Kejriwal under house arrest : ਨਵੀਂ ਦਿੱਲੀ: ਦਿੱਲੀ ਵਿੱਚ ਆਮ ਆਦਮੀ ਪਾਰਟੀ ਨੇ ਭਾਜਪਾ ‘ਤੇ ਵੱਡਾ ਇਲਜ਼ਾਮ ਲਗਾਇਆ ਹੈ। ਆਮ ਆਦਮੀ ਪਾਰਟੀ ਦੀ ਤਰਫੋਂ ਟਵੀਟ ਕਰਦਿਆਂ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਭਾਜਪਾ ਦੀ ਦਿੱਲੀ ਪੁਲਿਸ ਨੇ ਘਰ ਵਿੱਚ ਨਜ਼ਰਬੰਦ ਕੀਤਾ ਹੋਇਆ ਹੈ। ਪਾਰਟੀ ਦਾ ਕਹਿਣਾ ਹੈ ਕਿ ਕਿਸੇ ਨੂੰ ਵੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਦੀ ਆਗਿਆ ਨਹੀਂ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਕਿਸੇ ਨੂੰ ਘਰ ਤੋਂ ਬਾਹਰ ਆਉਣ ਦੀ ਆਗਿਆ ਹੈ। ‘ਆਪ’ ਦਾ ਕਹਿਣਾ ਹੈ ਕਿ ਅਜਿਹਾ ਅਰਵਿੰਦ ਕੇਜਰੀਵਾਲ ਦੇ ਕਿਸਾਨ ਅੰਦੋਲਨ ਲਈ ਸਮਰਥਨ ਦਿੱਤੇ ਜਾਣ ਕਰਕੇ ਕੀਤਾ ਜਾ ਰਿਹਾ ਹੈ। ਦਰਅਸਲ, ਦਿੱਲੀ ਵਿੱਚ ਕਿਸਾਨ ਪਿੱਛਲੇ ਕਾਫ਼ੀ ਸਮੇਂ ਤੋਂ ਨਵੇਂ ਖੇਤੀਬਾੜੀ ਕਾਨੂੰਨ ਦਾ ਵਿਰੋਧ ਕਰ ਰਹੇ ਹਨ। ਜਿਸ ਦਾ ਸਮਰਥਨ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਉਨ੍ਹਾਂ ਨੂੰ ਮਿਲਣ ਪਹੁੰਚੇ ਸਨ। ਉਸ ਸਮੇਂ ਤੋਂ, ਉਨ੍ਹਾਂ ਨੂੰ ਘਰ ਵਿੱਚ ਨਜ਼ਰਬੰਦ ਕੀਤਾ ਗਿਆ ਹੈ। ‘ਆਪ’ ਵੱਲੋਂ ਟਵੀਟ ਕਰ ਬੀਜੇਪੀ ‘ਤੇ ਵੱਡਾ ਦੋਸ਼ ਲਗਾਇਆ ਗਿਆ ਹੈ। ਜਿਸ ਵਿੱਚ ਇਹ ਕਿਹਾ ਗਿਆ ਹੈ ਕਿ ਭਾਜਪਾ ਸਿਰਫ ਬਦਲੇ ਦੀ ਰਾਜਨੀਤੀ ਤਹਿਤ ਅਜਿਹਾ ਕਰ ਰਹੀ ਹੈ।
ਇਸ ਦੇ ਨਾਲ ਹੀ ਦਿੱਲੀ ਪੁਲਿਸ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਦੇ ਘਰ ਨਜ਼ਰਬੰਦ ਕਰਨ ਦੇ ਮਾਮਲੇ ਨੂੰ ਪੂਰੀ ਤਰ੍ਹਾਂ ਗਲਤ ਦੱਸਿਆ ਗਿਆ ਹੈ। ਉੱਤਰ ਦਿੱਲੀ ਪੁਲਿਸ ਦੇ ਡੀਸੀਪੀ ਆਂਤੋ ਅਲਫੋਂਸ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਦੇ ਘਰ ਵਿੱਚ ਨਜ਼ਰਬੰਦ ਕਰਨ ਦਾ ਮਾਮਲਾ ਪੂਰੀ ਤਰ੍ਹਾਂ ਗਲਤ ਹੈ। ਦਿੱਲੀ ਦੇ ਮੁੱਖ ਮੰਤਰੀ ਹੋਣ ਕਾਰਨ ਉਹ ਜਿੱਥੇ ਚਾਹੁਣ ਘੁੰਮ ਸਕਦੇ ਹਨ। ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੋਮਵਾਰ ਸਵੇਰੇ ਅੰਦੋਲਨਕਾਰੀ ਕਿਸਾਨਾਂ ਨਾਲ ਮੁਲਾਕਾਤ ਕਰਨ ਲਈ ਸਿੰਘੂ ਸਰਹੱਦ ਪਹੁੰਚੇ ਸੀ। ਜਿਸ ਦੌਰਾਨ ਉਨ੍ਹਾਂ ਨੇ ਉਥੇ ਕਿਸਾਨਾਂ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੀ ਇਸ ਲੜਾਈ ਵਿੱਚ ਉਨ੍ਹਾਂ ਦੇ ਨਾਲ ਖੜੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਜਾਇਜ਼ ਹਨ, ਜਿਨ੍ਹਾਂ ਨੂੰ ਸਰਕਾਰ ਨੂੰ ਪੂਰਾ ਕਰਨਾ ਚਾਹੀਦਾ ਹੈ।
ਇਹ ਵੀ ਦੇਖੋ : ਮੋਦੀ ਦੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਟਿੱਚ ਜਾਣਦੇ ਨੇ ਇਹ ਨੌਜਵਾਨ