Kejriwal said AAP with farmers: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 19ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਸਰਕਾਰ ਖੇਤੀਬਾੜੀ ਕਾਨੂੰਨਾਂ ਵਿੱਚ ਸੋਧ ਕਰਨ ਬਾਰੇ ਕਿਸਾਨਾਂ ਨੂੰ ਮੰਨਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਦੂਜੇ ਪਾਸੇ ਕਿਸਾਨ ਆਪਣੀਆਂ ਸਾਰੀਆਂ ਮੰਗਾਂ ਪ੍ਰਤੀ ਅੜੇ ਹੋਏ ਹਨ। ਕਿਸਾਨ ਜਥੇਬੰਦੀਆਂ ਦੇ ਸਾਰੇ ਪ੍ਰਧਾਨ ਸੋਮਵਾਰ ਨੂੰ ਇੱਕ ਰੋਜ਼ਾ ਭੁੱਖ ਹੜਤਾਲ ‘ਤੇ ਹਨ। ਕਿਸਾਨਾਂ ਦਾ ਇਹ ਵਰਤ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲੇਗਾ। ਇਸ ਸਮੇਂ ਦੌਰਾਨ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਧਰਨੇ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ।
ਇਸ ਦੌਰਾਨ ਮੀਟਿੰਗਾਂ ਦਾ ਦੌਰ ਵੀ ਜਾਰੀ ਹੈ, ਸੋਮਵਾਰ ਸਵੇਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ। ਦੂਜੇ ਪਾਸੇ, ਹਰਿਆਣਾ ਦੇ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮਿਲਣ ਲਈ ਗਏ ਸਨ। ‘ਆਪ’ ਪਾਰਟੀ ਵੀ ਅੱਜ ਕਿਸਾਨਾਂ ਦੀ ਭੁੱਖ ਹੜਤਾਲ ਦੇ ਸਮਰਥਨ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਸ਼ਡਿਊਲ ਦੇ ਅਨੁਸਾਰ ਪਾਰਟੀ ਦਫਤਰ ਪਹੁੰਚ ਗਏ ਹਨ, ਜਿਥੇ ਉਨ੍ਹਾਂ ਨੇ ਆਪਣੀ ਇੱਕ ਰੋਜ਼ਾ ਭੁੱਖ ਹੜਤਾਲ ਖਤਮ ਕੀਤੀ ਹੈ। ਸੀ ਐਮ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਅਤੇ ਐਮਸੀਪੀ ਦੀ ਗਰੰਟੀ ਦੀ ਗੱਲ ਵੀ ਕੀਤੀ ਹੈ।ਪਾਰਟੀ ਦਫ਼ਤਰ ਪਹੁੰਚਣ ਤੋਂ ਬਾਅਦ, ਕੇਜਰੀਵਾਲ ਨੇ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਨਾਲ ਹੈ। ਉਨ੍ਹਾਂ ਕਿਹਾ, “ਜੇ ਕਿਸਾਨ ਜਾਂ ਨੌਜਵਾਨ ਮੁਸੀਬਤ ਵਿੱਚ ਹਨ ਤਾਂ ਦੇਸ਼ ਕਿਸ ਤਰ੍ਹਾਂ ਖੁਸ਼ ਹੋ ਸਕਦਾ ਹੈ। ਪਰ ਅੱਜ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਅੱਜ ਭਾਰਤ ਉਨ੍ਹਾਂ ਦੇ ਨਾਲ ਹੈ।”