ਚੰਡੀਗੜ੍ਹ : ਸਰਕਾਰੀ ਸੂਤਰਾਂ ਮੁਤਾਬਕ ਸ਼ੁੱਕਰਵਾਰ ਨੂੰ ਦਿੱਲੀ ਪੁਲਿਸ ਨੇ ‘ਕੇਜਰੀਵਾਲ’ ਸਰਕਾਰ ਤੋਂ ਸ਼ਹਿਰ ਦੇ 9 ਸਟੇਡੀਅਮਾਂ ਨੂੰ ਕਿਸਾਨਾਂ ਦੇ ‘ਦਿੱਲੀ ਚਲੋ’ ਮਾਰਚ ਕਾਰਨ ਆਰਜ਼ੀ ਜੇਲ੍ਹਾਂ ਵਜੋਂ ਵਰਤਣ ਦੀ ਆਗਿਆ ਮੰਗੀ ਸੀ। ਪਰ ਕੇਂਦਰ ਨੂੰ ਝਟਕਾ ਦਿੰਦੇ ਹੋਏ ਕੇਜਰੀਵਾਲ ਨੇ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ ਤੇ 9 ਸਟੇਡੀਅਮਾਂ ਨੂੰ ਆਰਜ਼ੀ ਤੌਰ ‘ਤੇ ਸਟੇਡੀਅਮ ‘ਚ ਤਬਦੀਲ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਸ਼ੁੱਕਰਵਾਰ ਸਵੇਰੇ, ਦਿੱਲੀ ਪੁਲਿਸ ਨੇ ਸੈਂਟਰ ਦੇ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਮਾਰਚ ਦੇ ਹਿੱਸੇ ਵਜੋਂ ਕੌਮੀ ਰਾਜਧਾਨੀ ਵੱਲ ਵਧ ਰਹੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਖਿੰਡਾਉਣ ਲਈ ਸਿੰਘੂ ਬਾਰਡਰ ‘ਤੇ ਅੱਥਰੂ ਗੈਸ ਦੀ ਵਰਤੋਂ ਕੀਤੀ। ਉਥੇ ਪ੍ਰਦਰਸ਼ਨਕਾਰੀਆਂ ਨੂੰ ਸ਼ਹਿਰ ‘ਚ ਦਾਖਲ ਹੋਣ ਤੋਂ ਰੋਕਣ ਲਈ ਸਿੰਘੂ ਬਾਰਡਰ ‘ਤੇ ਕੰਡਿਆਲੀ ਤਾਰ ਦੀ ਵਰਤੋਂ ਕੀਤੀ। ਰੇਤ ਨਾਲ ਭਰੇ ਟਰੱਕਾਂ ਅਤੇ ਵਾਟਰ ਤੋਪਾਂ ਦੀ ਵੀ ਵਰਤੋਂ ਕੀਤੀ ਗਈ। ਪੁਲਿਸ ਨੇ ਕਿਹਾ ਕਿ ਉਹ ਅੰਦੋਲਨਕਾਰੀ ਕਿਸਾਨਾਂ ਨੂੰ ਦਿੱਲੀ ਵਿੱਚ ਦਾਖਲ ਨਹੀਂ ਹੋਣ ਦੇਣਗੇ।
ਦਿੱਲੀ ਦੇ ਗ੍ਰਹਿ ਮੰਤਰੀ ਸਤਿੰਦਰ ਜੈਨ ਦਾ ਕਹਿਣਾ ਹੈ ਕਿ ਦਿੱਲੀ ਸਰਕਾਰ ਕਿਸਾਨਾਂ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਵਿਰੋਧ ਕਰਦੀ ਹੈ। ਇਸ ਲਈ 9 ਸਟੇਡੀਅਮਾਂ ਨੂੰ ਆਰਜ਼ੀ ਜੇਲ੍ਹਾਂ ‘ਚ ਤਬਦੀਲ ਨਹੀਂ ਕੀਤਾ ਜਾਵੇਗਾ। ਸਤਿੰਦਰ ਜੈਨ ਨੇ ਦਿੱਲੀ ਪੁਲਿਸ ਦੀ ਇਸ ਮੰਗ ਨੂੰ ਲਿਖਤੀ ਤੌਰ ‘ਤੇ ਠੁਕਰਾ ਦਿੱਤਾ ਹੈ। ਕੇਜਰੀਵਾਲ ਦੇ ਇਸ ਫੈਸਲੇ ਦਾ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸਵਾਗਤ ਕੀਤਾ ਹੈ। ਸਤਿੰਦਰ ਜੈਨ ਦਾ ਕਹਿਣਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ ਉਹ ਸ਼ਾਂਤੀਪੂਰਵਕ ਅੰਦੋਲਨ ਕਰ ਹੇ ਹਨ ਤੇ ਕੇਂਦਰ ਨੂੰ ਉਨ੍ਹਾਂ ਦੀਆਂ ਮੰਗਾਂ ਨੂੰ ਸੁਣ ਕੇ ਸਮੱਸਿਆਵਾਂ ਦਾ ਕੋਈ ਫੌਰੀ ਹੱਲ ਕੱਢਣਾ ਚਾਹੀਦਾ ਹੈ। ਜੇਲ੍ਹਾਂ ‘ਚ ਡੱਕ ਕੇ ਸਮੱਸਿਆ ਦਾ ਕੋਈ ਹੱਲ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅੰਦੋਲਨ ਕਰਨਾ ਕਿਸਾਨਾਂ ਦਾ ਅਧਿਕਾਰ ਹੈ। ਇਸ ਲਈ ਦਿੱਲੀ ਪੁਲਿਸ ਵੱਲੋਂ ਕੀਤੀ ਗਈ ਪੇਸ਼ਕਸ਼ ਨੂੰ ਕੇਜਰੀਵਾਲ ਨੇ ਠੁਕਰਾ ਦਿੱਤਾ।
ਚੀਮਾ ਨੇ ਕਿਹਾ ਕਿ ਦਿੱਲੀ ਪੁਲਿਸ PM ਦੇ ਕਹਿਣ ‘ਤੇ ਕਿਸਾਨਾਂ ਨੂੰ ਜੇਲ੍ਹਾਂ ‘ਚ ਡੱਕਣ ਲਈ ਕਹਿ ਰਹੀ ਹੈ ਪਰ ਕੇਜਰੀਵਾਲ ਸਰਕਾਰ ਨੇ ਦਿੱਲੀ ਪੁਲਿਸ ਦੀ ਇਸ ਮੰਗ ਨੂੰ ਠੁਕਰਾ ਕੇ ਉਨ੍ਹਾਂ ਨੂੰ ਝਟਕਾ ਦਿੱਤਾ ਹੈ ਤੇ ਉਨ੍ਹਾਂ ਦਾ ਇਹ ਫੈਸਲਾ ਸੱਚਮੁੱਚ ਸ਼ਲਾਘਾਯੋਗ ਹੈ। ਚੀਮਾ ਨੇ ਕਿਹਾ ਕਿ ਕੇਜਰੀਵਾਲ ਹੀ ਦੇਸ਼ ਦੇ ਪਹਿਲੇ ਮੁੱਖ ਮੰਤਰੀ ਸਨ ਜਿਨ੍ਹਾਂ ਨੇ ਜੰਤਰ ਮੰਤਰ ਵਿਖੇ ਆਪ ਦੇ ਧਰਨੇ ਦੀ ਅਗਵਾਈ ਕਰਦੇ ਹੋਏ ਸਭ ਤੋਂ ਪਹਿਲਾਂ ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਸੀ।
ਇਹ ਵੀ ਪੜ੍ਹੋ : ਦੇਖਦੇ ਹੀ ਦੇਖਦੇ ਦਿੱਲੀ ਪੁਲਿਸ ਤੇ ਕਿਸਾਨਾਂ ‘ਚ ਹੋ ਗਈ ਜ਼ਬਰਦਸਤ ਝੜਪ, ਦੇਖੋ ਸਿੰਘੂ ਬੈਰੀਅਰ ਤੋਂ Live