Proposal to secure : ਚੰਡੀਗੜ੍ਹ : ਜੰਗਲਾਤ ਵਿਭਾਗ ’ਚ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਹੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਲਈ ਤਜਵੀਜ ਬਣਾ ਕੇ ਮੁੱਖ ਮੰਤਰੀ, ਪੰਜਾਬ ਨੂੰ ਭੇਜੀ ਜਾਵੇਗੀ। ਇਹ ਪ੍ਰਗਟਾਵਾ ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਅੱਜ ਇੱਥੇ ਜੰਗਲਾਤ ਵਰਕਰ ਯੂਨੀਅਨ ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਕੀਤਾ। ਜੰਗਲਾਤ ਮੰਤਰੀ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਵਿਭਾਗ ’ਚ ਸੇਵਾ ਨਿਭਾ ਰਹੇ ਕੱਚੇ ਕਾਮਿਆਂ ਨੂੰ ਤਰਕਸੰਗਤ ਪ੍ਰਕਿਰਿਆ ਅਪਨਾ ਕੇ ਪੱਕਾ ਕਰਨ ਦੀ ਇੱਕ ਤਜਵੀਜ਼ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੰਗਲਾਤ ਕਾਮਿਆਂ ਦਾ ਸਮੁੱਚੇ ਰਿਕਾਰਡ ਦੇ ਆਧਾਰ ’ਤੇ ਸੀਨੀਆਰਤਾ ਸੂਚੀ ਬਣਾਉਣ ਦੇ ਹੁਕਮ ਵਿਭਾਗੀ ਅਧਿਕਾਰੀਆਂ ਨੂੰ ਦੇ ਦਿੱਤੇ ਗਏ ਹਨ।
ਸ. ਧਰਮਸੋਤ ਨੇ ਪਲਾਂਟੇਸ਼ਨ ਦੀ ਸਹੀ ਸਫ਼ਲਤਾ ਹਾਸਲ ਕਰਨ ਲਈ ਨਰਸਰੀਆਂ ’ਚ ਥੈਲੀਆਂ ਦੀ ਭਰਾਈ ਅਤੇ ਪਲਾਂਟੇਸ਼ਨ ਲਈ ਟੋਏ ਪੁੱਟਣ ਦਾ ਕੰਮ ਅਗੇਤੇ ਤੌਰ ’ਤੇ ਸ਼ੁਰੂ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਬੂਟੇ ਲਾਉਣ ਅਤੇ ਪਾਲਣ ਦੌਰਾਨ ਪੇਸ਼ੇਵਰਾਨਾ ਢੰਗ ਅਪਣਾਇਆ ਜਾਵੇ ਅਤੇ ਸੜਕਾਂ ਦੇ ਕਿਨਾਰਿਆਂ ’ਤੇ ਪੰਜ ਫੁੱਟ ਤੋਂ ਵੱਧ ਲੰਬਾਈ ਦੇ ਬੂਟੇ ਲਾਉਣ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਬੂਟੇ ਲਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਕਰਨੀ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਵਾਤਾਵਰਣ ਸੰਭਾਲ ਤੇ ਬੂਟੇ ਲਾਉਣ ਵਰਗੇ ਪਵਿੱਤਰ ਕਾਰਜ ਲਈ ਸੂਬੇ ਦੇ ਨਾਗਰਿਕਾਂ ਨੂੰ ਪ੍ਰੇਰਿਤ ਕਰਕੇ ਸ਼ਮੂਲੀਅਤ ਕਰਾਉਣ ’ਤੇ ਵੀ ਜ਼ੋਰ ਦਿੱਤਾ। ਸ. ਧਰਮਸੋਤ ਨੇ ਜੰਗਲਾਤ ਅਧਿਕਾਰੀਆਂ ਨੂੰ ਜੰਗਲਾਤ ਕਾਮਿਆਂ ਦੀਆਂ ਬਕਾਇਆ ਅਦਾਇਗੀਆਂ ਤੁਰੰਤ ਜਾਰੀ ਕਰਾਉਣ, ਵਰਦੀਆਂ ਸਬੰਧੀ ਬਕਾਇਆ ਰਾਸ਼ੀ ਜਲਦ ਜਾਰੀ ਕਰਨ ਅਤੇ ਇਸ ਤੋਂ ਇਲਾਵਾ ਸੂਬੇ ਭਰ ’ਚ ਡੇਲੀਵੇਜ਼ ਰੇਟ ਇਕਸਾਰਤਾ ਨਾਲ ਲਾਗੂ ਕਰਵਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ। ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਜੰਗਲਾਤ ਕਾਮਿਆਂ ਨੂੰ ਅਦਾਇਗੀਆਂ ਕਰਨ ਲਈ ਵਿਭਾਗੀ ਪ੍ਰਕਿਰਿਆ ਅਪਣਾਉਣ ਸਬੰਧੀ ਵਫ਼ਦ ਦੀ ਮੰਗ ’ਤੇ ਵਿਚਾਰ ਕਰਨ ਦੇ ਆਦੇਸ਼ ਵੀ ਦਿੱਤੇ।
ਇਸ ਮੀਟਿੰਗ ਵਿੱਚ ਸ਼੍ਰੀ ਜਤਿੰਦਰ ਸ਼ਰਮਾ ਪ੍ਰਧਾਨ ਮੁੱਖ ਵਣਪਾਲ, ਸ਼੍ਰੀ ਅਨੂਪ ਉਪਾਧਿਆਏ ਐਮ.ਡੀ. ਜੰਗਲਾਤ ਕਾਰਪੋਰੇਸ਼ਨ, ਸ਼੍ਰੀ ਪ੍ਰਵੀਨ ਕੁਮਾਰ ਵਧੀਕ ਪ੍ਰਧਾਨ ਮੁੱਖ ਵਣਪਾਲ, ਸ਼੍ਰੀ ਆਰ. ਕੇ. ਮਿਸ਼ਰਾ ਵਧੀਕ ਪ੍ਰਧਾਨ ਮੁੱਖ ਵਣਪਾਲ ਜੰਗਲੀ ਜੀਵ, ਸ਼੍ਰੀ ਵਿਸ਼ਾਲ ਚੌਹਾਨ ਵਣਪਾਲ ਸ਼ਿਵਾਲਿਕ ਤੋਂ ਇਲਾਵਾ ਜੰਗਲਾਤ ਵਰਕਰ ਯੂਨੀਅਨ ਦੇ ਨੁਮਾਇੰਦੇ ਸ਼੍ਰੀ ਅਮਰੀਕ ਸਿੰਘ, ਸ੍ਰੀ ਬਲਵੀਰ ਸਿੰਘ, ਸ਼੍ਰੀ ਰਣਜੀਤ ਸਿੰਘ, ਸ਼੍ਰੀ ਜਸਵੀਰ ਸਿੰਘ, ਸ਼੍ਰੀ ਗੁਰਬਿੰਦਰ ਸਿੰਘ ਅਤੇ ਸ਼੍ਰੀ ਸ਼ਿਵ ਕੁਮਾਰ ਆਦਿ ਹਾਜ਼ਰ ਸਨ।