਣ ਆਪਣੀਆਂ ਸ਼ਿਕਾਇਤਾਂ ਸਬੰਧਿਤ ਸਰਕਾਰੀ ਵਿਭਾਗਾਂ ਕੋਲ ਆਨਲਾਈਨ ਸ਼ਿਕਾਇਤਾਂ ਜਮ੍ਹਾਂ ਕਰਵਾ ਸਕਦੇ ਹਨ। ਪ੍ਰਸ਼ਾਸਨਿਕ ਸੁਧਾਰਾਂ ਅਤੇ ਲੋਕ ਸ਼ਿਕਾਇਤ ਵਿਭਾਗ ਵੱਲੋਂ ਵਿਕਸਿਤ ਕੀਤਾ, ਇਕ ਸਿੰਗਲ ਟੈਕਨਾਲੋਜੀ ਇੰਟਰਫੇਸ ਪੀ.ਜੀ.ਆਰ.ਐੱਸ. ਹੈ, ਜੋ ਕਿ ਸਿਸਟਮ ‘ਚ ਜਵਾਬਦੇਹੀ ਅਤੇ ਪਾਰਦਰਸ਼ਤਾ ਲੈ ਕੇ ਆਵੇਗਾ।
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਕ ਵਾਰ ਸ਼ਿਕਾਇਤ ਹੱਲ ਹੋ ਜਾਣ ਤੋਂ ਬਾਅਦ ਬਿਨੈਕਾਰ ਨੂੰ ਸਵੈ-ਚਲਿਤ ਫੀਡਬੈਕ ਫੋਨ ਕਾਲ ਆਵੇਗੀ, ਜੇ ਉਹ ਸੰਤੁਸ਼ਟ ਨਹੀਂ ਹਨ ਤਾਂ ਉਨ੍ਹਾਂ ਦੀ ਸ਼ਿਕਾਇਤ ਉੱਚ ਅਧਿਕਾਰੀਆਂ ਕੋਲ ਪਹੁੰਚਾਈ ਜਾਵੇਗੀ। ਉਨ੍ਹਾਂ ਕਿਹਾ ਕਿ ਨਾਗਰਿਕਾਂ ਲਈ ਪ੍ਰਣਾਲੀ ਦੀ ਵਰਤੋਂ ਕਰਨ ਨੂੰ ਸੁਖਾਲਾ ਬਣਾਉਣ ਲਈ ਸਰਕਾਰ ਭਵਿੱਖ ‘ਚ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਦੀ ਵਰਤੋਂ ਕਰੇਗੀ। ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ ਜਗਰਾਓ ਨੀਰੂ ਕਤਿਆਲ ਗੁਪਤਾ, ਆਰ.ਟੀ.ਏ. ਸੰਦੀਪ ਸਿੰਘ ਗੜ੍ਹਾ, ਐੱਸ.ਡੀ.ਐੱਮ. ਡਾ. ਬਲਜਿੰਦਰ ਸਿੰਘ ਢਿੱਲੋਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਤੇ ਕਰਮਚਾਰੀ ਪਹੁੰਚੇ।
ਇਹ ਵੀ ਦੇਖੋ— ਵਿਆਹ ਤੋਂ ਬਾਅਦ Canada ਜਾਣ ਦਾ ਸੁਪਨਾ ਦੇਖੀ ਬੈਠਾ ਨੌਜਵਾਨ ਸੁਣੋ ਕਿਵੇਂ ਹੋਇਆ ਠੱਗੀ ਦਾ ਸ਼ਿਕਾਰ?