Punjab Chief Minister To Meet : ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਸ਼ਨੀਵਾਰ ਨੂੰ ਸੂਬੇ ਦੀਆਂ 30 ਕਿਸਾਨ ਜਥੇਬੰਦੀਆਂ ਨੂੰ ਇੱਕ ਮੀਟਿੰਗ ਦਾ ਸੱਦਾ ਦਿੱਤਾ ਹੈ, ਜਿਸ ਵਿੱਚ ਖੇਤੀ ਕਾਨੂੰਨਾਂ ਕਾਰਨ ਚੱਲ ਰਹੇ ਅੰਦੋਲਨ ਅਤੇ ਸੂਬੇ ਵਿੱਚ ਮਾਲ ਗੱਡੀਆਂ ਚਲਾਉਣ ਸੰਬੰਧੀ ਆ ਰਹੀਆਂ ਅੜਚਨਾਂ ਸੰਬੰਧੀ ਵਿਚਾਰ-ਚਰਚਾ ਕੀਤੀ ਜਾਵੇਗੀ। 21 ਨਵੰਬਰ ਨੂੰ ਦੁਪਹਿਰ 1.30 ਵਜੇ ਪੰਜਾਬ ਭਵਨ, ਚੰਡੀਗੜ੍ਹ ਵਿਖ਼ੇ ਰੱਖੀ ਗਈ ਹੈ ਜਿਸ ਵਿੱਚ ਮੁੱਖ ਮੰਤਰੀ ਤੋਂ ਇਲਾਵਾ ਪ੍ਰਦੇਸ਼ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖ਼ੜ, ਕੁਝ ਮੰਤਰੀਆਂ ਅਤੇ ਹੋਰ ਅਹਿਮ ਆਗੂਆਂ ਦੇ ਹਾਜ਼ਰ ਰਹਿਣ ਦੀ ਸੰਭਾਵਨਾ ਹੈ।
ਇਸ ਸੰਬੰਧੀ ਸੱਦਾ ਪੱਤਰ ਮੁੱਖ ਮੰਤਰੀ ਦੇ ਰਾਜਸੀ ਸਕੱਤਰ ਸ੍ਰੀ ਸੰਦੀਪ ਸੰਧੂ ਦੇ ਦਸਤਖ਼ਤਾਂ ਹੇਠ ਸੂਬੇ ਦੀਆਂ 30 ਕਿਸਾਨ ਜਥੇਬੰਦੀਆਂ ਨੂੰ ਭੇਜ ਦਿੱਤੇ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਇਸ ਤੋਂ ਪਹਿਲਾਂ ਕਿਸਾਨ ਜੱਥੇਬੰਦੀਆਂ ਮੁੱਖ ਮੰਤਰੀ ਨਾਲ ਗੱਲਬਾਤ ਬਾਰੇ ਏਜੰਡਾ ਤੈਅ ਕਰਨ ਲਈ ਸਵੇਰੇ 10 ਵਜੇ ਇਕ ਮੀਟਿੰਗ ਕਰਨਗੀਆਂ ਤਾਂ ਜੋ ਮੁੱਖ ਮੰਤਰੀ ਨਾਲ ਕੀਤੇ ਜਾਣ ਵਾਲੀ ਗੱਲਬਾਤ ਦੀ ਰੂਪ ਰੇਖ਼ਾ ਤਿਆਰ ਕੀਤੀ ਜਾ ਸਕੇ।
ਦੱਸਣਯੋਗ ਹੈ ਕਿ ਕੇਂਦਰ ਵੱਲੋਂ ਜਾਰੀ ਖੇਤੀ ਬਿੱਲਾਂ ਦੇ ਵਿਰੋਧ ‘ਚ ਕਿਸਾਨਾਂ ਦਾ ਅੰਦੋਲਨ ਹੁਣ ਦੇਸ਼ ਪੱਧਰੀ ਅੰਦੋਲਨ ਵਿੱਚ ਬਦਲ ਚੁੱਕਾ ਹੈ, ਜਿਸ ਦੇ ਮੱਦੇਨਜ਼ਰ ਦੇਸ਼ ਦੀਆਂ 500 ਕਿਸਾਨ ਜਥੇਬੰਦੀਆਂ ਨੇ 26-27 ਤਰੀਕ ਨੂੰ ਦਿੱਲੀ ਚਲੋ ਦੀ ਇਤਿਹਾਸਕ ਰੈਲੀ ਦਾ ਐਲਾਨ ਕੀਤਾ ਹੈ। ਉਥੇ ਹੀ ਸੂਬੇ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਬੰਦ ਹੋਣ ਕਾਰਨ ਆਰਥਿਕ ਹਾਲਾਤ ਬਹੁਤ ਹੀ ਕਮਜ਼ੋਰ ਹੋ ਰਹੇ ਹਨ ਅਤੇ ਕੇਂਦਰ ਸਰਕਾਰ ਮਾਲ ਗੱਡੀਆਂ ਚਲਾਉਣ ਸੰਬੰਧੀ ਸ਼ਰਤਾਂ ਰੱਖ ਰਹੀ ਹੈ, ਜੋਕਿ ਕਿਸਾਨਾਂ ਨੂੰ ਮਨਜ਼ੂਰ ਨਹੀਂ ਹੈ। ਉਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮਿਲਣ ਲਈ ਸਮਾਂ ਮੰਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਮੀਟਿੰਗ 26 ਤੇ 27 ਨਵੰਬਰ ਤੋਂ ਪਹਿਲਾਂ ਹੋ ਸਕਦੀ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕੇਂਦਰ ਤੋਂ ਨਵੇਂ ਖੇਤੀ ਕਾਨੂੰਨਾਂ ਤੋਂ ਨਾਰਾਜ਼ ਕਿਸਾਨਾਂ ਦੁਆਰਾ ਰੇਲ ਨਾਕਾਬੰਦੀ ਖਤਮ ਕਰਨ ‘ਚ ਮਦਦ ਕਰਨ ਦੀ ਬੇਨਤੀ ਕੀਤੀ ਤੇ ਕਿਹਾ ਕਿ ਉਹ ਇਸ ਮੁੱਦੇ ‘ਤੇ ਚਰਚਾ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ।