Opposition leaders to meet President Kovind: ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵੱਲੋਂ ਭਾਰਤ ਬੰਦ ਦੇ ਸੱਦੇ ਤੋਂ ਬਾਅਦ ਵਿਰੋਧੀ ਧਿਰ ਰਾਸ਼ਟਰਪਤੀ ਦਾ ਦਰਵਾਜ਼ਾ ਖੜਕਾਏਗੀ । ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਐਨਸੀਪੀ ਮੁਖੀ ਸ਼ਰਦ ਪਵਾਰ ਅਤੇ ਸੀਪੀਐਮ ਨੇਤਾ ਸੀਤਾਰਾਮ ਯੇਚੁਰੀ ਇਸ ਵਫ਼ਦ ਵਿੱਚ ਸ਼ਾਮਿਲ ਹੋਣਗੇ। ਵਿਰੋਧੀ ਧਿਰ ਦੇ ਨੇਤਾ ਅੱਜ ਯਾਨੀ ਕਿ ਬੁੱਧਵਾਰ ਸ਼ਾਮ 5 ਵਜੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕਰਨਗੇ ।
ਇਸ ਸਬੰਧੀ ਸੀਪੀਐਮ ਨੇਤਾ ਸੀਤਾਰਾਮ ਯੇਚੁਰੀ ਨੇ ਦੱਸਿਆ ਕਿ ਵਿਰੋਧੀ ਧਿਰ ਦੇ ਨੇਤਾ ਬੁੱਧਵਾਰ ਯਾਨੀ ਕਿ ਅੱਜ ਸ਼ਾਮ 5 ਵਜੇ ਰਾਸ਼ਟਰਪਤੀ ਨੂੰ ਮਿਲਣਗੇ । ਕੋਰੋਨਾ ਪ੍ਰੋਟੋਕੋਲ ਦੇ ਕਾਰਨ ਸਿਰਫ ਪੰਜ ਨੇਤਾਵਾਂ ਨੂੰ ਰਾਸ਼ਟਰਪਤੀ ਨੂੰ ਮਿਲਣ ਦੀ ਆਗਿਆ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਐਨਸੀਪੀ ਮੁਖੀ ਸ਼ਰਦ ਪਵਾਰ ਨੇ ਕਿਹਾ ਸੀ ਕਿ ਰਾਸ਼ਟਰਪਤੀ ਨੂੰ ਮਿਲਣ ਤੋਂ ਪਹਿਲਾਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਤਿੰਨੋਂ ਖੇਤੀ ਕਾਨੂੰਨਾਂ ਬਾਰੇ ਵਿਚਾਰ ਵਟਾਂਦਰੇ ਕਰਕੇ ਸਮੂਹਿਕ ਰੁਖ ਅਪਣਾਉਣਗੇ।
ਜ਼ਿਕਰਯੋਗ ਹੈ ਕਿ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ‘ਤੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਵਾਲੇ ਵਫ਼ਦ ਵਿੱਚ ਸ਼ਾਮਿਲ ਪਾਰਟੀਆਂ ਭਾਰਤ ਬੰਦ ਦਾ ਸਮਰਥਨ ਕਰ ਚੁੱਕੀਆਂ ਹਨ। ਦਰਅਸਲ, ਭਾਜਪਾ ਨੇ ਐਨਸੀਪੀ ਮੁਖੀ ਸ਼ਰਦ ਪਵਾਰ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਸੀ ਕਿ ਯੂਪੀਏ ਸਰਕਾਰ ਵਿੱਚ ਖੇਤੀਬਾੜੀ ਮੰਤਰੀ ਹੋਣ ਦੇ ਨਾਤੇ ਸ਼ਰਦ ਪਵਾਰ ਨੇ ਰਾਜਾਂ ਨੂੰ APMC ਐਕਟ ਵਿੱਚ ਸੋਧ ਕਰਨ ਲਈ ਕਿਹਾ ਸੀ। ਪਵਾਰ ਨੇ ਰਾਜਾਂ ਨੂੰ ਚੇਤਾਵਨੀ ਦਿੱਤੀ ਕਿ ਜੇ ਸੁਧਾਰ ਨਾ ਕੀਤੇ ਗਏ ਤਾਂ ਕੇਂਦਰ ਵੱਲੋਂ ਵਿੱਤੀ ਸਹਾਇਤਾ ਮੁਹੱਈਆ ਨਹੀਂ ਕਰਵਾਈ ਜਾਵੇਗੀ, ਪਰ ਹੁਣ ਪਵਾਰ ਖੁਦ ਵਿਰੋਧ ਕਰ ਰਹੇ ਹਨ।
ਦੱਸ ਦੇਈਏ ਕਿ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ 6ਵੇਂ ਦੌਰ ਦੀ ਗੱਲਬਾਤ ਤੋਂ ਇੱਕ ਦਿਨ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਿਛਲੇ 12 ਦਿਨਾਂ ਤੋਂ ਚਾਹਲ ਰਹੇ ਗਤਿਰੋਧ ਨੂੰ ਖਤਮ ਕਰਨ ਦੀ ਕੋਸ਼ਿਸ਼ ਦੇ ਤਹਿਤ ਮੰਗਲਵਾਰ ਨੂੰ ਕਿਸਾਨ ਨੇਤਾਵਾਂ ਦੇ ਸਮੂਹ ਨਾਲ ਗੱਲਬਾਤ ਕੀਤੀ । ਹਾਲਾਂਕਿ ਬੈਠਕ ਤੋਂ ਬਾਅਦ ਵੀ ਗਤਿਰੋਧ ਟੁੱਟਣ ਦੇ ਕੋਈ ਸੰਕੇਤ ਨਹੀਂ ਮਿਲੇ ਹਨ । ਉੱਥੇ ਹੀ ਬੁੱਧਵਾਰ ਨੂੰ ਹੋਣ ਵਾਲੀ ਗੱਲਬਾਤ ਵੀ ਮੁਲਤਵੀ ਕਰ ਦਿੱਤੀ ਗਈ ਹੈ । ਦੇਰ ਰਾਤ ਹੋਈ ਮੀਟਿੰਗ ਤੋਂ ਬਾਅਦ ਕਿਸਾਨ ਨੇਤਾ ਹਨਨ ਮੁਲਾ ਨੇ ਭਰਾ ਆਉਂਦਿਆਂ ਕਿਹਾ, “ਸਰਕਾਰ ਬਿੱਲ ਵਾਪਸ ਲੈਣ ਲਈ ਤਿਆਰ ਨਹੀਂ ਹੈ।” ਸਰਕਾਰ ਬੁੱਧਵਾਰ ਨੂੰ ਏਪੀਐਮਸੀ ਐਕਟ ਸਮੇਤ ਹੋਰ ਮੁੱਦਿਆਂ ‘ਤੇ ਕਿਸਾਨਾਂ ਨੂੰ ਲਿਖਤੀ ਪ੍ਰਸਤਾਵ ਦੇਵੇਗੀ । ਗ੍ਰਹਿ ਮੰਤਰੀ ਨੇ ਕਿਹਾ, ਕਿਸਾਨ ਇਸ ਪ੍ਰਸਤਾਵ ‘ਤੇ ਵਿਚਾਰ ਕਰਨ, ਫਿਰ ਬੈਠਕ ਹੋਵੇਗੀ।