Farmers should resolve : ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਕਿਹਾ ਕਿ ਕਿਸਾਨਾਂ ਨੂੰ ਆਪਣੇ ਮਸਲਿਆਂ ਦੇ ਹੱਲ ਲਈ ਗੱਲਬਾਤ ਅਤੇ ਵਿਚਾਰ ਵਟਾਂਦਰੇ ਦਾ ਸਹਾਰਾ ਲੈਣਾ ਚਾਹੀਦਾ ਹੈ ਅਤੇ ਵਿਰੋਧ ਪ੍ਰਦਰਸ਼ਨ ਕਰਨ ਤੋਂ ਬਚਣਾ ਚਾਹੀਦਾ ਹੈ। ਇੱਕ ਬਿਆਨ ‘ਚ ਸ਼ਰਮਾ ਨੇ ਕਿਹਾ ਕਿ ਕੇਂਦਰ ਨੇ ਪਹਿਲਾਂ ਹੀ ਕਿਸਾਨ ਨੇਤਾਵਾਂ ਨਾਲ ਗੱਲਬਾਤ ਦੇ ਅਗਲੇ ਦੌਰ ਲਈ 3 ਦਸੰਬਰ ਨੂੰ ਤੈਅ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਗੱਲਬਾਤ ਤੋਂ ਬਾਅਦ ਕੋਈ ਸਕਾਰਾਤਮਕ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਨੇ ਕਿਸਾਨਾਂ ਨੂੰ ਚਿਤਾਵਨੀ ਦਿੱਤੀ ਕਿ ਉਨ੍ਹਾਂ ਦੇ ਵਿਰੋਧ ਦੇ ਘੇਰੇ ਵਿੱਚ ਵਿਨਾਸ਼ਕਾਰੀ ਅਤੇ ਵਿਘਨ ਪਾਉਣ ਵਾਲੇ ਤੱਤ ਰਾਜ ਵਿੱਚ ਸ਼ਾਂਤੀ ਭੰਗ ਕਰਨ ਵਿੱਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵਿਨਾਸ਼ਕਾਰੀ ਅਨਸਰਾਂ ਦੇ ਹੱਥਾਂ ਵਿੱਚ ਖੇਡਣ ਦੀ ਆਗਿਆ ਨਹੀਂ ਦੇਣੀ ਚਾਹੀਦੀ। ਉਨ੍ਹਾਂ ਨੇ ਪੰਜਾਬ ਵਿੱਚ ਰੇਲ ਗੱਡੀਆਂ ਚਲਾਉਣ ਦੇ ਕਿਸਾਨਾਂ ਦੇ ਫੈਸਲੇ ਦਾ ਸਵਾਗਤ ਕੀਤਾ ਅਤੇ ਉਮੀਦ ਕੀਤੀ ਕਿ ਉਹ ਗੱਲਬਾਤ ਨਾਲ ਸਾਰੇ ਮਸਲਿਆਂ ਦੇ ਹੱਲ ਵਿੱਚ ਸਹਾਇਤਾ ਕਰਨਗੇ।
ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਕਾਫੀ ਤਸ਼ੱਦਦ ਢਾਹੇ ਗਏ। ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਤੇ ਪਾਣੀ ਦੀਆਂ ਬੌਛਾਰਾਂ ਕੀਤੀਆਂ ਗਈਆਂ। ਖੱਟਰ ਸਰਕਾਰ ਨੇ ਕਿਸਾਨਾਂ ਦੇ ਆਉਣ ‘ਤੇ ਬਾਰਡਰ ਨੂੰ ਸੀਲ ਕਰ ਦਿੱਤਾ ਤਾਂ ਜੋ ਕਿਸਾਨ ਦਿੱਲੀ ਕੂਚ ਨਾ ਕਰ ਸਕਣ। ਇਸ ਤੋਂ ਇਲਾਵਾ ਹੋਰ ਵੀ ਕਈ ਅਤਿਆਚਾਰ ਕਿਸਾਨਾਂ ‘ਤੇ ਕੀਤੇ ਗਏ। ਮਨਹੋਰ ਲਾਲ ਖੱਟਰ ਦੇ ਇਸ ਵਿਵਹਾਰ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਵੀ ਕਾਫੀ ਨਿੰਦਾ ਕੀਤੀ ਹੈ ਤੇ ਉਨ੍ਹਾਂ ਕਿਹਾ ਕਿ ਕਿ ਉਹ ਉਦੋਂ ਤੱਕ ਖੱਟਰ ਨਾਲ ਗੱਲਬਾਤ ਨਹੀਂ ਕਰਨਗੇ ਜਦੋਂ ਤੱਕ ਉਹ ਕਿਸਾਨਾਂ ਤੋਂ ਮੁਆਫੀ ਨਹੀਂ ਮੰਗਦੇ। ਇਥੇ ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ 3 ਦਸਬੰਰ ਨੂੰ ਗੱਲਬਾਤ ਲਈ ਸੱਦਿਆ ਗਿਆ ਹੈ। ਅਮਿਤ ਸ਼ਾਹ ਨੇ ਵੀ ਕਿਸਾਨਾਂ ਅੱਗੇ ਗੋਡੇ ਟੇਕ ਦਿੱਤੇ ਹਨ ਤੇ ਕਿਸਾਨਾਂ ਨੂੰ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ।
ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨੇ ਹੁਣ ਸਿਆਸੀ ਰੂਪ ਲੈ ਲਿਆ ਹੈ। ਦੇਸ਼ ਦੇ ਅੰਨਦਾਤਾ ‘ਤੇ ਜ਼ੁਲਮ ਢਾਹੇ ਜਾ ਰਹੇ ਹਨ ਤੇ ਪਿਛਲੇ 2 ਮਹੀਨਿਆਂ ਤੋਂ ਸ਼ਾਂਤੀਪੂਰਵਕ ਸੰਘਰਸ਼ ਕਰ ਰਹੇ ਕਿਸਾਨਾਂ ਦੀ ਮੋਦੀ ਸਰਕਾਰ ਵੱਲੋਂ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਜਿਸ ਕਾਰਨ ਕਿਸਾਨ ਅੰਦੋਲਨ ਕਰਨ ਲਈ ਮਜਬੂਰ ਹਨ ਅਤੇ ਉਹ ਆਪਣੀਆਂ ਮੰਗਾਂ ਤੇ ਸਮੱਸਿਆਵਾਂ ਦੀ ਸੁਣਵਾਈ ਲਈ ਸੜਕਾਂ ‘ਤੇ ਉਤਰ ਆਏ ਹਨ।