Farmers on hunger : ਨਵੀਂ ਦਿੱਲੀ : ਸਰਕਾਰ ਕਿਸਾਨਾਂ ਨੂੰ ਮਨਾਉਣ ਅਤੇ ਅੰਦੋਲਨ ਨੂੰ ਖਤਮ ਕਰਨ ਲਈ ਸਰਗਰਮ ਹੈ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਘਰ ਪਹੁੰਚੇ ਹਨ। ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਵੀ ਕਿਸਾਨਾਂ ਨੂੰ ਯਕੀਨ ਦਿਵਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਤੋਮਰ ਅਤੇ ਰਾਜਨਾਥ ਸਿੰਘ ਦੋਵੇਂ ਸਾਰਿਆਂ ਨਾਲ ਵੱਖਰੇ ਤੌਰ ‘ਤੇ ਗੱਲ ਕਰਨਗੇ, ਪਰ ਪੰਜਾਬ ਦੇ ਕਿਸਾਨ ਨੇਤਾਵਾਂ ਦੀ ਜ਼ਿੰਮੇਵਾਰੀ ਅਮਿਤ ਸ਼ਾਹ ਨੇ ਆਪਣੇ ਕੋਲ ਰੱਖੀ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਸਤੇਂਦਰ ਜੈਨ, ਗੋਪਾਲ ਰਾਏ ਅਤੇ ਆਮ ਆਦਮੀ ਪਾਰਟੀ ਦੇ ਹੋਰ ਆਗੂ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਭੁੱਖ ਹੜਤਾਲ ’ਤੇ ਬੈਠ ਗਏ ਹਨ।
ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 19ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਇਸ ਅੰਦੋਲਨ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕਿਸਾਨਾਂ ਦੀ ਭੁੱਖ ਹੜਤਾਲ ਸ਼ੁਰੂ ਹੋ ਗਈ ਹੈ । ਰਾਜਸਥਾਨ ਦੇ ਸ਼ਾਹਜਹਾਂਪੁਰ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਸਰਹੱਦ ‘ਤੇ ਅੰਦੋਲਨ ਕਰ ਰਹੇ ਹਨ ਅਤੇ ਭੁੱਖ ਹੜਤਾਲ ‘ਤੇ ਹਨ । ਦਿੱਲੀ ਵਿੱਚ ਵੀ ਸਿੰਘੂ, ਟਿੱਕਰੀ, ਗਾਜੀਪੁਰ ਸਰਹੱਦ ‘ਤੇ ਕਿਸਾਨਾਂ ਦਾ ਧਰਨਾ ਜਾਰੀ ਹੈ।
ਕੇਂਦਰ ਸਰਕਾਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਖੇਤੀ ਕਾਨੂੰਨਾ ਵਿੱਚ ਸੋਧ ਕੀਤੀ ਜਾਵੇਗੀ, ਪਰ ਇਨਾਂ ਨੂੰ ਰੱਦ ਨਹੀਂ ਕੀਤਾ ਜਾਵੇਗਾ। ਦੂਜੇ ਪਾਸੇ ਭਾਰਤ ਦੇ ਸਾਰੇ ਕਿਸਾਨ ਤੇ ਹਰ ਵਰਗ ਦੇ ਲੋਕ ਇਸ ਗੱਲ ‘ਤੇ ਅੜੇ ਹੋਏ ਹਨ ਕਿ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕੀਤਾ ਜਾਵੇ। 19 ਦਸੰਬਰ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਤੇ ਜਾਣ ਸਬੰਧੀ ਜਾਣਕਾਰੀ ਗੁਰਨਾਮ ਸਿੰਘ ਚਡੂਨੀ ਵੱਲੋਂ ਦਿੱਤੀ ਗਈ ਹੈ।
ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੂਰਜੇਵਾਲਾ ਨੇ ਇਹ ਵੀ ਕਿਹਾ ਕਿ ਮੋਦੀ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਆਪਣੀ ‘ਹਉਮੈ’ ਨੂੰ ਤਿਆਗ ਦੇਵੇ ਅਤੇ ਆਪਣੇ ‘ਕਾਲੇ ਕਾਨੂੰਨਾਂ’ ਨੂੰ ਵਾਪਿਸ ਲਵੇ ਅਤੇ ਆਪਣੇ ਧਰਮ ਦੀ ਪਾਲਣਾ ਕਰੇ ਕਿਉਂਕਿ ਇਹ ਕਾਨੂੰਨ ਖੇਤੀਬਾੜੀ ਸੈਕਟਰ ਅਤੇ ਕਿਸਾਨਾਂ ਦੀ ਰੋਜ਼ੀ-ਰੋਟੀ ਲਈ ਖ਼ਤਰਾ ਹਨ।