Farmers protest delhi: ਖੇਤੀਬਾੜੀ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ‘ਦਿੱਲੀ ਚਲੋ’ ਅੰਦੋਲਨ ਦਾ ਅੱਜ 12 ਵਾਂ ਦਿਨ ਹੈ। ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ 12 ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਕਿਸਾਨਾਂ ਨੇ ਮੰਗਲਵਾਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ, ਅਤੇ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਲਗਾਤਾਰ ਡਟੇ ਹੋਏ ਹਨ। ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਿਸਾਨਾਂ ਨੂੰ ਮਿਲਣ ਪਹੁੰਚੇ ਸੀ। 9 ਦਸੰਬਰ ਨੂੰ ਸਰਕਾਰ ਅਤੇ ਕਿਸਾਨਾਂ ਦਰਮਿਆਨ ਇੱਕ ਬੈਠਕ ਹੋਵੇਗੀ, ਇਸ ਤੋਂ ਪਹਿਲਾਂ ਵਿਰੋਧੀ ਧਿਰ ਨੇ ਕਿਸਾਨ ਅੰਦੋਲਨ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।
ਕਿਸਾਨ ਅੰਦੋਲਨ ਨੂੰ ਲੈ ਕੇ ਸਿਆਸੀ ਪਾਰਾ ਵੀ ਕਾਫੀ ਵਧਿਆ ਹੋਇਆ ਹੈ। ਹੁਣ ਇਸ ਕੜੀ ਕਈ ਰਾਜਨੀਤਿਕ ਪਾਰਟੀਆਂ ਵੀ ਕਿਸਾਨਾਂ ਦਾ ਸਾਥ ਦੇ ਰਹੀਆਂ ਹਨ। ਇਸੇ ਦੌਰਾਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਕੇਂਦਰ ਸਰਕਾਰ ‘ਤੇ ਹਮਲਾ ਬੋਲਿਆ ਹੈ। ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ, ” ‘ਅਡਾਨੀ- ਅੰਬਾਨੀ ਖੇਤੀਬਾੜੀ ਕਾਨੂੰਨ’ ਰੱਦ ਕਰਨੇ ਹੋਣਗੇ। ਇਸ ਤੋਂ ਬਿਨਾ ਕੁੱਝ ਵੀ ਮੰਨਜੂਰ ਨਹੀਂ!” ਇਸ ਤੋਂ ਇਲਾਵਾ ਖੇਤੀਬਾੜੀ ਕਾਨੂੰਨਾਂ ਖਿਲਾਫ ਵਿਰੋਧ ਪ੍ਰਦਰਸ਼ਨਾਂ ਦੌਰਾਨ ਦੇਸ਼ ਭਰ ਦੀਆਂ ਕਿਸਾਨ ਜੱਥੇਬੰਦੀਆਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਇਸ ਵਿੱਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉਤਰਾਖੰਡ, ਰਾਜਸਥਾਨ ਸਮੇਤ ਕਈ ਰਾਜਾਂ ਦੇ ਕਿਸਾਨ ਸੰਗਠਨ ਸ਼ਾਮਿਲ ਹਨ। ਹੁਣ ਕਈ ਰਾਜਨੀਤਿਕ ਪਾਰਟੀਆਂ ਨੇ ਵੀ ਇਸ ਬੰਦ ਦਾ ਸਮਰਥਨ ਕੀਤਾ ਹੈ।