Mp bhopal farmers protest: ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦੇ ਵਿਰੁੱਧ ਸੜਕਾਂ ‘ਤੇ ਉੱਤਰੇ ਕਿਸਾਨ ਹੁਣ ਪਿੱਛੇ ਹੱਟਣ ਦਾ ਨਾਮ ਨਹੀਂ ਲੈ ਰਹੇ ਅਤੇ ਉਹ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਕਿਸਾਨਾਂ ਦਾ ਸੰਘਰਸ਼ ਲੰਬੇ ਸਮੇਂ ਤੋਂ ਜਾਰੀ ਹੈ। ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਅੱਜ 14 ਵੇਂ ਦਿਨ ਵੀ ਜਾਰੀ ਹੈ। ਕਿਸਾਨ ਸੰਗਠਨਾਂ ਵੱਲੋਂ ਮੰਗਲਵਾਰ ਨੂੰ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਭਾਰਤ ਬੰਦ ਬੁਲਾਇਆ ਗਿਆ ਸੀ ਜੋ ਸ਼ਾਂਤਮਈ ਰਿਹਾ ਅਤੇ ਇਸ ਦਾ ਦੇਸ਼ ਵਿਆਪੀ ਪ੍ਰਭਾਵ ਦੇਖਣ ਨੂੰ ਮਿਲਿਆ। ਮੰਗਲਵਾਰ ਦੀ ਦੇਰ ਰਾਤ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ 13 ਕਿਸਾਨ ਨੇਤਾਵਾਂ ਦੀ ਮੁਲਾਕਾਤ ਬੇਸਿੱਟਾ ਰਹੀ। ਅਚਾਨਕ ਬੁਲਾਈ ਗਈ ਬੈਠਕ ਵਿੱਚ ਇੱਕ ਹੱਲ ਦੀ ਉਮੀਦ ਕੀਤੀ ਜਾ ਰਹੀ ਸੀ। ਪਰ ਕਿਸਾਨ ਆਗੂ ਆਪਣੀਆਂ ਮੰਗਾਂ ਤੋਂ ਪਿੱਛੇ ਹੱਟਣ ਲਈ ਤਿਆਰ ਨਹੀਂ ਹਨ। ਦੂਜੇ ਪਾਸੇ, ਸਰਕਾਰ ਨੇ ਵੀ ਆਪਣਾ ਇਰਾਦਾ ਸਪੱਸ਼ਟ ਕਰ ਦਿੱਤਾ ਹੈ ਕਿ ਕਾਨੂੰਨ ਵਾਪਿਸ ਨਹੀਂ ਕੀਤੇ ਜਾਣਗੇ।
ਦਿੱਲੀ ਵਿੱਚ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਲਈ ਮੰਗਲਵਾਰ ਨੂੰ ਭੋਪਾਲ ਵਿੱਚ ਵੀ ਕੁੱਝ ਕਿਸਾਨ ਵਿਰੋਧ ਪ੍ਰਦਰਸ਼ਨ ਕਰਨ ਲਈ ਸੜਕਾਂ ‘ਤੇ ਉੱਤਰੇ। ਭੋਪਾਲ ਦੇ ਚੂਨਾ ਭੱਟੀ ਖੇਤਰ ਵਿੱਚ ਤਕਰੀਬਨ 50 ਕਿਸਾਨ ਧਰਨਾ ਦੇ ਰਹੇ ਸਨ ਜਿੱਥੇ ਪੁਲਿਸ ਨੇ ਅੱਧੀ ਰਾਤ ਤੋਂ ਬਾਅਦ ਕਾਰਵਾਈ ਕੀਤੀ ਅਤੇ ਕਿਸਾਨਾਂ ਨੂੰ ਉਥੋਂ ਹਟਾ ਦਿੱਤਾ। ਜਦੋਂ ਕਿਸਾਨਾਂ ਨੂੰ ਪ੍ਰਦਰਸ਼ਨ ਲਈ ਤਹਿ ਕੀਤੇ ਨੀਲਮ ਪਾਰਕ ਵੱਲ ਜਾਣ ਤੋਂ ਰੋਕਿਆ ਗਿਆ ਤਾਂ ਉਹ ਭਾਰੀ ਆਵਾਜਾਈ ਵਾਲੀ ਸੜਕ ਤੇ ਬੈਠ ਗਏ ਅਤੇ ਇੱਕ ਲੇਨ ਵਿੱਚ ਦਰਜਨ ਤੋਂ ਵੱਧ ਟਰੈਕਟਰ-ਟਰਾਲੀਆਂ ਖੜ੍ਹੀਆਂ ਕਰ ਦਿੱਤੀਆਂ। ਸੀਨੀਅਰ ਪੁਲਿਸ ਅਧਿਕਾਰੀਆਂ ਨੇ ਕਿਸੇ ਵੀ ਕਾਰਵਾਈ ਤੋਂ ਇਨਕਾਰ ਕੀਤਾ ਹੈ ਅਤੇ ਦਾਅਵਾ ਕੀਤਾ ਹੈ ਕਿ ਕਿਸਾਨਾਂ ਨੇ ਖੁਦ ਅੱਧੀ ਰਾਤ ਤੋਂ ਬਾਅਦ ਧਰਨਾ ਖਤਮ ਕਰ ਦਿੱਤਾ ਸੀ। ਹਾਲਾਂਕਿ, ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਚੂਨਾ ਭੱਟੀ ਸੜਕ ਨੂੰ ਟਰੈਫਿਕ ਲਈ ਖਾਲੀ ਕਰਵਾਉਣਾ ਚਾਹੀਦਾ ਹੈ, ਨਾਲ ਹੀ ਕਿਹਾ ਕਿ, “ਕਿਸਾਨ ਅੱਧੀ ਰਾਤ ਤੋਂ ਬਾਅਦ ਆਪਣੇ ਟਰੈਕਟਰ-ਟਰਾਲੀਆਂ ਲੈ ਕੇ ਆਪਣੇ ਆਪ ਹੀ ਚਲੇ ਗਏ।”
ਮੰਗਲਵਾਰ ਨੂੰ, ਵਿਦੀਸ਼ਾ ਅਤੇ ਰਾਏਸੇਨ ਦੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਐਲਾਨ ਕੀਤਾ ਸੀ ਕਿ ਉਨ੍ਹਾਂ ਕੋਲ ਕਾਫ਼ੀ ਰਾਸ਼ਨ ਹੈ ਜੋ ਕਿ ਕਈ ਮਹੀਨਿਆਂ ਤੱਕ ਚੱਲ ਸਕਦਾ ਹੈ। ਉਹ ਉਦੋਂ ਤੱਕ ਪ੍ਰਦਰਸ਼ਨ ਕਰਨਗੇ ਜਦੋਂ ਤੱਕ ਕਿਸਾਨਾਂ ਵੱਲੋਂ ਉਠਾਏ ਮਸਲਿਆਂ ਦਾ ਹੱਲ ਨਹੀਂ ਹੁੰਦਾ। ਮੰਗਲਵਾਰ ਸ਼ਾਮ ਨੂੰ ਕਿਸਾਨਾਂ ਨੇ ਸੜਕ ‘ਤੇ ਹੀ ਖਾਣਾ ਖਾਧਾ ਸੀ। ਇਸ ਦੇ ਨਾਲ ਹੀ ਮੱਧ ਪ੍ਰਦੇਸ਼ ਦੀ ਬੀਜੇਪੀ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਮੰਗਲਵਾਰ ਨੂੰ ਰਾਜ ਵਿੱਚ ਕਿਸਾਨਾਂ ਦੇ ਭਾਰਤ ਬੰਦ ਦੇ ਸੱਦੇ ਦਾ ਕੋਈ ਖਾਸ ਪ੍ਰਭਾਵ ਨਹੀਂ ਹੋਇਆ। ਹਾਲਾਂਕਿ, ਕਿਸਾਨਾਂ ਨੇ ਸਰਕਾਰ ‘ਤੇ ਇਲਜ਼ਾਮ ਲਾਇਆ ਕਿ ਕਿਸਾਨਾਂ ਨੂੰ ਰਾਜ ਭਰ ਵਿੱਚ ਇਕੱਠੇ ਨਹੀਂ ਹੋਣ ਦਿੱਤਾ ਗਿਆ ਅਤੇ ਟਰੈਕਟਰ ਟਰਾਲੀਆਂ ਨੂੰ ਬੈਰੀਕੇਡ ਲਗਾ ਕੇ ਅੱਗੇ ਜਾਣ ਤੋਂ ਰੋਕਿਆ ਗਿਆ। ਚੂਨਾ ਭੱਟੀ ਆਏ ਪ੍ਰਦਰਸ਼ਨਕਾਰੀਆਂ ਨੇ ਕਿਹਾ, “ਅਸੀਂ ਸੋਮਵਾਰ ਸ਼ਾਮ ਨੂੰ ਵਿਦੀਸ਼ਾ ਅਤੇ ਰਾਏਸੇਨ ਖੇਤਰਾਂ ਤੋਂ 55 ਟਰੈਕਟਰਾਂ ਨਾਲ ਯਾਤਰਾ ਸ਼ੁਰੂ ਕੀਤੀ ਸੀ, ਪਰ ਪੁਲਿਸ ਨੇ ਬੈਰੀਕੇਡ ਲਗਾ ਕੇ ਸਾਨੂੰ ਜਾਣ ਤੋਂ ਰੋਕ ਦਿੱਤਾ।” ਸਾਡੇ ਕਈ ਟਰੈਕਟਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ, ਪਰ ਅਸੀਂ ਕੁੱਝ ਭੋਪਾਲ ਆਉਣ ਵਿੱਚ ਕਾਮਯਾਬ ਹੋ ਗਏ। ਰਾਜ ਦੇ ਕਿਸਾਨਾਂ ਦਾ ਦਾਅਵਾ ਹੈ ਕਿ ਸ਼ੀਪੁਰ ਅਤੇ ਗਵਾਲੀਅਰ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਇਸ ਅੰਦੋਲਨ ਵਿੱਚ ਸ਼ਾਮਿਲ ਹੋਣ ਲਈ ਦਿੱਲੀ ਗਏ ਹਨ।
ਇਹ ਵੀ ਦੇਖੋ : ਮੋਦੀ ਸਾਹਿਬ 1 ਨੀਂ 2 ਨੀਂ ਸਿੰਘਾਂ ਕੋਲ ਤਾਂ ਪੂਰੇ 25 ਸਾਲ ਦਾ ਕੋਟਾ ਗੁਰੂ ਦਾ ਲੰਗਰ ਨੀ ਮੁੱਕਣਾ