Akali workers CP office: ਲੁਧਿਆਣਾ (ਤਰਸੇਮ ਭਾਰਦਵਾਜ)- ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੁਲਿਸ ਕਮਿਸ਼ਨਰ ਦੇ ਦਫਤਰ ਦਾ ਘਿਰਾਓ ਕੀਤਾ ਗਿਆ। ਦਰਅਸਲ ਵਿਵਾਦਿਤ ਵਿਧਾਇਕ ਸਿਮਰਜੀਤ ਸਿੰਘ ਬੈਂਸ ‘ਤੇ ਲੱਗੇ ਜਬਰ ਜ਼ਨਾਹ ਦੇ ਦੋਸ਼ਾ ਤਹਿਤ ਹਾਲੇ ਤੱਕ ਕੋਈ ਵੀ ਕਾਨੂੰਨੀ ਕਾਰਵਾਈ ਨਹੀਂ ਹੋਈ ਹੈ, ਜਿਸ ਦੇ ਚੱਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਪੁਲਿਸ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਧਰਨਾ-ਪ੍ਰਦਰਸ਼ਨ ਕੀਤਾ ਗਿਆ। ਇਸੇ ਤਹਿਤ ਇੱਥੇ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਜਾਣ ਵਾਲੇ ਰਸਤੇ ਬੈਰੀਕੇਡਿੰਗ ਲਾ ਕੇ ਬੰਦ ਕਰ ਦਿੱਤੇ ਗਏ ਹਨ, ਜਿਸ ਕਾਰਨ ਪੁਲਿਸ ਅਤੇ ਅਕਾਲੀ ਦਲ ਦੇ ਵਰਕਰਾਂ ਵਿਚਾਲੇ ਟਕਰਾਅ ਵਾਲੀ ਸਥਿਤੀ ਬਣ ਗਈ ਪਰ ਗੁੱਸੇ ‘ਚ ਆਏ ਵਰਕਰਾਂ ਵੱਲੋਂ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਖੂਬ ਨਾਅਰੇਬਾਜ਼ੀ ਵੀ ਕੀਤੀ ਗਈ। ਦੱਸ ਦੇਈਏ ਕਿ ਇਸ ਪ੍ਰਦਰਸ਼ਨ ਦੌਰਾਨ ਮਹੇਸ਼ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਸਿੰਘ ਢਿੱਲੋਂ, ਰਣਜੀਤ ਸਿੰਘ ਢਿੱਲੋਂ, ਹੀਰਾ ਸਿੰਘ ਗਾਬੜੀਆ, ਗੁਰਮੀਤ ਸਿੰਘ ਕੁਲਾਰ, ਹਰੀਸ਼ ਰਾਏ ਢਾਂਡਾ ਸਮੇਤ ਗੁਰਦੀਪ ਸਿੰਘ ਗੋਸ਼ਾ ਅਤੇ ਹੋਰ ਆਗੂ ਵੀ ਪਹੁੰਚੇ।
ਰੋਸ ਪ੍ਰਦਰਸ਼ਨ ਦੌਰਾਨ ਅਕਾਲੀ ਵਰਕਰਾਂ ਵੱਲੋਂ ਦੋਸ਼ ਲਾਇਆ ਗਿਆ ਹੈ ਕਿ ਸਿਮਰਜੀਤ ਸਿੰਘ ਬੈਂਸ਼ ਦੀ ਹਾਲੇ ਤੱਕ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ, ਜਿਸ ਦੇ ਚੱਲਦਿਆਂ ਇਸ ਦੌਰਾਨ ਸਰਕਾਰਾਂ ਦੀ ਆਪਸੀ ਮਿਲੀਭੁਗਤ ਹੈ। ਇਸ ਦੌਰਾਨ ਵਰਕਰਾਂ ਵੱਲੋਂ ਕਾਂਗਰਸ ਸਰਕਾਰ ‘ਤੇ ਵੀ ਤਿੱਖੇ ਨਿਸ਼ਾਨੇ ਵਿੰਨੇ ਗਏ। ਉਨ੍ਹਾਂ ਨੇ ਕਿਹਾ ਕਿ ਅਸੀਂ ਪੀੜਤ ਮਹਿਲਾ ਨੂੰ ਇਨਸਾਫ ਦਿਵਾ ਕੇ ਹੀ ਰਹਾਂਗੇ।
ਦੱਸਣਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਵੱਲੋਂ ਵਿਧਾਇਕ ਸਿਮਰਜੀਤ ਬੈਂਸ ਦੇ ਘਰ ਦਾ ਘਿਰਾਓ ਕੀਤਾ ਗਿਆ ਸੀ, ਜਿੱਥੇ ਪੁਲਿਸ ਵੱਲੋਂ ਬੈਰੀਕੇਡਿੰਗ ਕਰਕੇ ਸਾਰੇ ਰਸਤੇ ਬੰਦ ਕਰ ਦਿੱਤੇ ਗਏ ਅਤੇ ਜਦੋਂ ਅਕਾਲੀ ਵਰਕਰ ਉੱਥੇ ਅੱਗੇ ਵੱਧਣ ਲੱਗੇ ਤਾਂ ਪੁਲਿਸ ਨਾਲ ਟਕਰਾਅ ਹੋ ਗਿਆ। ਇਸ ਦੌਰਾਨ ਵੀ ਪੁਲਿਸ ਵੱਲ਼ੋਂ 25-30 ਵਰਕਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।ਇਸ ਗੱਲ ‘ਤੇ ਵੀ ਅਕਾਲੀ ਵਰਕਰਾਂ ਵੱਲੋਂ ਰੋਸ ਜਤਾਇਆ ਗਿਆ ਸੀ।
ਇਹ ਵੀ ਦੇਖੋ —