Dr Oberoi announces 10,000 pensions : ਜਲੰਧਰ : ਕੇਂਦਰ ਦੇ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਅੰਦੋਲਨ ਵਿੱਚ ਡਟੇ ਹੋਏ ਹਨ। ਇਹ ਕਾਨੂੰਨ ਉਨ੍ਹਾਂ ਲਈ ਜ਼ਿੰਦਗੀ-ਮੌਤ ਦਾ ਲੜਾਈ ਬਣੇ ਹੋਏ ਹਨ, ਜਿਸ ਦੇ ਚੱਲਦਿਆਂ ਉਹ ਪੈ ਰਹੀ ਕੜਾਕੇ ਦੀ ਠੰਡ ਦੀ ਪਰਵਾਹ ਕੀਤੇ ਬਿਨਾਂ ਆਪਣੀ ਜਾਨ ਦਾ ਖਿਆਲ ਕੀਤੇ ਬਿਨਾਂ ਸੰਘਰਸ਼ ਕਰ ਰਹੇ ਹਨ। ਇਸ ਦੌਰਾਨ ਕਈ ਕਿਸਾਨ ਇਸ ਅੰਦੋਲਨ ਵਿੱਚ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਇਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਕੌਮਾਂਤਰੀ ਪੱਧਰ ਦੇ ਸਮਾਜ ਸੇਵਕ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ ਅੱਗੇ ਆਏ ਹਨ ਅਤੇ ਉਨ੍ਹਾਂ ਐਲਾਨ ਕੀਤਾ ਹੈ ਕਿ ਕਿਸਾਨ ਮੋਰਚੇ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਹਰ ਮਹੀਨੇ 10 ਹਜ਼ਾਰ ਰੁਪਏ ਪੈਨਸ਼ਨ ਦਿੱਤੀ ਜਾਵੇਗੀ। ਇੱਕ ਹੋਰ ਐਲਾਨ ਕਰਦੇ ਹੋਏ ਡਾ. ਓਬਰਾਏ ਨੇ ਕਿਹਾ ਕਿ ਸੰਘਰਸ਼ਸ਼ੀਲ ਕਿਸਾਨਾਂ ਦੇ ਆਗੂਆਂ ਵੱਲੋਂ ਜੋ ਵੀ ਟਰੱਸਟ ਨੂੰ ਸੇਵਾ ਲਾਈ ਜਾਵੇਗੀ ਉਸ ਦੀ ਤੁਰੰਤ ਪੂਰਤੀ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਡਾ.ਐੱਸ.ਪੀ. ਸਿੰਘ ਓਬਰਾਏ ਵੱਲੋਂ ਆਪਣੇ ਪਿਤਾ ਜੀ ਪ੍ਰੀਤਮ ਸਿੰਘ ਨੂੰ ਮਿਲਿਆ ਰਾਸ਼ਟਰਪਤੀ ਐਵਾਰਡ ਵਾਪਸ ਕੀਤਾ ਜਾਵੇਗਾ, ਉਥੇ ਹੀ ਟਰੱਸਟ ਦੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਨੇ ਵੀ ਆਪਣਾ ਰਾਸ਼ਟਰਪਤੀ ਪੁਲਿਸ ਐਵਾਰਡ ਵਾਪਸ ਕਰਨ ਦਾ ਫੈਸਲਾ ਕੀਤਾ ਹੈ। ਦੱਸ ਦੇਈਏ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅੰਦੋਲਨ ਦੌਰਾਨ ਕਿਸਾਨਾਂ ਲਈ ਲਗਾਤਾਰ ਡਾਕਟਰਾਂ ਦੀਆਂ ਟੀਮਾਂ ਲੋੜਵੰਦ ਕਿਸਾਨਾਂ ਦਾ ਇਲਾਜ ਕਰਨ ਤੋਂ ਇਲਾਵਾ ਵੱਡੇ ਪੱਧਰ ‘ਤੇ ਮੁਫਤ ਦਵਾਈਆਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਹੋਰ ਵੀ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।
ਜ਼ਿਕਰਯੋਗ ਹੈ ਕਿ ਹੁਣ ਤੱਕ ਕਿਸਾਨ ਅੰਦੋਲਨ ਦੌਰਾਨ 15 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ ਪਰ ਫਿਰ ਵੀ ਕਿਸਾਨਾਂ ਆਪਣੇ ਫੈਸਲੇ ’ਤੇ ਪੂਰੀ ਤਰ੍ਹਾਂ ਪੱਕੇ ਹਨ ਕਿ ਉਹ ਇਹ ਕਾਨੂੰਨ ਰੱਦ ਕਰਵਾਏ ਬਿਨਾਂ ਵਾਪਿਸ ਨਹੀਂ ਜਾਣਗੇ। ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਅੱਜ 17 ਵੇਂ ਦਿਨ ਵੀ ਜਾਰੀ ਹੈ। ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ ਕਰ ਚੁੱਕੇ ਕਿਸਾਨ ਪਿੱਛੇ ਹੱਟਣ ਲਈ ਤਿਆਰ ਨਹੀਂ ਹਨ । ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਨੇ ਆਪਣੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ । ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਸਣੇ ਕਈ ਥਾਵਾਂ ‘ਤੇ ਕਿਸਾਨਾਂ ਨੂੰ ਟੋਲ ਫ੍ਰੀ ਕਰਨ ਤੋਂ ਬਾਅਦ ਵੱਖ-ਵੱਖ ਰਾਜਾਂ ਦੇ ਕਿਸਾਨਾਂ ਦੇ ਜੱਥੇ ਦਿੱਲੀ ਕੂਚ ਕਰਨ ਵਿੱਚ ਲੱਗੇ ਹੋਏ ਹਨ ।