Hundreds of farmers gathered : ਚੰਡੀਗੜ੍ਹ : ਕੇਂਦਰ ਵੱਲੋਂ ਜਾਰੀ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਆਪਣੇ ਸੰਘਰਸ਼ ਨੂੰ ਤੇਜ਼ ਕਰਦੇ ਹੋਏ ਦਿੱਲੀ ਵਿੱਚ ਆਪਣੇ ਰੋਸ ਮਾਰਚ ਲਈ ਪੰਜਾਬ ਦੇ ਸੈਂਕੜੇ ਕਿਸਾਨ ਬੁੱਧਵਾਰ ਸਵੇਰੇ ਹਰਿਆਣਾ ਦੇ ਨਾਲ ਲੱਗਦੀਆਂ ਅੰਤਰਰਾਜੀ ਸਰਹੱਦਾਂ ‘ਤੇ ਇਕੱਠੇ ਹੋ ਗਏ। ਉਧਰ ਹਰਿਆਣਾ ਵੱਲੋਂ ਪੰਜਾਬ ਤੇ ਦਿੱਲੀ ਬਾਰਡਰ ਸੀਲ ਕੀਤੇ ਗਏ ਹਨ। ਉਥੇ ਹੀ ਭਾਜਪਾ ਸ਼ਾਸਿਤ ਹਰਿਆਣਾ ਨੇ ਪ੍ਰਦਰਸ਼ਨਕਾਰੀਆਂ ਦੇ ਇਕੱਠ ਨੂੰ ਰੋਕਣ ਲਈ ਸੀਆਰਪੀਸੀ ਦੀ ਧਾਰਾ 144 ਲਾਗੂ ਕੀਤੀ ਹੈ। ਨਾਲ ਹੀ, ਪੁਲਿਸ ਨੇ ਰਾਜ ਤੋਂ ਤਕਰੀਬਨ 100 ਕਿਸਾਨ ਨੇਤਾਵਾਂ ਨੂੰ “ਰੋਕੂ ਹਿਰਾਸਤ” ਵਿੱਚ ਲੈ ਲਿਆ ਸੀ। ਪੁਲਿਸ ਦੇ ਅੰਦਾਜ਼ੇ ਅਨੁਸਾਰ, 26 ਨਵੰਬਰ ਤੋਂ ‘ਦਿੱਲੀ ਚਲੋ’ ਅੰਦੋਲਨ ਦੇ ਹਿੱਸੇ ਵਜੋਂ ਪੰਜਾਬ ਤੋਂ ਤਕਰੀਬਨ 2,00,000 ਕਿਸਾਨ ਦਿੱਲੀ ਲਈ ਰਵਾਨਾ ਹੋਏ ਹਨ।
ਕਿਸਾਨ ਸਭਾ ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਹਰਿਆਣਾ ਤੋਂ ਬਾਰਡਰ ਸੀਲ ਕੀਤੇ ਜਾਣ ‘ਤੇ ਬੋਲਦਿਆਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਇਹ ਸਾਬਿਤ ਕਰਨ ਲਈ ਪੰਜਾਬ ਦੇ ਕਿਸਾਨਾਂ ਲਈ ਅੰਤਰਰਾਜੀ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ ਕਿ ”ਪੰਜਾਬ ਭਾਰਤ ਦਾ ਹਿੱਸਾ ਨਹੀਂ ਹੈ ”। ਉਨ੍ਹਾਂ ਟਵੀਟ ਕੀਤਾ, “ਅਸੀਂ ਸ਼ਾਂਤਮਈ ਢੰਗ ਨਾਲ ਹਿਮਾਚਲ ਅਤੇ ਜੰਮੂ-ਕਸ਼ਮੀਰ ਦੇ ਰਸਤਿਆਂ ’ਤੇ ਰੋਕ ਲਗਾਵਾਂਗੇ। ਸੜਕਾਂ’ ਤੇ ਧਰਨਾ ਸ਼ੁਰੂ ਕਰਾਂਗੇ। ਰਾਜੇਵਾਲ ਨੇ ਕੌਮੀ ਰਾਜਧਾਨੀ ਜਾਣ ਲਈ ਕਿਸਾਨਾਂ ਨੂੰ ਰਾਹ ਦੇਣ ਤੋਂ ਇਨਕਾਰ ਕਰਨ ’ਤੇ ਖੱਟੜ ਸਰਕਾਰ ’ਤੇ ਸਵਾਲ ਉਠਾਇਆ।
ਦੱਸਣਯੋਗ ਹੈ ਕਿ ਕਿਸਾਨਾਂ ਵੱਲੋਂ ਕੌਮੀ ਰਾਜਧਾਨੀ ਵਿੱਚ ਅਣਮਿੱਥੇ ਸਮੇਂ ਲਈ 26 ਨਵੰਬਰ ਤੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਧਮਕੀ ਦਿੱਤੀ ਹੈ ਕਿ ਜੇ ਉਨ੍ਹਾਂ ਨੂੰ ਦਿੱਲੀ ਵੱਲ ਯਾਤਰਾ ਕਰਨ ਦੀ ਆਗਿਆ ਨਾ ਦਿੱਤੀ ਗਈ ਤਾਂ ਉਹ ਦਿੱਲੀ ਦੀਆਂ ਸਾਰੀਆਂ ਸੜਕਾਂ ਜਾਮ ਕਰ ਦੇਣਗੇ। ਦੱਸ ਦੇਈਏ ਕਿ ਹਰਿਆਣਾ ਵਿੱਚ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ 25 ਅਤੇ 26 ਨਵੰਬਰ ਨੂੰ ਹਰਿਆਣਾ ਅਤੇ ਪੰਜਾਬ ਦੀਆਂ ਸਰਹੱਦਾਂ ਅਤੇ 26 ਅਤੇ 27 ਨਵੰਬਰ ਨੂੰ ਹਰਿਆਣਾ-ਦਿੱਲੀ ਸਰਹੱਦ ‘ਤੇ ਜਾਣ ਤੋਂ ਪਰਹੇਜ਼ ਕਰਨ। ਯਾਤਰੀਆਂ ਲਈ ਟਰੈਵਲ ਐਡਵਾਈਜ਼ਰੀ ਜਾਰੀ ਕੀਤੀ ਜਾ ਰਹੀ ਹੈ ਕਿਉਂਕਿ ਉਨ੍ਹਾਂ ਨੂੰ 25 ਤੋਂ 26 ਨਵੰਬਰ ਨੂੰ ਪੰਜਾਬ ਤੋਂ ਹਰਿਆਣਾ ਜਾਣ ਵਾਲੀਆਂ ਸੜਕਾਂ ਅਤੇ 26 ਅਤੇ 27 ਨਵੰਬਰ ਨੂੰ ਹਰਿਆਣਾ ਤੋਂ ਦਿੱਲੀ ਆਉਣ ਵਾਲੀਆਂ ਸੜਕਾਂ ‘ਤੇ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪੈ ਸਕਦਾ ਹੈ।