amrinder gill support farmers: ਕਿਸਾਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਲਗਾਤਾਰ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ, ਜਦਕਿ ਸਰਕਾਰ ਵੀ ਪਿੱਛੇ ਹੱਟਣ ਦੇ ਮੂਡ ਵਿੱਚ ਨਹੀਂ ਹੈ। ਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਅੱਜ 17 ਵੇਂ ਦਿਨ ਵੀ ਜਾਰੀ ਹੈ। ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ ਕਰ ਚੁੱਕੇ ਕਿਸਾਨ ਪਿੱਛੇ ਹੱਟਣ ਲਈ ਤਿਆਰ ਨਹੀਂ ਹਨ। ਖੇਤੀ ਬਿੱਲਾਂ ਨੂੰ ਵਾਪਿਸ ਕਰਵਾਉਣ ਲਈ ਸਰਕਾਰ ‘ਤੇ ਚਾਰੇ ਪਾਸੇ ਤੋਂ ਦਬਾਅ ਬਣਾਇਆ ਜਾ ਰਿਹਾ ਹੈ । ਗਾਇਕ ਅਮਰਿੰਦਰ ਗਿੱਲ ਤੇ ਉਹਨਾਂ ਦੇ ਸਾਥੀਆਂ ਨੇ ਇਸ ਸਬੰਧ ਵਿੱਚ ਵੱਡਾ ਕਦਮ ਚੁੱਕਿਆ ਹੈ। ਅਮਰਿੰਦਰ ਗਿੱਲ ਤੇ ਉਨ੍ਹਾਂ ਦੇ ਭਰਾ ਕਾਰਜ ਗਿੱਲ ਦੀ ਕੰਪਨੀ ‘ਰਿਧਮ ਬੁਆਏਜ਼ ਐਂਟਰਟੇਨਮੈਂਟ’ ਨੇ ‘ਜੀਓ ਸਾਵਨ’ ਤੋਂ ਆਪਣਾ ਸਾਰਾ ਕੰਟੈਂਟ ਹਟਾਉਣ ਦਾ ਐਲਾਨ ਕੀਤਾ ਹੈ ।
ਜਿਸ ਦੀ ਜਾਣਕਾਰੀ ‘ਰਿਧਮ ਬੁਆਏਜ਼ ਐਂਟਰਟੇਨਮੈਂਟ’ ਨੇ ਆਪਣੇ ਫੇਸਬੁੱਕ ’ਤੇ ਇਕ ਪੋਸਟ ਸਾਂਝੀ ਕਰਕੇ ਦਿੱਤੀ ਹੈ । ਇਸ ਪੋਸਟ ਨੂੰ ਸਾਂਝਾ ਕਰਦੇ ਹੋਏ ਲਿਖਿਆ ਗਿਆ ਹੈ ‘‘ਰਿਧਮ ਬੁਆਏਜ਼ ਐਂਟਰਟੇਨਮੈਂਟ’ ਵਲੋਂ ਪਹਿਲਾਂ ਤੋਂ ਹੀ ਕਿਸਾਨਾਂ ਨੂੰ ਬਿਨ੍ਹਾਂ ਸ਼ਰਤ ਸਮਰਥਨ ਦਿੱਤਾ ਜਾ ਰਿਹਾ ਹੈ ਤੇ ਅਸੀਂ ਅੰਦੋਲਨ ’ਚ ਕਿਸਾਨਾਂ ਦੇ ਨਾਲ ਹਾਂ।ਇਸ ਤੋਂ ਇਲਾਵਾ ਅਸੀਂ ‘ਜੀਓ ਸਾਵਨ’ ਡਿਜੀਟਲ ਸਟੋਰ ਤੋਂ ਆਪਣਾ ਸਾਰਾ ਕੰਟੈਂਟ ਹਟਾਉਣ ਦਾ ਫ਼ੈਸਲਾ ਕੀਤਾ ਹੈ।
‘ਰਿਧਮ ਬੁਆਏਜ਼ ਐਂਟਰਟੇਨਮੈਂਟ’ ਨਾਲ ਜੁੜੇ ਕਲਾਕਾਰ ਇਸ ਪੋਸਟ ਨੂੰ ਸੋਸ਼ਲ ਮੀਡੀਆ ਤੇ ਸਾਂਝੀ ਕਰਕੇ ਕਿਸਾਨਾਂ ਨੂੰ ਹਰ ਤਰ੍ਹਾਂ ਦਾ ਸਮਰਥਨ ਦੇ ਰਹੇ ਹਨ । ਤੁਹਾਨੂੰ ਦੱਸ ਦਿੰਦੇ ਹਾਂ ਕਿ ਕਿਸਾਨ ਵੀ ਰਿਲਇੰਸ ਦੀਆਂ ਵਸਤਾਂ ਦਾ ਬਾਈਕਾਟ ਕਰਨ ਦੀ ਅਪੀਲ ਕਰ ਰਹੇ ਹਨ । ਜਾਣਕਾਰੀ ਲਈ ਦੱਸ ਦੇਈਏ ਕਿ ਇਸ ਦੇ ਨਾਲ ਹੀ ਕਿਸਾਨਾਂ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ-ਐਨਸੀਆਰ ਅਤੇ ਉੱਤਰ ਪ੍ਰਦੇਸ਼ ਦੇ ਸਾਰੇ ਹਾਈਵੇ ਅਤੇ ਟੋਲ ਪਲਾਜ਼ਿਆਂ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।