Delhi Police files FIR: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਦਿੱਲੀ ਦੀ ਸਰਹੱਦ ‘ਤੇ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਕਿਸਾਨ ਦਿੱਲੀ ਵਿੱਚ ਦਾਖਲੇ ਦੇ ਤਿੰਨ ਮਾਰਗਾਂ ‘ਤੇ ਡੇਰਾ ਲਾ ਕੇ ਬੈਠੇ ਹੋਏ ਹਨ ਅਤੇ ਦਿੱਲੀ ਦੇ ਜੰਤਰ-ਮੰਤਰ ‘ਤੇ ਧਰਨਾ ਪ੍ਰਦਰਸ਼ਨ ਕਰਨ ਲਈ ਅੜੇ ਹੋਏ ਹਨ । ਸਰਕਾਰ ਵੱਲੋਂ ਕਿਸਾਨਾਂ ਨੂੰ ਬੁਰਾੜੀ ਦੇ ਮੈਦਾਨ ਵਿੱਚ ਧਰਨਾ ਪ੍ਰਦਰਸ਼ਨ ਕਰਨ ਦੀ ਆਗਿਆ ਦਿੱਤੀ ਗਈ ਸੀ, ਪਰ ਕਿਸਾਨਾਂ ਵੱਲੋਂ ਉਹ ਠੁਕਰਾ ਦਿੱਤੀ ਗਈ। ਇਸ ਬਾਰੇ ਕਿਸਾਨਾਂ ਦਾ ਕਹਿਣਾ ਹੈ ਕਿ ਬੁਰਾੜੀ ਦਾ ਮੈਦਾਨ ਇੱਕ ਓਪਨ ਜੇਲ੍ਹ ਦੀ ਤਰ੍ਹਾਂ ਹੈ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਸਰਕਾਰ ਇਹ ਕਾਲੇ ਖੇਤੀ ਕਾਨੂੰਨ ਵਾਪਿਸ ਨਹੀਂ ਲੈਂਦੀ ਤਾਂ ਦਿੱਲੀ ਨੂੰ ਗੁਆਂਢੀ ਰਾਜਾਂ ਨਾਲ ਜੋੜਨ ਵਾਲੀਆਂ ਸਾਰੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਜਾਵੇਗਾ।
ਇਸੇ ਵਿਚਾਲੇ ਹੁਣ ਦਿੱਲੀ ਪੁਲਿਸ ਨੇ ਕਿਸਾਨ ਅੰਦੋਲਨ ਦੌਰਾਨ ਸਿੰਘੁ ਬਾਰਡਰ ‘ਤੇ ਹੋਏ ਪ੍ਰਦਰਸ਼ਨ ਨੂੰ ਲੈ ਕੇ ਦੰਗੇ ਕਰਨ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਸਮੇਤ ਵੱਖ-ਵੱਖ ਧਾਰਾਵਾਂ ਵਿੱਚ ਐਫਆਈਆਰ ਦਰਜ ਕੀਤੀ ਹੈ । ਇਹ ਐਫਆਈਆਰ ਅਲੀਪੁਰ ਥਾਣੇ ਵਿੱਚ ਦਰਜ ਕੀਤੀ ਗਈ ਹੈ। ਇਹ ਐਫਆਈਆਰ ਅਣਪਛਾਤੇ ਲੋਕਾਂ ਖਿਲਾਫ ਦਰਜ ਕੀਤੀ ਗਈ ਹੈ।
ਦਰਅਸਲ, ਦਿੱਲੀ ਦੇ ਅਲੀਪੁਰ ਥਾਣੇ ਵਿੱਚ ਧਾਰਾ 186, 353, 332, 323, 147, 148, 149, 279, 337, 188, 269, ਅਤੇ 3 PDPP ਐਕਟ ਅਧੀਨ ਕੇਸ ਦਰਜ ਕੀਤਾ ਗਿਆ ਹੈ । ਵਿੱਚ ਪੁਲਿਸ ਦਾ ਕਹਿਣਾ ਹੈ ਕਿ 27 ਨਵੰਬਰ ਨੂੰ ਜਦੋਂ ਸਿੰਘੂ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਬੈਰੀਕੇਡ ਤੋੜ ਕੇ ਦਿੱਲੀ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਇਸ ਦੌਰਾਨ ਪੁਲਿਸ ‘ਤੇ ਪਥਰਾਅ ਕੀਤਾ ਗਿਆ ਸੀ । ਜਿਸ ਨਾਲ ਸਰਕਾਰੀ ਜਾਇਦਾਦ ਨੂੰ ਵੀ ਨੁਕਸਾਨ ਪਹੁੰਚਿਆ ਸੀ । ਪੁਲਿਸ ਦਾ ਕਹਿਣਾ ਹੈ ਕਿ ਭੀੜ ਨੂੰ ਕਾਬੂ ਕਰਨ ਲਈ ਪੁਲਿਸ ਨੇ ਹੰਝੂ ਗੈਸ ਅਤੇ ਤਾਕਤ ਦੀ ਵਰਤੋਂ ਕੀਤੀ ਸੀ। ਇਸ ਹੰਗਾਮੇ ਦੌਰਾਨ ਦਿੱਲੀ ਪੁਲਿਸ ਦੇ ਲਗਭਗ 3-4 ਪੁਲਿਸ ਮੁਲਾਜ਼ਮ ਜ਼ਖਮੀ ਹੋਏ ਸਨ । ਜਿਸ ਕਾਰਨ ਇਹ ਕੇਸ ਦਰਜ ਕੀਤੇ ਗਏ ਹਨ।
ਫਿਲਹਾਲ ਕਿਸਾਨ ਅੰਦੋਲਨ ਦੇ ਚੱਲਦਿਆਂ ਸਿੰਘੁ ਬਾਰਡਰ ਤੇ ਟਿਕਰੀ ਬਾਰਡਰ ਪੂਰੀ ਤਰ੍ਹਾਂ ਬੰਦ ਹਨ। ਇਸ ਤੋਂ ਇਲਾਵਾ ਗਾਜ਼ੀਆਬਾਦ ਬਾਰਡਰ ‘ਤੇ ਵੀ ਭਾਰੀ ਗਿਣਤੀ ਵਿੱਚ ਕਿਸਾਨ ਧਰਨਾ ਲਗਾ ਕੇ ਬੈਠੇ ਹੋਏ ਹਨ। ਦੱਸ ਦੇਈਏ ਕਿ ਕਿਸਾਨ ਦਿੱਲੀ ਦੇ ਬਾਕੀ ਬਾਰਡਰ ਵੀ ਬੰਦ ਕਰਨ ਦੀ ਤਿਆਰੀ ਕਰ ਰਹੇ ਹਨ ।
ਇਹ ਵੀ ਦੇਖੋ: ਦੇਖੋ ਇਸ ਗਾਇਕ ਨੇ ਕਿਉਂ ਜੜੇ ਖੁੰਡੇ ਨੂੰ ਕੋਕੇ, ਕਹਿੰਦਾ ਦਿੱਲੀ ਕੰਬਣ ਲਾ ਦਿਆਂਗੇ