Arvind Kejriwal Under House Arrest: ਖੇਤੀਬਾੜੀ ਕਾਨੂੰਨ ਵਿਰੁੱਧ ਕਿਸਾਨਾਂ ਵੱਲੋਂ ਬੁਲਾਏ ਗਏ ਭਾਰਤ ਬੰਦ ਦਾ ਪ੍ਰਭਾਵ ਦਿਖਾਈ ਦੇਣ ਲੱਗ ਗਿਆ ਹੈ। ਮੰਗਲਵਾਰ ਸਵੇਰ ਤੋਂ ਹੀ ਕਈ ਸੰਗਠਨ ਸੜਕਾਂ ‘ਤੇ ਉਤਰ ਆਏ ਹਨ ਅਤੇ ਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਪ੍ਰਦਰਸ਼ਨ ਕਰ ਰਹੇ ਹਨ । ਯੂਪੀ, ਮਹਾਰਾਸ਼ਟਰ, ਉੜੀਸਾ ਸਣੇ ਹੋਰ ਰਾਜਾਂ ਵਿੱਚ ਟ੍ਰੇਨਾਂ ਰੋਕ ਦਿੱਤੀਆਂ ਗਈਆਂ ਹਨ ।
ਉੱਥੇ ਹੀ ਦੂਜੇ ਪਾਸੇ ਕਿਸਾਨਾਂ ਦੇ ਭਾਰਤ ਬੰਦ ਵਿਚਾਲੇ ਆਮ ਆਦਮੀ ਪਾਰਟੀ ਨੇ ਇੱਕ ਵੱਡਾ ਦੋਸ਼ ਲਗਾਇਆ ਹੈ । AAP ਦਾ ਕਹਿਣਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ । ਦੱਸਿਆ ਜਾ ਰਿਹਾ ਹੈ ਕਿ ਜਦੋਂ ਤੋਂ ਅਰਵਿੰਦ ਕੇਜਰੀਵਾਲ ਸਿੰਘੂ ਬਾਰਡਰ ਤੋਂ ਵਾਪਸ ਆਏ ਹਨ, ਉਦੋਂ ਤੋਂ ਹੀ ਉਨ੍ਹਾਂ ਦੇ ਘਰ ਦੇ ਬਾਹਰ ਨਜ਼ਰਬੰਦ ਦੀ ਸਥਿਤੀ ਬਣੀ ਹੋਈ ਹੈ । ਇਸ ਬਾਰੇ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ ਤੇ ਹੁਣ ਉਨ੍ਹਾਂ ਨੂੰ ਬਾਹਰ ਨਹੀਂ ਨਿਕਲਣ ਦਿੱਤਾ ਜਾ ਰਿਹਾ। ਇਸ ਕਾਰਨ ਦਿੱਲੀ ਦੇ ਮੁੱਖ ਮੰਤਰੀ ਦੀਆਂ ਸਾਰੀਆਂ ਮੀਟਿੰਗਾਂ ਰੱਦ ਕਰ ਦਿੱਤੀਆਂ ਗਈਆਂ ਹਨ।
ਮਿਲੀ ਜਾਣਕਾਰੀ ਅਨੁਸਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਦਿੱਲੀ BJP ਦੇ ਪ੍ਰਧਾਨ ਆਦੇਸ਼ ਗੁਪਤਾ, ਸੰਸਦ ਮੈਂਬਰ ਪ੍ਰਵੇਸ਼ ਵਰਮਾ ਅਤੇ ਤਿੰਨੋਂ ਨਗਰ ਨਿਗਮ ਮੇਅਰ ਧਰਨੇ ‘ਤੇ ਬੈਠ ਗਏ ਹਨ। ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਗ੍ਰਹਿ ਮੰਤਰਾਲੇ ਦੇ ਆਦੇਸ਼ਾਂ ‘ਤੇ ਪੁਲਿਸ ਨੇ ਦਿੱਲੀ ਨਗਰ ਨਿਗਮ ਦੇ ਤਿੰਨ ਮੇਅਰਾਂ ਨੂੰ ਮੁੱਖ ਮੰਤਰੀ ਦੇ ਘਰ ਦੇ ਮੁੱਖ ਗੇਟ ਦੇ ਬਾਹਰ ਧਰਨੇ ‘ਤੇ ਬਿਠਾਇਆ ਹੈ ਅਤੇ ਇਸ ਬਹਾਨੇ ਦੀ ਵਰਤੋਂ ਕਰਦਿਆਂ ਪੁਲਿਸ ਨੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਬੈਰੀਕੇਰਡਸ ਲਗਾ ਦਿੱਤੇ ਹਨ। ਜਿਸ ਕਾਰਨ ਨਾ ਤਾਂ ਕੋਈ ਕੇਜਰੀਵਾਲ ਨੂੰ ਮਿਲਣ ਆ ਸਕਦਾ ਹੈ ਤੇ ਨਾ ਹੀ ਕੋਈ ਬਾਹਰ ਜਾ ਸਕਦਾ ਹੈ।
ਇਸ ਤੋਂ ਇਲਾਵਾ ‘AAP’ ਨੇ ਦੋਸ਼ ਲਾਇਆ ਹੈ ਕਿ ਅੱਜ ਭਾਰਤ ਬੰਦ ਕਾਰਨ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ‘ਤੇ ਦਿੱਲੀ ਪੁਲਿਸ ਵੱਲੋਂ ਅਜਿਹਾ ਕੀਤਾ ਗਿਆ ਹੈ। ਪਾਰਟੀ ਨੇਤਾ ਸੌਰਭ ਭਾਰਦਵਾਜ ਨੇ ਕਿਹਾ ਕਿ ਜਦੋਂ ਤੋਂ ਕਿਸਾਨਾਂ ਦਾ ਅੰਦੋਲਨ ਦਿੱਲੀ ਪਹੁੰਚਿਆ ਹੈ, ਕੇਂਦਰ ਸਰਕਾਰ ਘਬਰਾ ਗਈ ਹੈ । ਦਿੱਲੀ ਸਟੇਡੀਅਮ ਨੂੰ ਜੇਲ੍ਹ ਬਣਾਉਣਾ ਚਾਹੁੰਦੀ ਸੀ ਪਰ ਦਿੱਲੀ ਸਰਕਾਰ ਨੇ ਇਸ ਗੱਲ ਨੂੰ ਨਹੀਂ ਮੰਨਿਆ । ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰਾਲੇ ਦੇ ਇਸ਼ਾਰੇ ‘ਤੇ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਆਪਣੇ ਘਰ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਹ ਵੀ ਦੇਖੋ: ਧੁੰਦ ਦੇ ਬਾਵਜੂਦ ਠੰਡ ‘ਚ 13ਵੇਂ ਦਿਨ ਕੁੰਡਲੀ ਬਾਰਡਰ ‘ਤੇ ਡਟੇ ਕਿਸਾਨ, ਦੇਖੋ ਸਵੇਰ ਦੀਆਂ LIVE ਤਸਵੀਰਾਂ…