Amit Shah’s Appeal : ਨਵੀਂ ਦਿੱਲੀ : ਕੇਂਦਰੀ ਖੇਤੀ ਕਾਨੂੰਨਾਂ ਲੈ ਕੇ ਮਾਹੌਲ ਗਰਮਾ ਗਿਆ ਹੈ। ਇਨ੍ਹਾਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਪੀਲ ਕੀਤੀ ਕਿ, ”ਮੈਂ ਵਿਰੋਧ ਕਰ ਰਹੇ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਭਾਰਤ ਸਰਕਾਰ ਗੱਲਬਾਤ ਕਰਨ ਲਈ ਤਿਆਰ ਹੈ। ਖੇਤੀਬਾੜੀ ਮੰਤਰੀ ਨੇ ਉਨ੍ਹਾਂ ਨੂੰ 3 ਦਸੰਬਰ ਨੂੰ ਵਿਚਾਰ ਵਟਾਂਦਰੇ ਲਈ ਬੁਲਾਇਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਹਰ ਸਮੱਸਿਆ ਅਤੇ ਮੰਗ ਉੱਤੇ ਵਿਚਾਰ ਕਰਨ ਲਈ ਤਿਆਰ ਹੈ। ਅਮਿਤ ਸ਼ਾਹ ਨੇ ਕਿਹਾ ਕਿ ਕਿਸਾਨ ਦੇਸ਼ ਦੇ ਅੰਨਦਾਤਾ ਹਨ ਤੇ ਉਨ੍ਹਾਂ ਨੂੰ ਇਸ ਤਰ੍ਹਾਂ ਸੜਕਾਂ ‘ਤੇ ਨਹੀਂ ਰਹਿਣ ਦਿੱਤਾ ਜਾਵੇਗਾ। ਗ੍ਰਹਿ ਮੰਤਰੀ ਨੇ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਨਿਰੰਕਾਰੀ ਸਮਾਗਮ ਗਰਾਊਂਡ ਵਿਖੇ ਜਾਣ ਅਤੇ ਉਥੇ ਸਰਕਾਰ ਨਾਲ ਸ਼ਾਂਤੀਪੂਰਵਕ ਗੱਲ ਕਰਕੇ ਉਨ੍ਹਾਂ ਦੀ ਸਮੱਸਿਆ ਦਾ ਹੱਲ ਕੱਢਿਆ ਜਾਵੇਗਾ।
ਕਿਸਾਨਾਂ ਨੂੰ ਆਪਣਾ ਅੰਦੋਲਨ ਖਤਮ ਕਰਨ ਦੀ ਅਪੀਲ ਕਰਦਿਆਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸਰਕਾਰ ਉਨ੍ਹਾਂ ਨਾਲ ਸਾਰੇ ਮੁੱਦਿਆਂ ‘ਤੇ ਵਿਚਾਰ ਕਰਨ ਲਈ ਤਿਆਰ ਹੈ। ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ‘ਦਿੱਲੀ ਚਲੋ’ ਮਾਰਚ ਵਿੱਚ ਸ਼ਾਮਿਲ ਹਜ਼ਾਰਾਂ ਕਿਸਾਨ ਸ਼ੁੱਕਰਵਾਰ ਨੂੰ ਪਾਣੀ ਦੀਆਂ ਬੌਛਾਰਾਂ ਅਤੇ ਸੁਰੱਖਿਆ ਕਰਮਚਾਰੀਆਂ ਨਾਲ ਝੜਪਾਂ ਦਾ ਸਾਹਮਣਾ ਕਰਨ ਤੋਂ ਬਾਅਦ ਦਿੱਲੀ ਵਿੱਚ ਦਾਖਲ ਹੋਣੇ ਸ਼ੁਰੂ ਹੋ ਗਏ ਸੀ।ਇਸ ਤੋਂ ਪਹਿਲਾਂ ਦਿਨ ਵਿੱਚ ਤੋਮਰ ਨੇ ਕਿਹਾ ਸੀ ਕਿ, “ਨਵੇਂ ਖੇਤੀਬਾੜੀ ਕਾਨੂੰਨਾਂ ਨਾਲ ਕਿਸਾਨਾਂ ਦੀ ਜ਼ਿੰਦਗੀ ਵਿੱਚ ਅਥਾਹ (ਬਹੁਤ ਜ਼ਿਆਦਾ) ਸੁਧਾਰ ਹੋਏਗਾ। ਵੱਖ-ਵੱਖ ਕਿਸਾਨ ਸੰਗਠਨਾਂ ਨੂੰ 3 ਦਸੰਬਰ ਨੂੰ ਵਿਚਾਰ ਵਟਾਂਦਰੇ ਲਈ ਬੁਲਾਇਆ ਗਿਆ ਹੈ।
ਕਿਸਾਨ ਪ੍ਰਦਰਸ਼ਨ ਦੌਰਾਨ ਕਈ ਦਿਲ ਨੂੰ ਛੂਹਣ ਵਾਲੀਆਂ ਵੀਡੀਓ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮਾਂ ਨੂੰ ਕਿਸਾਨਾਂ ਵਲੋਂ ਲੰਗਰ ਛਕਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਕਈ ਪੁਲਿਸ ਕਰਮੀਆਂ ਨੂੰ ਕਿਸਾਨਾਂ ਵਲੋਂ ਪਾਣੀ ਪਿਲਾਉਂਦੇ ਹੋਏ ਵੀ ਦੇਖਿਆ ਗਿਆ ਹੈ। ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਮਸਲੇ ਨੂੰ ਹੱਲ ਕਰਨ ਵਿੱਚ ਅਸਫਲ ਰਹੀ ਹੈ। ਇਸ ਲਈ ਅਸੀਂ ਦਿੱਲੀ ਪੁੱਜੇ ਹਾਂ। ਕਿਸਾਨ ਲਗਾਤਾਰ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ। ਪੰਜਾਬ ਦੇ ਇੱਕ ਕਿਸਾਨ ਨੇ ਕਿਹਾ ਕਿ ਸਾਡਾ ਵਿਰੋਧ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਨਹੀਂ ਲਿਆ ਜਾਂਦਾ। ਅਸੀਂ ਇੱਥੇ ਇੱਕ ਲੰਬੀ ਲੜਾਈ ਲਈ ਆਏ ਹਾਂ। ਇੱਕ ਹੋਰ ਕਿਸਾਨ ਨੇ ਕਿਹਾ ਕਿ ਅਸੀਂ ਪਿੱਛੇ ਨਹੀਂ ਹਟਾਂਗੇ। ਅਸੀਂ ਛੇ ਮਹੀਨੇ ਦਾ ਰਾਸ਼ਨ ਨਾਲ ਲੈ ਕੇ ਆਏ ਹਾਂ। ਸਾਡੀ ਲਹਿਰ ਜਾਰੀ ਰਹੇਗੀ।
ਇਹ ਵੀ ਪੜ੍ਹੋ : ਕਿਸਾਨ ਜਥੇਬੰਦੀਆਂ ਉਗਰਾਹਾਂ ਦਾ ਵੱਡਾ ਐਲਾਨ, ਬੁਰਾਰੀ ਮੈਦਾਨ ਨਹੀਂ ਜੰਤਰ ਮੰਤਰ ਦੇਵਾਂਗੇ ਧਰਨੇ !