Gangu Brahmin betrayed : ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਗੁਰੂ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ। ਸਿੱਖ ਧਰਮ ਦੀ ਨੀਂਹ ਰੱਖਣ ਵਾਲੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨੇ ਸਿੱਖੀ ਮਾਰਗ ਤੇ ਚੱਲਣ ਲਈ ਸਿਰ ਭੇਟ ਕਰਨ ਦੀ ਸ਼ਰਤ ਰੱਖੀ ਸੀ। ਇਸੇ ਲੀਹ ‘ਤੇ ਤੁਰਦਿਆਂ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਖਾਲਸੇ ਦੀ ਸਾਜਨਾ ਕੀਤੀ। ਗੁਰੂ ਜੀ ਦੇ ਕਿਲਾ ਖਾਲੀ ਕਰਕੇ ਜਾਣ ‘ਤੇ ਦੁਸ਼ਮਣ ਨੇ ਸਾਰੀਆਂ ਕਸਮਾਂ ਤੋੜ ਕੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਸਰਸਾ ਨਦੀ ਦੇ ਨੇੜੇ ਪਹੁੰਚਦਿਆਂ ਗਹਿਗੱਚ ਲੜਾਈ ਹੋਈ ਜਿਸ ਦੌਰਾਨ ਗੁਰੂ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਵਹੀਰ ਤੋਂ ਵੱਖ ਹੋ ਗਏ।
ਮਾਤਾ ਗੁਜਰੀ ਜੀ ਅਤੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਨੂੰ ਗੰਗੂ ਬ੍ਰਾਹਮਣ ਮਿਲ ਗਿਆ। ਇਹ ਉਨ੍ਹਾਂ ਨੂੰ ਮੋਰਿੰਡੇ ਕੋਲ ਪਿੰਡ ਸਹੇੜੀ ਵਿਖੇ ਆਪਣੇ ਘਰ ਲੈ ਗਿਆ। ਘਰ ਜਾ ਕੇ ਗੰਗੂ ਦਾ ਮਨ ਬੇਈਮਾਨ ਹੋ ਗਿਆ। ਉਸ ਨੇ ਮੋਰਿੰਡੇ ਦੇ ਥਾਣੇਦਾਰ ਨੂੰ ਖ਼ਬਰ ਦੇ ਕੇ ਬੱਚਿਆਂ ਨੂੰ ਫੜਾ ਦਿੱਤਾ। ਮੋਰਿੰਡੇ ਦੇ ਥਾਣੇਦਾਰ ਨੇ ਮਾਤਾ ਜੀ ਤੇ ਬੱਚਿਆਂ ਨੂੰ ਗ੍ਰਿਫ਼ਤਾਰ ਕਰਕੇ 23 ਦਸੰਬਰ 1704 ਨੂੰ ਸੂਬਾ ਸਰਹਿੰਦ ਦੇ ਹਵਾਲੇ ਕਰ ਦਿੱਤਾ। ਉਸ ਰਾਤ ਉਨ੍ਹਾਂ ਨੂੰ ਕਿਲੇ ਦੇ ਠੰਢੇ ਬੁਰਜ ‘ਚ ਰੱਖਿਆ ਗਿਆ। ਦੂਜੇ ਦਿਨ ਬੱਚਿਆਂ ਨੂੰ ਸੂਬਾ ਸਰਹਿੰਦ ਦੀ ਕਚਹਿਰੀ ਵਿੱਚ ਪੇਸ਼ ਕੀਤਾ ਗਿਆ। ਬੱਚਿਆਂ ਨੂੰ ਦੀਨ ਕਬੂਲ ਕਰਨ ਲਈ ਲਾਲਚ ਦੇਣ ਤੇ ਡਰਾਉਣ, ਧਮਕਾਉਣ ਦੇ ਯਤਨ ਕੀਤੇ ਗਏ। ਬੱਚਿਆਂ ਨੇ ਸੂਬਾ ਸਰਹਿੰਦ ਨੂੰ ਆਪਣਾ ਧਰਮ ਛੱਡਣ ਤੋਂ ਦਲੇਰੀ ਨਾਲ ਇਨਕਾਰ ਕਰ ਦਿੱਤਾ।
ਵਜ਼ੀਰ ਖਾਨ ਨੇ ਕਾਜ਼ੀ ਦੀ ਰਾਇ ਲਈ ਕਿ ਇਨ੍ਹਾਂ ਬੱਚਿਆਂ ਨੂੰ ਕੀ ਸਜ਼ਾ ਦਿੱਤੀ ਜਾ ਸਕਦੀ ਹੈ। ਕਾਜ਼ੀ ਨੇ ਕਿਹਾ ਕਿ ਇਸਲਾਮ ਵਿੱਚ ਬੱਚਿਆਂ ਨੂੰ ਸਜ਼ਾ ਦੇਣ ਦੀ ਇਜਾਜ਼ਤ ਨਹੀਂ ਹੈ। ਵਜ਼ੀਰ ਖ਼ਾਨ ਵੀ ਕਿਸੇ ਹੱਦ ਤੱਕ ਬੱਚਿਆਂ ਦਾ ਕਤਲ ਆਪਣੇ ਮੱਥੇ ‘ਤੇ ਲਾਉਣ ਤੋਂ ਬਚਣਾ ਚਾਹੁੰਦਾ ਸੀ। ਵਜ਼ੀਰ ਖਾਨ ਦੇ ਮਨ ਵਿੱਚ ਨਰਮੀ ਆਉਣ ਲੱਗੀ ਸੀ, ਪਰ ਦੀਵਾਨ ਸੁੱਚਾ ਨੰਦ ਇਹ ਨਹੀਂ ਸੀ ਚਾਹੁੰਦਾ ਕਿ ਸਾਹਿਬਜ਼ਾਦਿਆਂ ਨੂੰ ਛੱਡਿਆ ਜਾਵੇ। ਉਸ ਨੇ ਇੱਕ ਸ਼ੈਤਾਨ ਵਾਂਗ ਸਾਹਿਬਜ਼ਾਦਿਆਂ ਨੂੰ ਕੁਝ ਅਜਿਹੇ ਪ੍ਰਸ਼ਨ ਕੀਤੇ ਜਿਹਨਾਂ ਦੇ ਉੱਤਰ ਤੋਂ ਉਹਨਾਂ ਨੂੰ ਬਾਗ਼ੀ ਸਿੱਧ ਕੀਤਾ। ਉਸ ਨੇ ਵਜ਼ੀਰ ਖਾਨ ਨੂੰ ਵੀ ਉਕਸਾਇਆ ਕਿ ਇਹਨਾਂ ਬੱਚਿਆਂ ਨੂੰ ਛੱਡਣਾ ਸਿਆਣਪ ਨਹੀਂ ਹੋਵੇਗੀ। ਵਜ਼ੀਰ ਖਾਨ ਨੇ ਕਾਜ਼ੀ ਤੋਂ ਫਿਰ ਪੁੱਛਿਆ। ਇਸ ਵਾਰ ਕਾਜ਼ੀ ਨੇ ਮਾਲਕਾਂ ਦੀ ਮਰਜ਼ੀ ਅਨੁਸਾਰ ਬੱਚਿਆਂ ਨੂੰ ਕੰਧਾਂ ਵਿੱਚ ਚਿਣੇ ਜਾਣ ਦਾ ਫ਼ਤਵਾ ਦੇ ਦਿੱਤਾ। ਬੱਚਿਆਂ ਨੂੰ ਕੰਧਾਂ ਵਿੱਚ ਚਿਣਿਆ ਗਿਆ। ਕੰਧ ਜਦੋਂ ਮੋਢਿਆਂ ਤੱਕ ਆਈ ਤਾਂ ਗਿਰ ਗਈ ਸੀ। ਬੱਚਿਆਂ ਦੇ ਫ਼ੁੱਲਾਂ ਵਰਗੇ ਸਰੀਰ ਇਸ ਚੋਟ ਨੂੰ ਨਾ ਸਹਾਰਦੇ ਹੋਏ ਬੇਹੋਸ਼ ਹੋ ਗਏ ਸਨ।
ਇਸ ਤੋਂ ਬਾਅਦ 27 ਦਸੰਬਰ ਨੂੰ ਬੱਚਿਆਂ ਨੂੰ ਕਚਹਿਰੀ ਵਿੱਚ ਫਿਰ ਪੇਸ਼ ਕੀਤਾ ਗਿਆ। ਉਨ੍ਹਾਂ ਨੂੰ ਫਿਰ ਦੀਨ ਕਬੂਲਣ ਲਈ ਦਬਾਅ ਪਾਇਆ ਗਿਆ ਪਰ ਸਾਹਿਬਜ਼ਾਦਿਆਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ। ਉਨ੍ਹਾਂ ਨੇ ਆਪਣੇ ਦਾਦੇ ਦੀ ਤਰ੍ਹਾਂ ਸ਼ਹੀਦੀ ਪਾਉਣ ਦਾ ਪ੍ਰਣ ਕਰ ਲਿਆ। ਭਾਈ ਦੁੱਨਾ ਸਿੰਘ ਹੰਡੂਰੀਆ ਜੋ ਚਮਕੌਰ ਤੱਕ ਗੁਰੂ ਜੀ ਦੇ ਨਾਲ ਸੀ, ਨੇ ਲਿਖਿਆ- ਜ਼ੋਰਾਵਰ ਸਿੰਘ ਐਸੇ ਭਨੈ, ਕਿਉਂ ਭਾਈ! ਅਬ ਕਿਉਂ ਕਰ ਬਨੈ। ਫਤੇ ਸਿੰਘ ਤਬ ਕਹਯੋ ਬਖਾਨ, ‘ਦਸ ਪਾਤਸ਼ਾਹੀ ਹੋਵਹਿ ਹਾਨ। ਬੱਚਿਆਂ ਨੂੰ ਜ਼ਿਬਹ ਕਰਨ ਦਾ ਹੁਕਮ ਸੁਣਾਇਆ ਗਿਆ। ਦੋ ਜਲਾਦਾਂ ਨੇ ਦੋਵੇਂ ਬੱਚਿਆਂ ਨੂੰ ਗੋਡੇ ਹੇਠ ਦੇ ਕੇ ਪਹਿਲਾਂ ਉਨ੍ਹਾਂ ਦੇ ਗਲਾਂ ਵਿੱਚ ਖੰਜਰ ਖੋਭੇ ਅਤੇ ਫੇਰ ਤਲਵਾਰ ਮਾਰ ਕੇ ਸੀਸ ਧੜ ਤੋਂ ਅਲੱਗ ਕਰ ਦਿੱਤੇ। ਜਦੋਂ ਸ਼ਾਹਿਬਜ਼ਾਦਿਆਂ ਦੀ ਸ਼ਹੀਦੀ ਦੀ ਖਬਰ ਠੰਢੇ ਬੁਰਜ ਵਿੱਚ ਕੈਦ ਮਾਤਾ ਗੁਜਰ ਕੌਰ ਜੀ ਨੂੰ ਦਿੱਤੀ ਗਈ ਤਾਂ ਉਨ੍ਹਾਂ ਨੇ ਵੀ ਤੁਰੰਤ ਆਪਣੇ ਪ੍ਰਾਣ ਤਿਆਗ ਦਿੱਤੇ। ਸਾਹਿਬਜ਼ਾਦਿਆਂ ਦੀ ਸ਼ਹੀਦੀ ਮਹਿਜ਼ ਸ਼ਹੀਦੀ ਨਹੀਂ ਸਗੋਂ ਇਸ ਤੋਂ ਵੀ ਬਹੁਤ ਵੱਧ ਸੀ।