Demonstration by farmers in Haryana : ਹਰਿਆਣਾ : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 19ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ ।ਉਥੇ ਹੀ ਹਰਿਆਣਾ ਵਿੱਚ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਧਰਨੇ ‘ਤੇ ਬੈਠੇ ਕਿਸਾਨਾਂ ਨੇ ਸੋਮਵਾਰ ਨੂੰ ਜ਼ਿਲ੍ਹਾ ਹੈੱਡਕੁਆਰਟਰ ਵਿੱਚ ਰੋਸ ਪ੍ਰਦਰਸ਼ਨ ਕੀਤਾ। ਹਰਿਆਣਾ ਵਿਚ ਵੀ ਜ਼ਿਲ੍ਹਿਆਂ ਦੇ ਕਿਸਾਨਾਂ ਨੇ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ। ਕੈਥਲ ਦੇ ਮਿਨੀ ਸਕੱਤਰੇਤ ਵਿੱਚ ਕਿਸਾਨ ਭੁੱਖ ਹੜਤਾਲ ’ਤੇ ਬੈਠੇ। ਇਕੱਠੇ ਹੋ ਕੇ ਜ਼ਿਲ੍ਹੇ ਭਰ ਦੇ ਕਿਸਾਨਾਂ ਦੇ ਜਥੇ ਮਿਨੀ ਸਕੱਤਰੇਤ ਪਹੁੰਚ ਰਹੇ ਹਨ। ਹੌਲੀ-ਹੌਲੀ ਦੁਪਹਿਰ ਤੱਕ ਕਿਸਾਨਾਂ ਦੀ ਗਿਣਤੀ ਇੱਕ ਹਜ਼ਾਰ ਦੇ ਕਰੀਬ ਹੋ ਗਈ। ਪ੍ਰਸ਼ਾਸਨ ਸਥਿਤੀ ‘ਤੇ ਨਜ਼ਰ ਰੱਖ ਰਿਹਾ ਹੈ। ਕਿਸਾਨ ਜਥੇਬੰਦੀਆਂ ਅਤੇ ਕਿਸਾਨ ਸਰਕਾਰ ਤੋਂ ਕਾਨੂੰਨ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਨਾਅਰੇਬਾਜ਼ੀ ਕਰ ਰਹੇ ਹਨ। ਫਤਿਹਾਬਾਦ ਮਿਨੀ ਸਕੱਤਰੇਤ ਪਹੁੰਚੇ ਕਿਸਾਨਾਂ ਨੇ ਪ੍ਰਦਰਸ਼ਨ ਕੀਤਾ।
ਫਤਿਆਬਾਦ ਵਿੱਚ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਅਤੇ ਕਿਸਾਨ ਸਭਾ ਦੀ ਅਗਵਾਈ ਵਿੱਚ ਸਵੇਰੇ 11 ਵਜੇ ਕਿਸਾਨ ਮਿਨੀ ਸਕੱਤਰੇਤ ਪਹੁੰਚੇ। ਕਿਸਾਨਾਂ ਨੇ ਮਿਨੀ ਸਕੱਤਰੇਤ ਦੇ ਕੰਪਲੈਕਸ ਦੇ ਅੰਦਰ ਟਰੈਕਟਰ ਵਾੜ ਦਿੱਤੇ, ਜਿਥੇ ਪੁਲਿਸ ਨੇ ਬੈਰੀਕੇਡ ਲਗਾਏ ਹੋਏ ਸਨ। ਉਥੇ ਰੁਕ ਕੇ ਕਿਸਾਨਾਂ ਨੇ ਦੇਰ ਤੱਕ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਬਾਅਦ ਵਿਚ ਕਿਸਾਨਾਂ ਨੂੰ ਸਮਝਾਇਆ ਗਿਆ ਅਤੇ ਮਿਨੀ ਸਕੱਤਰੇਤ ਦੇ ਗੇਟ ‘ਤੇ ਪਾਰਕ ਵਿਚ ਭੇਜ ਦਿੱਤਾ ਗਿਆ।
ਕਿਸਾਨ ਆਗੂਆਂ ਨੇ ਕਿਹਾ ਕਿ ਹੁਣ ਖੇਤੀ ਅਤੇ ਜ਼ਮੀਨਾਂ ਨੂੰ ਬਚਾਉਣ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਲੋੜ ਹੈ। ਕੇਂਦਰ ਸਰਕਾਰ ਵਾਰ-ਵਾਰ ਗੱਲਬਾਤ ਦੇ ਨਾਮ ‘ਤੇ ਧੋਖਾ ਕਰ ਰਹੀ ਹੈ, ਪਰ ਹੁਣ ਲੜਾਈ ਨੂੰ ਅੰਜਾਮ ਤੱਕ ਪਹੁੰਚਣ ਦੀ ਲੋੜ ਹੈ। ਇਸ ਦੌਰਾਨ ਮਿਨੀ ਸਕੱਤਰੇਤ ਦੇ ਅਹਾਤੇ ਵਿੱਚ ਦੋਵਾਂ ਪਾਸਿਆਂ ਤੋਂ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਕਿਸਾਨਾਂ ਵੱਲੋਂ ਸੋਨੀਪਤ ਵਿੱਚ ਗੋਹਾਨਾ ਰੋਡ ਜਾਮ ਕਰ ਦਿੱਤਾ ਗਿਆ ਅਤੇ ਸਿਰਸਾ ਵਿੱਚ ਕਿਸਾਨਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਮਿਨੀ ਸਕੱਤਰੇਤ ਦਾ ਘਿਰਾਓ ਕੀਤਾ।