SGPC asks pilgrims going : ਪਾਕਿਸਤਾਨ ਦੇ ਹਸਨ ਅਬਦਾਲ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਧੂਮਧਾਮ ਨਾਲ ਮਨਾਇਆ ਜਾਂਦਾ ਹੈ, ਜਿਸ ਵਿੱਚ ਭਾਰਤ ਦੀਆਂ ਸਿੱਖ ਸੰਗਤਾਂ ਵੀ ਹਿੱਸਾ ਲੈਂਦੀਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਉਣ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਤੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। ਉਹ ਇਹ ਪਾਸਪੋਰਟ 31 ਦਸੰਬਰ ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾ ਸਕਦੇ ਹਨ।
ਦੱਸ ਦੇਈਏ ਕਿ ਵਿਸਾਖੀ ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਲਈ ਸ਼ਰਧਾਲੂਆਂ ਦਾ ਇਹ ਜਥਾ ਅਪ੍ਰੈਲ 2021 ਵਿਚ ਪਾਕਿਸਤਾਨ ਜਾਵੇਗਾ। ਇਸ ਦੀ ਜਾਣਕਾਰੀ ਐਸਜੀਪੀਸੀ ਦੇ ਮੁੱਖ ਸਕੱਤਰ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸਿੱਖ ਸ਼ਰਧਾਲੂ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸਿਫਾਰਸ਼ ਸਮੇਤ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ 31 ਦਸੰਬਰ ਤੱਕ ਭੇਜ ਸਕਦੇ ਹਨ। ਸ਼ਰਧਾਲੂਆਂ ਲਈ ਆਪਣਾ ਪਛਾਣ ਪੱਤਰ ਅਤੇ ਰਿਹਾਇਸ਼ੀ ਪਤੇ ਦਾ ਸਬੂਤ ਦੇਣਾ ਵੀ ਜ਼ਰੂਰੀ ਹੋਵੇਗਾ।
ਪਛਾਣ ਪੱਤਰ ਅਤੇ ਰਿਹਾਇਸ਼ ਸਬੰਧੀ ਦਸਤਾਵੇਜ਼ ਵਜੋਂ ਅਧਾਰ ਕਾਰਡ ਜਾਂ ਵੋਟਰ ਕਾਰਡ ਦੀਆਂ ਫੋਟੋ ਕਾਪੀਆਂ ਦਿੱਤੀਆਂ ਜਾ ਸਕਦੀਆਂ ਹਨ। ਇਸ ਦੇ ਨਾਲ ਹੀ ਸ਼ਰਧਾਲੂ ਪਾਸਪੋਰਟ ਸਾਈਜ਼ ਦੀਆਂ ਤਾਜ਼ਾ ਫੋਟੋਆਂ ਵੀ ਜ਼ਮ੍ਹਾਂ ਕਰਵਾਉਣ। ਦੱਸਣਯੋਗ ਹੈ ਕਿ ਗੁਰਦੁਆਰਾ ਪੰਜਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਬਹੁਤ ਹੀ ਸ਼ਾਨਦਾਰ ਢੰਗ ਨਾਲ ਮਨਾਇਆ ਜਾਂਦਾ ਹੈ ਅਤੇ ਸਮਾਗਮਾਂ ਦਾ ਆਯੋਜਨ ਕੀਤਾ ਜਾਂਦਾ ਹੈ। ਹਰ ਸਾਲ ਦੁਨੀਆ ਦੇ ਵੱਖ-ਵੱਖ ਹਿੱਸਿਆਂ ਤੋਂ ਹਜ਼ਾਰਾਂ ਸਿੱਖ ਯਾਤਰੀ ਵਿਸਾਖੀ ਦੇ ਮੇਲੇ ਤੇ ਗੁਰਦੁਆਰਾ ਪੰਜਾ ਸਾਹਿਬ ਵਿਖੇ ਨਤਮਸਤਕ ਹੁੰਦੇ ਹਨ।