Vikas sharma Bjp tweets: ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਭਾਜਪਾ ਦੇ ਆਗੂ ਵੀ ਹੁਣ ਪਾਰਟੀ ਪ੍ਰੋਟੋਕੋਲ ਤੋਂ ਅੱਗੇ ਜਾ ਕੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਕਰਨ ਲਈ ਚਿੱਠੀਆਂ ਲਿਖਣ ਲੱਗ ਗਏ ਹਨ। ਇਸ ਤੋਂ ਅੰਦਾਜਾ ਲਾਇਆ ਜਾ ਸਕਦਾ ਹੈ ਕਿ ਭਾਜਪਾ ਦੇ ਆਗੂ ਵੀ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਹੁਣ ਖੁੱਲ੍ਹ ਕੇ ਸਾਹਮਣੇ ਆ ਰਹੇ ਹਨ।
ਪਟਿਆਲਾ ਤੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨੇ ਬਾਗੀ ਸੁਰਾਂ ਦਿਖਾਉਂਦੇ ਹੋਏ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਕੇਂਦਰੀ ਮੰਤਰੀ ਨੂੰ ਚਿੱਠੀ ਲਿਖੀ ਹੈ। ਇਸ ਤੋਂ ਪਹਿਲਾਂ ਭਾਜਪਾ ਦੇ ਸੂਬਾ ਜਨਰਲ ਸਕੱਤਰ ਮਾਲਵਿੰਦਰ ਸਿੰਘ ਕੰਗ ਨੇ ਵੀ ਭਾਜਪਾ ਤੋਂ ਅਸਤੀਫਾ ਦੇ ਦਿੱਤਾ ਅਤੇ ਹੁਣ ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਵਿਕਾਸ ਸ਼ਰਮਾ ਨੇ ਇਹ ਪੱਤਰ ਲਿਖ ਕੇ ਨਾਲ ਹੀ ਟਵੀਟ ਕਰਕੇ ਪਾਰਟੀ ‘ਚ ਨਵੀਂ ਚਰਚਾ ਛੇੜ ਦਿੱਤੀ ਹੈ।
ਟਵੀਟ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ, “ਮੈਂ ਪੰਜਾਬੀ ਹੋਣ ਦੇ ਨਾਤੇ ਪੰਜਾਬੀਅਤ ਅਤੇ ਕਿਸਾਨੀ ਨੂੰ ਪ੍ਰਮੁੱਖ ਰੱਖਦੇ ਹੋਏ, ਕੇਂਦਰ ਦੀ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੂੰ ਬੇਨਤੀ ਕਰਦਾਂ ਹਾਂ ਪੰਜਾਬ ਦੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਤੇ ਅਤਿ ਗੰਭੀਰਤਾ ਪੂਰਵਕ ਵਿਚਾਰ ਕੀਤਾ ਜਾਵੇ ਜੀ।”